ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
ਚੰਡੀਗੜ੍ਹ, 7 ਦਸੰਬਰ 2021 : ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ.ਸੋਨੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਮੁੱਚੇ ਭਾਰਤ ਦੇ ਨਾਗਰਿਕ ਹਥਿਆਰਬੰਦ ਬਲਾਂ ਦਾ ਧੰਨਵਾਦ ਕਰਦੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ ਅਤੇ ਇਸ ਦੇ ਨਾਲ ਹੀ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਿੱਤੀ ਸਹਾਇਤਾ ਦਿੰਦੇ ਹਨ।
ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਦੀ ਟੀਮ ਨੇ ਉਪ ਮੁੱਖ ਮੰਤਰੀ ਕਮ ਰੱਖਿਆ ਸੇਵਾਵਾਂ ਭਲਾਈ ਮੰਤਰੀ ਓ.ਪੀ.ਸੋਨੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਟੋਕਨ ਫਲੈਗ ਭੇਟ ਕੀਤਾ। ਉਪ ਮੁੱਖ ਮੰਤਰੀ ਨੇ ਝੰਡਾ ਦਿਵਸ ਫੰਡ ਵਿੱਚ ਦਾਨ ਵੀ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ੍ਰੀ ਸੋਨੀ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੈਨਿਕਾਂ, ਈਐਸਐਮ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣ।