ਅਕਾਲੀ ਸੂਬੇ ਦੇ ਅਸਲ ਗੱਦਾਰ : ਪਰਗਟ ਸਿੰਘ
ਪ੍ਰਤਾਪਪੁਰਾ ਪਿੰਡ ਦੀ ਪੰਚਾਇਤ ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਕਾਂਗਰਸ ‘ਚ ਸ਼ਾਮਲ
ਪੰਚਾਇਤ ਨੂੰ 11 ਲੱਖ ਰੁਪਏ ਦਾ ਚੈੱਕ ਸੌਂਪਣ ਤੋਂ ਇਲਾਵਾ 32 ਲੱਖ ਦੀ ਲਾਗਤ ਨਾਲ ਬਣਨ ਵਾਲੇ ਸਪੋਰਟਸ ਪਾਰਕ ਦਾ ਨੀਂਹ ਪੱਥਰ ਵੀ ਰੱਖਿਆ
ਅਗਲੇ ਸੈਸ਼ਨ ਤੋਂ ਸਰਕਾਰੀ ਸਕੂਲ ਵਿੱਚ ਕਾਮਰਸ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦਾ ਕੀਤਾ ਐਲਾਨ
ਜਲੰਧਰ, 5 ਦਸੰਬਰ 2021 : ਪੰਜਾਬ ਦੇ ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੇ ਅੱਜ ਅਕਾਲੀਆਂ ਨੂੰ ਸੂਬੇ ਦੇ ਅਸਲ ਗੱਦਾਰ ਦੱਸਦਿਆਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਪੂਰਾ ਨਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ।
ਕੈਬਨਿਟ ਮੰਤਰੀ ਅੱਜ ਪਿੰਡ ਪ੍ਰਤਾਪਪੁਰਾ ਦੀ ਅਕਾਲੀ ਪੰਚਾਇਤ ਦਾ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸਰਪੰਚ ਕਿਰਨ, ਪੰਚ ਹਰਦਿਆਲ ਸਿੰਘ, ਰਣਜੀਤ ਸਿੰਘ, ਜੱਸੀ, ਬਲਬੀਰ ਕੌਰ, ਸੰਤੋਖ ਸਿੰਘ, ਜੁਗਰਾਜ ਸਿੰਘ ਆਪਣੇ ਸਮਰਥਕਾਂ ਸਮੇਤ ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ, ਜਿਸ ਲਈ ਪੰਜਾਬ ਵਾਸੀ ਇਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਦਾ ਖਮਿਆਜ਼ਾ ਬਾਦਲਾਂ ਨੂੰ ਭੁਗਤਣਾ ਪਵੇਗਾ।
ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੇਬਲ ਮਾਫੀਆ, ਡਰੱਗ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਹੋਰ ਸਭ ਬਾਦਲਾਂ ਦੇ ਮਾੜੇ ਰਾਜ ਵਿੱਚ ਵਧੇ-ਫੁੱਲੇ ਅਤੇ ਇਸ ਮਾਫੀਆ ਨੇ ਪੰਜਾਬ ਦੀ ਦੌਲਤ ਨੂੰ ਖੂਬ਼ ਲੁੱਟਿਆ । ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮਾਫੀਆ ਨੂੰ ਪ੍ਰਾਪਤ ਬਾਦਲਾਂ ਦੀ ਸਰਪ੍ਰਸਤੀ ਨੇ ਸੂਬੇ ਨੂੰ ਤਬਾਹ ਕਰ ਕੇ ਰੱਖ ਦਿੱਤਾ ਪਰ ਹੁਣ ਇਨ੍ਹਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ ਕਿਉਂਕਿ ਲੋਕ ਇਨ੍ਹਾਂ ਨੂੰ ਸਬਕ ਸਿਖਾਉਣ ਲਈ 2022 ਦੀਆਂ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਸ. ਪਰਗਟ ਸਿੰਘ ਨੇ ਕਿਹਾ ਕਿ ਬਾਦਲਾਂ ਦੇ ਗੁਨਾਹ ਮੁਆਫ਼ੀਯੋਗ ਨਹੀਂ ਹਨ ਅਤੇ ਇਨ੍ਹਾਂ ਨੂੰ ਇਨ੍ਹਾਂ ਦੇ ਗੁਨਾਹਾਂ ਲਈ ਜਵਾਬਦੇਹ ਬਣਾਇਆ ਜਾਵੇਗਾ।
ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਪਿੰਡ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 11 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਉਨ੍ਹਾਂ ਪੰਚਾਇਤ ਨੂੰ ਸਾਰੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਵੀ ਦਿੱਤਾ। ਕੈਬਨਿਟ ਮੰਤਰੀ ਨੇ ਅਗਲੇ ਅਕਾਦਮਿਕ ਸੈਸ਼ਨ ਤੋਂ ਇੱਥੋਂ ਦੇ ਸਰਕਾਰੀ ਸਕੂਲ ਵਿੱਚ ਕਾਮਰਸ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।