ਪਰਗਟ ਸਿੰਘ ਵੱਲੋਂ ਦਾਦੂਵਾਲ, ਕੰਗਣੀਵਾਲ ਅਤੇ ਫੋਲੜੀਵਾਲ ਵਿਖੇ 3.50 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

0

ਜਲੰਧਰ, 28 ਨਵੰਬਰ 2021 :  ਵਿਧਾਨਸਭਾ ਹਲਕਾ ਜਲੰਧਰ ਕੈਂਟ ਵਿਖੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਖੇਡਾਂ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ.ਪਰਗਟ ਸਿੰਘ ਵੱਲੋਂ ਅੱਜ ਪਿੰਡ ਦਾਦੂਵਾਲ, ਕੰਗਣੀਵਾਲ ਅਤੇ ਫੋਲੜੀਵਾਲ ਵਿਖੇ 3.50 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰਾਜੈਕਟਾਂ ਵਿੱਚ 1.59 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਸਪੋਰਟਸ ਪਾਰਕ, 18.59 ਲੱਖ ਨਾਲ ਚਾਹੁਵਾਲ ਸੜਕ, 7.79 ਲੱਖ ਨਾਲ ਦਾਦੂਵਾਲ ਸੜਕ, 5.06 ਲੱਖ ਦੀ ਲਾਗਤ ਨਾਲ ਪ੍ਰਾਇਮਰੀ ਸਕੂਲ ਤੱਕ ਸੜਕ,  ਫੋਲੜੀਵਾਲ ਦੀ 2.90 ਕਿਲੋਮੀਟਰ ਸੜਕ ਨੂੰ 1.50 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਤੱਕ ਚੌੜਾ ਕਰਨ ਤੋਂ ਇਲਾਵਾ ਪਿੰਡ ਦਾਦੂਵਾਲ ਅਤੇ ਪਿੰਡ ਫੋਲੜੀਵਾਲ ਦੀ ਪੰਚਾਇਤ ਨੂੰ 10-10 ਲੱਖ ਰੁਪਏ ਦੀ ਗ੍ਰਾਂਟ ਸ਼ਾਮਿਲ ਹੈ।

                         

ਪੇਂਡੂ ਖੇਤਰਾਂ ਵਿੱਚ ਖੇਡ ਗਤੀਵਿਧੀਆਂ ਦੇ ਦਾਇਰੇ ਨੂੰ ਵਧਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਇਹ ਕਦਮ ਨਾ ਸਿਰਫ਼ ਖੇਡਾਂ ਦੀ ਸ਼ੁਰੂਆਤ ਕਰਨ ਵਿੱਚ ਸਹਾਈ ਹੋਵੇਗਾ ਸਗੋਂ ਇਸ ਨਾਲ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਵੀ ਪ੍ਰਸਿੱਧੀ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਨੌਜਵਾਨਾਂ ਵਿੱਚ ਖੇਡਾਂ ਦੀ ਭਾਵਨਾ ਹੋਰ ਪ੍ਰਫੁੱਲਿਤ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਅਜਿਹੇ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਇਸ ਸੁਪਨੇ ਨੂੰ ਪੂਰਾ ਕਰਨ ਲਈ ਹਲਕੇ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ 15 ਅਤਿ ਆਧੁਨਿਕ ਸਪੋਰਟਸ ਪਾਰਕ ਬਣਾਏ ਜਾਣਗੇ।

                       

ਕੈਬਨਿਟ ਮੰਤਰੀ ਨੇ ਪਿੰਡ ਕੰਗਣੀਵਾਲ ਵਿਖੇ 49.08 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਣ ਉਪਰੰਤ ਪਿੰਡ ਦਾਦੂਵਾਲ ਵਿਖੇ 54.05 ਅਤੇ ਪਿੰਡ ਫੋਲੜੀਵਾਲ ਵਿਖੇ 56.08 ਲੱਖ ਰੁਪਏ ਨਾਲ ਬਣਨ ਵਾਲੇ ਸਪੋਰਟਸ ਪਾਰਕਾਂ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਨ੍ਹਾਂ ਪਾਰਕਾਂ ਵਿੱਚ ਅਤਿ ਆਧੁਨਿਕ ਖੇਡ ਸਹੂਲਤਾਂ ਜਿਵੇਂ ਖੇਡ ਮੈਦਾਨ, ਸਪਰਿੰਕਲ ਸਿਸਟਮ, ਬਾਊਂਡਰੀ ਵਾਲ, ਸ਼ਾਵਰ ਸਿਸਟਮ, ਚੇਂਜਿੰਗ ਰੂਮ, ਰੈਸਟ ਰੂਮ , ਘਾਹ ਵਿਛਾਉਣਾ ਅਤੇ ਸਟੋਰ ਆਦਿ ਸਹੂਲਤਾਂ ਮੁਹੱਈਆ ਉਪਲਬੱਧ ਹੋਣਗੀਆਂ ਤਾਂ ਜੋ ਉਭਰਦੇ ਖਿਡਾਰੀ ਇੱਥੇ ਵਧੀਆ ਸਿਖਲਾਈ ਹਾਸਲ ਕਰ ਸਕਣ।

                   

ਇਨ੍ਹਾਂ ਪਿੰਡਾਂ ਵਿੱਚ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਖੇਡ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਤੋਂ ਇਲਾਵਾ ਨਵੇਂ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਉਭਰਦੇ ਖਿਡਾਰੀਆਂ ਨੂੰ ਪਿੰਡ ਪੱਧਰ ’ਤੇ ਹੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ।

                             

ਪੰਚਾਇਤੀ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਸ੍ਰ.ਪਰਗਟ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫੰਡ ਨਿਰਵਿਘਨ ਜਾਰੀ ਰਹਿਣਗੇ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦੀ ਨਿੱਜੀ ’ਤੇ ਨਿਗਰਾਨੀ ਕਰਨ ਅਤੇ ਜੇਕਰ ਕੋਈ ਦੇਰੀ ਪਾਈ ਜਾਂਦੀ ਹੈ ਤਾਂ ਇਸ ਦੀ ਰਿਪੋਰਟ ਕਰਨ। ਉਨ੍ਹਾਂ ਪਿੰਡ ਫੋਲੜੀਵਾਲ ਦੀ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਸਮੁੱਚੇ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਤੁਰੰਤ ਹੱਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਜਲੰਧਰ ਕੈਂਟ ਐਚ.ਐਸ. ਸਮਰਾ, ਸੁਖਵਿੰਦਰ ਸਿੰਘ ਫੋਲੜੀਵਾਲ, ਚਮਨ ਲਾਲ ਦਾਦੂਵਾਲ, ਬਲਬੀਰ ਸਿੰਘ ਕੰਗਣੀਵਾਲ ਅਤੇ ਪਿੰਡਾਂ ਦੇ ਸਰਪੰਚ ਪੰਚ ਤੇ ਹੋਰ ਪਤਵੰਤੇ ਮੌਜੂਦ ਸਨ।

About The Author

Leave a Reply

Your email address will not be published. Required fields are marked *

You may have missed