ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 3 ਵਾਹਨ ਜ਼ਬਤ, 3 ਦੇ ਕੀਤੇ ਚਲਾਨ
ਜਲੰਧਰ, 28 ਅਕਤੂਬਰ 2021 : ਸਕੱਤਰ, ਰਿਜ਼ਨਲ ਟਰਾਂਸਪੋਰਟ ਅਥਾਰਟੀ ਵੱਲੋਂ ਵੀਰਵਾਰ ਨੂੰ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ‘ਤੇ ਕਾਰਵਾਈ ਨੂੰ ਜਾਰੀ ਰੱਖਦਿਆਂ ਜਿਥੇ 2 ਟਿੱਪਰ ਅਤੇ ਇਕ ਟਰੈਕਟਰ ਟਰਾਲੀ ਨੂੰ ਜ਼ਬਤ ਕੀਤਾ ਗਿਆ ਉਥੇ 2 ਬੱਸਾਂ ਅਤੇ ਇਕ ਟਰੱਕ ਦਾ ਚਲਾਨ ਕੀਤਾ ਗਿਆ। ਉਨ੍ਹਾਂ ਵੱਲੋਂ ਇਹ ਕਾਰਵਾਈ ਅੰਮ੍ਰਿਤਸਰ ਰੋਡ, ਲੁਧਿਆਣਾ ਰੋਡ ‘ਤੇ ਕੀਤੀ ਗਈ, ਜਿਥੇ ਓਵਰਲੋਡਿੰਗ, ਟਰੈਕਟਰ ਟਰਾਲੀ ਦੀ ਕਮਰਸ਼ੀਅਲ ਵਰਤੋਂ ਕਰਨ, ਹਾਈ ਸਕਿਓਰਿਟੀ ਨੰਬਰ ਪਲੇਟ ਨਾ ਲੱਗੀ ਹੋਣ ਆਦਿ ਕਰਕੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਅਮਿਤ ਮਹਾਜਨ ਨੇ ਵਾਹਨ ਮਾਲਕਾਂ ਨੂੰ ਮੋਟਰ ਵਹੀਕਲ ਟੈਕਸ ਜਮ੍ਹਾ ਕਰਾਉਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਵਾਹਨਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਹਦਾਇਤ ਕੀਤੀ, ਤਾਂ ਜੋ ਉਨ੍ਹਾਂ ਨੂੰ ਅਜਿਹੀ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਦੁਪਹੀਆ ਵਾਹਨ ਚਾਲਕਾਂ ਨੂੰ ਜਿਥੇ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਹਿਨਣ ਦੀਆਂ ਹਦਾਇਤਾਂ ਕੀਤੀਆਂ ਉਥੇ ਕਾਰ ਸਵਾਰਾਂ ਨੂੰ ਸੀਟ ਬੈਲਟ ਦੀ ਵਰਤੋਂ ਕਰਨ ਲਈ ਵੀ ਕਿਹਾ।ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਓਵਰ ਸਪੀਡ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ।
ਸ਼੍ਰੀ ਮਹਾਜਨ ਨੇ ਕਿਹਾ ਕਿ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਅਤੇ ਇਸੇ ਤਰ੍ਹਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।