ਪੇਂਡੂ ਅਤੇ ਸ਼ਹਿਰੀ ਇਲਾਕਿਆਂ ਦੇ ਵਾਸੀਆਂ ਨੂੰ ਵੱਡਾ ਤੋਹਫਾ, ਜਲ ਸਪਲਾਈ ਦੀਆਂ ਦਰਾਂ ਘਟਾਈਆਂ

0

ਚੰਡੀਗੜ੍ਹ, 18 ਅਕਤੂਬਰ 2021 :  ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਅੱਜ ਸਾਰੀਆਂ ਪੇਂਡੂ ਜਲ ਸਪਲਾਈ ਸਕੀਮਾਂ ਲਈ ਇਕ ਅਕਤੂਬਰ, 2021 ਤੋਂ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਇਸ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ ਸਾਲਾਨਾ 440 ਕਰੋੜ ਦਾ ਬੋਝ ਪਵੇਗਾ। ਇਸੇ ਦੌਰਾਨ ਮੰਤਰੀ ਮੰਡਲ ਨੇ ਸਾਰੀਆਂ ਪੇਂਡੂ ਜਲ ਸਕੀਮਾਂ ਦੀਆਂ ਸੇਵਾ ਦਰਾਂ ਵਿਚ 70 ਫੀਸਦੀ ਕਟੌਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪਿੰਡਾਂ ਵਿਚ ਹਰੇਕ ਘਰ ਲਈ ਇਹ ਦਰ ਪ੍ਰਤੀ ਮਹੀਨਾ 166 ਰੁਪਏ ਤੋਂ ਘਟਾ ਕੇ 50 ਰੁਪਏ ਹੋ ਗਈ ਹੈ।

ਮੀਟਿੰਗ ਵਿਚ ਪੇਂਡੂ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਿੱਲਾਂ ਦੇ 1168 ਕਰੋੜ ਰੁਪਏ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਬਜਟਰੀ ਸਹਾਇਤਾ/ਗਰਾਂਟ ਰਾਹੀਂ ਫੰਡ ਮੁਹੱਈਆ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ। ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੀ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ 125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ।

ਦੱਸਣਯੋਗ ਹੈ ਕਿ ਸ਼ਹਿਰੀ ਇਲਾਕਿਆਂ ਵਿਚ 125 ਗਜ਼ ਤੱਕ ਦੇ ਪਲਾਟ ਵਾਲਿਆਂ ਨੂੰ ਪਾਣੀ ਅਤੇ ਸੀਵਰਜੇ ਦੀਆਂ ਦਰਾਂ ਦੀ ਅਦਾਇਗੀ ਕਰਨ ਤੋਂ ਪਹਿਲਾਂ ਹੀ ਛੋਟ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਰਿਆਇਤਾਂ ਨਾਲ ਸ਼ਹਿਰੀ ਇਲਾਕਿਆਂ ਵਿਚ 25 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸ਼ਹਿਰਾਂ ਵਿਚ ਘਰੇਲੂ ਕੁਨੈਕਸ਼ਨਾਂ ਲਈ ਜਲ ਸਪਲਾਈ ਅਤੇ ਸੀਵਰੇਜ ਦਰਾਂ ਦੇ ਬਕਾਏ ਵੀ ਮੁਆਫ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਸਰਕਾਰ ਦੇ ਖਜ਼ਾਨੇ ਉਤੇ ਲਗਪਗ 700 ਕਰੋੜ ਰੁਪਏ ਦਾ ਬੋਝ ਪਵੇਗਾ।

ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ ਇਹ ਹੋਰ ਅਹਿਮ ਫੈਸਲੇ ਵਿਚ ਮੰਤਰੀ ਮੰਡਲ ਨੇ ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਉਨ੍ਹਾਂ ਦੀ ਸੁਰੱਖਿਅਤ ਨੌਕਰੀ ਹੋਣ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਸਿਫਾਰਸ਼ਾਂ ਰਾਜਪਾਲ ਨੂੰ ਭੇਜੀਆਂ ਮੰਤਰੀ ਮੰਡਲ ਨੇ ਸ੍ਰੀ ਜਗਬੰਸ ਸਿੰਘ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਲਈ ਸਿਫਾਰਸ਼ਾਂ ਰਾਜਪਾਲ ਨੂੰ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ।

About The Author

Leave a Reply

Your email address will not be published. Required fields are marked *