ਕੇਂਦਰ ਸਰਕਾਰ ਕਿਸਾਨਾਂ ਦੇ ਜਾਨ-ਮਾਲ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ : ਮਾਨ
ਫਗਵਾੜਾ, 19 ਨਵੰਬਰ 2021 : ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਅੰਦੋਲਨ ਦੌਰਾਨ ਕਿਸਾਨਾਂ ਦੇ ਹੋਏ ਜਾਨੀ-ਮਾਲੀ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਹੰਕਾਰ ਕਾਰਨ ਹੀ ਇਹ ਸਖ਼ਤ ਕਾਨੂੰਨ ਲੋਕਾਂ ’ਤੇ ਥੋਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਗਈਆਂ ਅਤੇ ਉਨ੍ਹਾਂ ਨੂੰ ਮੁਆਵਜ਼ਾ ਮਿਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਵਿਆਪਕ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਲੋਕਾਂ ਖਾਸ ਕਰਕੇ ਉਨ੍ਹਾਂ ਕਿਸਾਨਾਂ ਦੀ ਨੈਤਿਕ ਜਿੱਤ ਹੈ ਜਿਨ੍ਹਾਂ ਨੇ ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ ਸੀ। ਉਨ੍ਹਾਂ ਪਗੜੀ ਸੰਭਾਲ ਲਹਿਰ, ਬੱਬਰ ਅਕਾਲੀ ਲਹਿਰ ਅਤੇ ਹੋਰਾਂ ਦੀਆਂ ਉਦਾਹਰਨਾਂ ਦਿੰਦਿਆਂ ਕਿਹਾ ਕਿ ਕਿਸਾਨ ਅੰਦੋਲਨ ਲੋਕਤੰਤਰ ਨੂੰ ਬਚਾਉਣ ਲਈ ਭਾਰਤ ਦੀ ਇਕ ਅਹਿਮ ਲਹਿਰ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਹ ਲਹਿਰ ਲੋਕਾਂ ਨੂੰ ਆਪਣੇ ਹੱਕਾਂ ਲਈ ਲੜਨ ਲਈ ਹਮੇਸ਼ਾ ਪ੍ਰੇਰਦੀ ਰਹੇਗੀ ਭਾਵੇਂ ਕੋਈ ਜ਼ਾਲਮ ਸਰਕਾਰ ਹੀ ਕਿਉਂ ਨਾ ਹੋਵੇ।
ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਅੰਦੋਲਨ ਨੇ ਹੰਕਾਰੀ ਮੋਦੀ ਸਰਕਾਰ ਦੇ ਪਤਨ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਲੋਕ ਇਸ ਸਰਕਾਰ ਨੂੰ ਦਰਵਾਜ਼ਾ ਦਿਖਾ ਦੇਣਗੇ ਅਤੇ ਦੇਸ਼ ਨੂੰ ਵਾਪਿਸ ਕਾਂਗਰਸ ਪਾਰਟੀ ਦੇ ਹੱਥਾਂ ਚ ਸੌਂਪਣਗੇ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦੋਲਨ ਦੌਰਾਨ ਕਿਸਾਨਾਂ ਦੇ ਨਾਲ ਖੜ੍ਹੀ ਹੈ।