ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ 2021 : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 01 ਲੱਖ 57 ਹਜ਼ਾਰ 614 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਤੇ ਲਿਫਟਿੰਗ ਦਾ ਕੰਮ ਜ਼ੋਰ ਸ਼ੋਰ ਨਾਲ ਜਾਰੀ ਹੈ। ਮੰਡੀਆਂ ਵਿੱਚ ਹੁਣ ਤੱਕ 01 ਲੱਖ 92 ਹਜਾਰ 810 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 01 ਲੱਖ 91 ਹਜਾਰ 871 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 90210 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 38802 ਮੀਟ੍ਰਿਕ ਟਨ, ਪਨਸਪ ਵੱਲੋਂ 41547 ਮੀਟ੍ਰਿਕ ਟਨ ਤੇ ਵੇਅਰ ਹਾਊਸ ਵੱਲੋਂ 19922 ਮੀਟ੍ਰਿਕ ਟਨ, ਐੱਫ ਸੀ ਆਈ ਵਲੋਂ 799 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋ 591 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਸ਼੍ਰੀਮਤੀ ਮਲਿਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲੈ ਕੇ ਆਉਣ ਤਾਂ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਖਰੀਦੇ ਗਏ ਝੋਨੇ ਦੀ ਨਾਲੋ ਨਾਲ ਲਿਫਟਿੰਗ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਸ੍ਰੀਮਤੀ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ ਸਬੰਧੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਅਤੇ ਆਡ਼੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।