ਮੁੱਖ ਮੰਤਰੀ ਵੱਲੋਂ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ
ਚੱਠਾ (ਬਟਾਲਾ), 20 ਅਕਤੂਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਯਾਦ ਵਿੱਚ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਨਾਲ ਸ਼ਹੀਦ ਦੇ ਜੱਦੀ ਘਰ ਗਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਚੰਨੀ ਨੇ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਹਨਾਂ ਦੀ ਮਿਸਾਲੀ ਬਹਾਦਰੀ ਨੂੰ ਚੇਤੇ ਕੀਤਾ ਜਿਸ ਨੇ ਆਪਰੇਸ਼ਨ ਦੌਰਾਨ ਆਪਣੀ ਜਾਨ ਵਾਰ ਦਿੱਤੀ ਸੀ। ਉਨਾਂ ਕਿਹਾ ਕਿ ਸ਼ਹੀਦ ਵਲੋਂ ਦਿੱਤੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।
ਚੰਨੀ ਨੇ ਕਿਹਾ ਕਿ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਸਾਰੇ ਦੇਸ਼ ਵਾਸੀਆਂ ਦਾ ਸਿਰ ਫ਼ਖਰ ਨਾਲ ਉੱਚਾ ਕੀਤਾ, ਜਿਸ ਲਈ ਸਮੁੱਚਾ ਦੇਸ਼, ਸ਼ਹੀਦ ਅਤੇ ਉਸਦੇ ਪਰਿਵਾਰ ਦਾ ਰਿਣੀ ਰਹੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਵਲੋਂ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਹ ਯਾਦਗਾਰੀ ਗੇਟ ਅਤੇ ਸਟੇਡੀਅਮ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਤ ਕਰਨ ਲਈ ਹਮੇਸ਼ਾਂ ਪ੍ਰੇਰਣਾ ਸਰੋਤ ਬਣੇ ਰਹਿਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਯਾਦਗਾਰੀ ਗੇਟ ਅਤੇ ਸਟੇਡੀਅਮ ਸੂਬਾ ਸਰਕਾਰ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਨਿਮਾਣਾ ਜਿਹਾ ਪਰ ਢੁਕਵਾਂ ਉਪਰਾਲਾ ਹੋਵੇਗਾ। ਉਨਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੁੱਖ ਦੀ ਇਸ ਘੜੀ ਵਿੱਚ ਉਨਾਂ ਦੀ ਸਰਕਾਰ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਹੈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਚੈੱਕ ਵੀ ਸੌਂਪਿਆ।