ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ‘ਚ 2 ਕਰੋੜ 70 ਲੱਖ ਰੁਪਏ ਹੋਰ ਜਾਰੀ
ਪਟਿਆਲਾ, 14 ਨਵੰਬਰ 2021 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਲਈ 2 ਕਰੋੜ 70 ਲੱਖ ਰੁਪਏ ਦੀ ਰਾਸ਼ੀ ਹੋਰ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ‘ਚ 1 ਅਪ੍ਰੈਲ 2021 ਤੋਂ ਹੁਣ ਤੱਕ 4 ਕਰੋੜ 34 ਲੱਖ 49 ਹਜ਼ਾਰ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ 1 ਜੁਲਾਈ 2021 ਤੋਂ ਹੁਣ ਤੱਕ ਵਿਆਹੀਆਂ ਲੜਕੀਆਂ ਲਈ ਅਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੇ ਹਿਸਾਬ ਨਾਲ 2 ਕਰੋੜ 70 ਲੱਖ ਰੁਪਏ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਸਿੱਧੀ ਲਾਭਪਾਤਰੀ ਦੇ ਖਾਤੇ ‘ਚ ਪਾਈ ਜਾਂਦੀ ਹੈ ਅਤੇ ਇਸ ਸਕੀਮ ਦਾ ਲਾਭ ਲੈਣ ਲਈ ਜ਼ਰੂਰੀ ਹੈ ਕਿ ਬਿਨੈਕਾਰ ਪੰਜਾਬ ਦਾ ਵਸਨੀਕ ਹੋਵੇ ਅਤੇ ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਵੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਲਾਭ ਪ੍ਰਾਪਤ ਕਰਨ ਲਈ, ਬਿਨੈਕਾਰ ਨੂੰ ਵਿਆਹ ਦੀ ਤਰੀਕ ਤੋਂ ਪਹਿਲਾਂ ਜਾਂ ਲੜਕੀ ਦੇ ਵਿਆਹ ਦੇ 30 ਦਿਨਾਂ ਬਾਅਦ ਨਿਰਧਾਰਤ ਪ੍ਰੋਫਾਰਮੇ ਵਿਚ ਬਿਨੈ-ਪੱਤਰ ਜਮ੍ਹਾਂ ਕਰਵਾਉਣਾ ਹੁੰਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਅਤੇ ਕਿਸੇ ਵੀ ਜਾਤੀ ਨਾਲ ਸਬੰਧਤ ਵਿਧਵਾ ਮਹਿਲਾਵਾਂ ਦੀਆਂ ਧੀਆਂ ਨੂੰ ਵੀ ਆਸ਼ੀਰਵਾਦ ਸਕੀਮ ਤਹਿਤ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ।
ਉਨ੍ਹਾਂ ਅਪੀਲ ਕੀਤੀ ਕਿ ਸ਼ਰਤਾਂ ਪੂਰੀਆਂ ਕਰਦੇ ਲੋੜਵੰਦ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਜ਼ਰੂਰ ਦੇਣ। ਇਸ ਸਬੰਧੀ ਅਰਜ਼ੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਐਸ.ਟੀ ਨਗਰ ਨੇੜੇ ਬਹੁਤਕਨੀਕੀ ਕਾਲਜ ਪਟਿਆਲਾ ਅਤੇ ਤਹਿਸੀਲ ਭਲਾਈ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਾਜਪੁਰਾ, ਪਾਤੜਾਂ, ਸਮਾਣਾ ਅਤੇ ਨਾਭਾ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਹੈ।