ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ 23 ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ
ਸੰਗਰੂਰ, 02 ਨਵੰਬਰ 2021 : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿਲਾਂ ਖਿਲਾਫ਼ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸਿ਼ਰਕਤ ਕਰਦੇ ਹੋਏ ਜਾਨਾਂ ਗੁਆਉਣ ਵਾਲੇ 23 ਕਿਸਾਨਾਂ ਦੇ ਵਾਰਸਾਂ ਨੂੰ ਅੱਜ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ । ਇਸ ਮੌਕੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੋਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਸੰਘਰਸ਼ ਦੇ ਯੋਧਿਆਂ ਦੇ ਵਾਰਸਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਣ ਦੇ ਨਾਲ-ਨਾਲ ਵਾਰਸਾਂ ਨੂੰ ਇੱਕ-ਇੱਕ ਸਰਕਾਰੀ ਨੌਕਰੀ ਦੇਣ ਦਾ ਕੀਤਾ ਗਿਆ ਵਾਅਦਾ ਨਾਲੋਂ-ਨਾਲ ਪੂਰਾ ਕੀਤਾ ਜਾ ਰਿਹਾ ਹੈ ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਦਰਦ ਨੂੰ ਦਿਲੋਂ ਮਹਿਸੂਸ ਕੀਤਾ ਹੈ ਅਤੇ ਹਰ ਵਾਅਦੇ ਨੂੰ ਤਰਜ਼ੀਹ ਦੇ ਅਧਾਰ `ਤੇ ਪੂਰਾ ਕੀਤਾ ਜਾ ਰਿਹਾ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਇਤਿਹਾਸਿਕ ਕਿਸਾਨੀ ਅੰਦੋਲਨ ਵਿੱਚ ਹਰ ਇਨਸਾਨ ਨੇ ਆਪੋ-ਆਪਣੇ ਤਰੀਕੇ ਨਾਲ ਬਣਦਾ ਯੋਗਦਾਨ ਪਾਇਆ ਹੈ ਅਤੇ ਉਹ ਖੁਦ ਵੀ ਕਿਸਾਨੀ ਅੰਦੋਲਨ ਦੇ ਪਹਿਲੇ ਦਿਨ ਤੋਂ ਹੀ ਦੇਸ਼ ਦੇ ਅੰਨਦਾਤਾ ਕਿਸਾਨ ਦੇ ਨਾਲ ਪੂਰੇ ਤਨ ਮਨ ਤੋਂ ਖੜ੍ਹੇ ਹੋਏ ਹਨ ਅਤੇ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਕਿਸਾਨੀ ਹੱਕਾਂ ਲਈ ਡਟ ਕੇ ਪਹਿਰਾ ਦੇਣ ਲਈ ਵਚਨਬੱਧ ਹੈ ।
ਕਿਸਾਨੀ ਅੰਦੋਲਨ ਦੇ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸਂੌਪਣ ਮੌਕੇ ਵਿਸ਼ੇਸ ਤੌਰ `ਤੇ ਸ਼ਾਮਿਲ ਹੋਏ ਵਿਧਾਇਕ ਧੂਰੀ ਸ੍ਰੀ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਆਪਣੀ ਜਾਨ ਗਵਾਉਣ ਵਾਲਿਆਂ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਜਿ਼ਲ੍ਹੇ ਵਿੱਚ ਅਜਿਹੇ ਸਮਾਗਮਾਂ ਦੌਰਾਨ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾ ਰਹੀ ਹੈ ।
ਜਿ਼ਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਸਾਨੀ ਅੰਦੋਲਨ ਦੇ ਅਮਰ ਯੋਧਿਆਂ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਹਰ ਪੱਧਰ `ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਜਿਹੜੇ ਪਰਿਵਾਰ ਆਪਣੇ ਜੀਅ ਗੁਆ ਚੁੱਕੇ ਹਨ ਉਨ੍ਹਾਂ ਦੀ ਕਮੀ ਨੂੰ ਕੋਈ ਪੂਰਾ ਨਹੀਂ ਕਰ ਸਕਦਾ ਪਰ ਪੀੜਤ ਪਰਿਵਾਰਾਂ ਦੀ ਮਦਦ ਲਈ ਸਰਕਾਰ ਕਿਸੇ ਪ੍ਰਕਾਰ ਦੀ ਕਮੀ ਨਹੀਂ ਛੱਡੇਗੀ ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਸਮੇਤ ਹੋਰ ਸ਼ਖਸ਼ੀਅਤਾਂ ਵੱਲੋਂ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਚਰਨਜੋਤ ਸਿੰਘ ਸਮੇਤ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ ।