ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਲੋਕਾਂ ਲਈ ਵੱਡੀ ਰਾਹਤ : ਪਰਗਟ ਸਿੰਘ
ਜਲੰਧਰ, 7 ਨਵੰਬਰ 2021 : ਕੈਬਨਿਟ ਮੰਤਰੀ ਸ.ਪਰਗਟ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੇ ਬੇਮਿਸਾਲ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੁੱਚਾ ਦੇਸ਼ ਭਾਰੀ ਮਹਿੰਗਾਈ ਦੀ ਮਾਰ ਹੇਠ ਹੈ ਅਤੇ ਪੈਟਰੋਲ-ਡੀਜ਼ਲ ਦੀਆਂ ਉੱਚੀਆਂ ਕੀਮਤਾਂ ਆਮ ਲੋਕਾਂ ਦੇ ਜ਼ਖਮਾਂ ‘ਤੇ ਲੂਣ ਛਿੜਕਨ ਦਾ ਕੰਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਤੇਲ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਵਾਲੀ ਕੇਂਦਰ ਸਰਕਾਰ ਵੱਲੋਂ ਝਿਜਕਦੇ ਹੋਏ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਕਟੌਤੀ ਕੀਤੀ ਗਈ ਹੈ ਪਰ ਪੰਜਾਬ ਸਰਕਾਰ ਵੱਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ 10 ਰੁਪਏ ਅਤੇ ਡੀਜ਼ਲ ਦੀਆਂ ਕੀਮਤ ਵਿੱਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਮ ਆਦਮੀ ਲਈ ਵੱਡੀ ਰਾਹਤ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਕ ਪਾਸੇ ਮਹਿੰਗਾਈ ‘ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ ਅਤੇ ਦੂਜੇ ਪਾਸੇ ਲੋਕਾਂ ਨੂੰ ਲੋੜੀਂਦੀ ਰਾਹਤ ਵੀ ਮਿਲੇਗੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹ ਇਤਿਹਾਸਕ ਫੈਸਲਾ ਪੰਜਾਬੀਆਂ ਦੀ ਕਿਸਮਤ ਨੂੰ ਬਦਲ ਕੇ ਰੱਖ ਦੇਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ।
ਸ. ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨ ਲਈ ਵਚਨਬੱਧ ਹੈ।