ਡੇਂਗੂ ਦੀ ਰੋਕਥਾਮ ਲਈ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਯਤਨ : ਘਨਸ਼ਿਆਮ ਥੋਰੀ
ਜਲੰਧਰ, 30 ਅਕਤੂਬਰ 2021 : ਡੇਂਗੂ ਦੇ ਵਧ ਰਹੇ ਮਾਮਲਿਆਂ ਦਰਮਿਆਨ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਜੰਗੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।
ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਟੇਟ ਹੈਲਥ ਅਥਾਰਟੀ ਅਨੁਸਾਰ ਜਲੰਧਰ ਹੁਣ ਤੱਕ ਰਿਪੋਰਟ ਕੀਤੇ ਗਏ ਡੇਂਗੂ ਕੇਸਾਂ ਦੇ ਮਾਮਲੇ ਵਿੱਚ 16ਵੇਂ ਸਥਾਨ ‘ਤੇ ਹੈ ਪਰ ਸਮੁੱਚੀਆਂ ਟੀਮਾਂ ਵੱਲੋਂ ਡੇਂਗੂ ਦੀ ਰੋਕਥਾਮ ਲਈ ਵੱਡੇ ਪੈਮਾਨੇ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਡੇਂਗੂ ਨੂੰ ਕੰਟਰੋਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਤੇਜ਼ੀ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਹੌਟਸਪੌਟਸ ਵਜੋਂ ਪਛਾਣੇ ਗਏ ਖੇਤਰਾਂ ਵਿੱਚ ਜਨ ਜਾਗਰੂਕਤਾ ਮੁਹਿੰਮ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਰੇ ਉਪਾਅ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ 28 ਅਕਤੂਬਰ ਤੱਕ 243 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸ਼ਹਿਰੀ ਖੇਤਰਾਂ ਵਿੱਚ 168 ਜਦਕਿ ਪੇਂਡੂ ਖੇਤਰਾਂ ਵਿੱਚ 74 ਮਾਮਲੇ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸ਼ਹਿਰੀ ਹੌਟਸਪੌਟ ਇਲਾਕਿਆਂ ਵਿੱਚ ਬਸਤੀ ਦਾਨਿਸ਼ਮੰਦਾ, ਬਸਤੀ ਸ਼ੇਖ, ਜਲੰਧਰ ਕੈਂਟ, ਸੰਤੋਖਪੁਰਾ ਅਤੇ ਹੋਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਿਹਾਇਸ਼ੀ ਥਾਵਾਂ, ਗਲੀਆਂ ਅਤੇ ਜਨਤਕ ਥਾਵਾਂ ‘ਤੇ ਖੜ੍ਹੇ ਪਾਣੀ ਦੇ ਨਿਕਾਸ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਸ੍ਰੀ ਥੋਰੀ ਨੇ ਕਿਹਾ ਕਿ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਡੇਂਗੂ ਦੇ ਪ੍ਰਕੋਪ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਏਡੀਜ਼ ਇਜਿਪਟੀ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਖੜ੍ਹੇ ਪਾਣੀ ਤੋਂ ਇਲ਼ਾਵਾ ਫੁੱਲਦਾਨ, ਫਰਿੱਜ, ਕੂਲਰ, ਟਾਇਰ, ਪੰਛੀਆਂ ਦੇ ਫੀਡਰ ਅਤੇ ਹੋਰ ਬਰਤਨ ਆਮ ਸਥਾਨ ਹਨ, ਜਿਥੇ ਇਹ ਮੱਛਰ ਪੈਦਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪ੍ਰਭਾਵਿਤ ਇਲਾਕਿਆਂ ਵਿੱਚ ਮੱਛਰਾਂ ਦੇ ਪ੍ਰਜਨਨ ਸਥਾਨਾਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਨਿਗਮ ਵੱਲੋਂ ਸਿਹਤ, ਸਿੱਖਿਆ, ਯੂਥ ਵੈੱਲਫੇਅਰ ਅਤੇ ਹੋਰ ਵਿਭਾਗਾਂ ਦੇ ਨਾਲ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ । ਟੀਮਾਂ ਵੱਲੋਂ ਪ੍ਰਮੁੱਖ ਪ੍ਰਭਾਵਿਤ ਇਲਾਕਿਆਂ ਵਿੱਚ ਜਾਗਰੂਕਤਾ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਵੀ ਪੰਚਾਇਤ, ਸਿਹਤ ਵਿਭਾਗ, ਈ.ਓਜ਼, ਬੀ. ਡੀ.ਪੀ.ਓਜ਼ ਦੀਆਂ ਟੀਮਾਂ ਵੱਲੋਂ ਸਮੁੱਚੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਇਸ ਬਿਮਾਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਡੇਂਗੂ ਪ੍ਰਭਾਵਿਤ ਇਲਾਕਿਆਂ ਵਿੱਚ ਇਨਫੋਰਸਮੈਂਟ ਡਰਾਈਵ ਤੋਂ ਲੈ ਕੇ ਜਾਗਰੂਕਤਾ ਮੁਹਿੰਮ ਤੱਕ ਬਹੁਪੱਖੀ ਰਣਨੀਤੀ ਅਪਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਭਾਗੀਦਾਰਾਂ ਵਿੱਚ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਸੂਚੀ ਵੀ ਵੰਡੀ ਗਈ ਹੈ।ਉਨ੍ਹਾਂ ਕਿਹਾ ਕਿ ਜਿਥੇ ਪ੍ਰਭਾਵਿਤ ਇਲਾਕਿਆਂ ਵਿੱਚ ਨਿਯਮਿਤ ਤੌਰ ‘ਤੇ ਫੋਗਿੰਗ ਅਤੇ ਸਪਰੇਅ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਉਥੇ ਚੈਕਿੰਗ ਟੀਮਾਂ ਵੱਲੋਂ ਉਨ੍ਹਾਂ ਲੋਕਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ, ਜਿਥੇ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਪੁਰਾਣੇ ਟਾਇਰ, ਟੁੱਟੇ-ਫੁੱਟੇ ਬਰਤਨ ਅਤੇ ਹੋਰ ਬੇਕਾਰ ਸਮਾਨ ਹਟਾਉਣ ਤੋਂ ਇਲਾਵਾ ਪਾਣੀ ਦੇ ਭੰਡਾਰ ਵਾਲੇ ਸਾਰੇ ਭਾਂਡਿਆਂ ਨੂੰ ਢੱਕ ਕੇ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਰੱਖਣਾ ਹਰੇਕ ਮਨੁੱਖ ਦੀ ਸਮਾਜਿਕ ਜ਼ਿੰਮੇਵਾਰੀ ਹੈ।