ਪ੍ਰਸ਼ਾਸਨ ਨੇ ਡੇਂਗੂ ਖਿਲਾਫ਼ ਮੁਹਿੰਮ ਵਿੱਚ ਤੇਜ਼ੀ ਲਿਆਂਦੀ, ਜਲੰਧਰ ਵਿੱਚ ਕੱਢੀਆਂ ਗਈਆਂ ਜਾਗਰੂਕਤਾ ਰੈਲੀਆਂ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

0
ਜਲੰਧਰ, 28 ਅਕਤੂਬਰ 2021 :  ਲੋਕਾਂ ਨੂੰ ਡੇਂਗੂ ਦੀ ਬਿਮਾਰੀ, ਇਸਦੇ ਲੱਛਣਾਂ ਅਤੇ ਆਪਣੇ ਇਲਾਕੇ ਨੂੰ ਡੇਂਗੂ ਮੁਕਤ ਰੱਖਣ ਲਈ ਅਪਣਾਏ ਜਾਣ ਵਾਲੇ ਉਪਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਵਿਦਿਆਰਥੀਆਂ ਵੱਲੋਂ ਸਿਹਤ ਵਿਭਾਗ ਦੀ ਟੀਮ ਨਾਲ ਜ਼ਿਲ੍ਹੇ ਦੇ ਜ਼ਿਆਦਾਤਰ ਖੇਤਰਾਂ ਨੂੰ ਕਵਰ ਕੀਤਾ ਗਿਆ ਅਤੇ ਲੋਕਾਂ ਨੂੰ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਵੱਲੋਂ ਜਿਥੇ ਲੋਕਾਂ ਨੂੰ ਡੇਂਗੂ ਸਬੰਧੀ ਪੈਂਫਲੇਟ ਵੀ ਵੰਡੇ ਗਏ ਉਥੇ ਲੋਕਾਂ ਨੂੰ ਆਪਣੇ ਘਰਾਂ, ਗਲੀਆਂ ਅਤੇ ਜਨਤਕ ਥਾਵਾਂ ‘ਤੇ ਪਾਣੀ ਜਮ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਇਜਿਪਟੀ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਖੜ੍ਹੇ ਪਾਣੀ ਤੋਂ ਇਲਾਵਾ ਫੁੱਲਦਾਨ, ਫਰਿੱਜ, ਕੂਲਰ, ਟਾਇਰ, ਪੰਛੀਆਂ ਦੇ ਫੀਡਰ ਅਤੇ ਬਰਤਨ ਆਦਿ ਆਮ ਸਥਾਨ ਹਨ, ਜਿਥੇ ਮੱਛਰ ਦਾ ਪ੍ਰਜਨਨ ਪਾਇਆ ਜਾਂਦਾ ਹੈ।
                                 
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪ੍ਰਭਾਵਿਤ ਇਲਾਕਿਆਂ ਵਿੱਚ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਨਿਗਮ ਵੱਲੋਂ ਸਿਹਤ, ਸਿੱਖਿਆ, ਯੂਥ ਵੈੱਲਫੇਅਰ ਅਤੇ ਹੋਰ ਵਿਭਾਗਾਂ ਦੇ ਨਾਲ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਵੀ ਪੰਚਾਇਤ, ਸਿਹਤ ਵਿਭਾਗ, ਈ.ਓਜ਼, ਬੀ. ਡੀ.ਪੀ.ਓਜ਼ ਦੀਆਂ ਟੀਮਾਂ ਵੱਲੋਂ ਸਮੁੱਚੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਇਸ ਬਿਮਾਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਡੇਂਗੂ ਪ੍ਰਭਾਵਿਤ ਇਲਾਕਿਆਂ ਵਿੱਚ ਇਨਫੋਰਸਮੈਂਟ ਡਰਾਈਵ ਤੋਂ ਲੈ ਕੇ ਜਾਗਰੂਕਤਾ ਮੁਹਿੰਮ ਤੱਕ ਬਹੁਪੱਖੀ ਰਣਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਭਾਗੀਦਾਰਾਂ ਵਿੱਚ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਸੂਚੀ ਵੀ ਵੰਡੀ ਗਈ ਹੈ।
                                 
ਜ਼ਿਕਰਯੋਗ ਹੈ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਹਾਊਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰੀਂਹ (ਲੜਕੇ), ਸ਼ਹੀਦ ਕਰਤਾਰ ਸਿੰਘ ਬੱਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਤਹਿਸੀਲ ਨਕੋਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਵਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਸਮੇਤ ਕਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੈਲੀਆਂ ਕੱਢ ਕੇ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ, ਸਰਕਾਰੀ ਹਾਈ ਸਕੂਲ ਸ਼ੰਕਰ (ਲੜਕੇ) ਅਤੇ ਹੋਰ ਸਰਕਾਰੀ ਸਕੂਲਾਂ ਵਿਖੇ ਡੇਂਗੂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਗਈਆਂ।

About The Author

Leave a Reply

Your email address will not be published. Required fields are marked *