ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ : ਚੌਧਰੀ ਸੁਰਿੰਦਰ ਸਿੰਘ
ਜਲੰਧਰ, 10 ਦਸੰਬਰ 2021 : ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਪਿੰਡ ਸ਼ੇਖੇ ਵਿਖੇ ਨਵੇਂ ਪਾਏ ਗਏ ਸੀਵਰੇਜ ਸਿਸਟਮ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰੀ ਖੇਤਰਾਂ ਦੀ ਤਰਜ਼ ‘ਤੇ ਅਤਿ-ਆਧੁਨਿਕ ਨਾਗਰਿਕ ਸਹੂਲਤਾਂ ਮਿਲਣ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਕੋਨੇ-ਕੋਨੇ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ। ਚੌਧਰੀ ਸੁਰਿੰਦਰ ਸਿੰਘ ਨੇ ਸਪੱਸ਼ਟ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਭਲਾਈ ਅਤੇ ਵਿਕਾਸਪੱਖੀ ਨੀਤੀਆਂ ਸਦਕਾ ਪੰਜਾਬ ਅੱਜ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉਭਰਿਆ ਹੈ।
ਵਿਧਾਇਕ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਪ੍ਰਮੁੱਖ ਖੇਤਰਾਂ ‘ਤੇ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਪੇਂਡੂ ਵਿਕਾਸ, ਸੜਕਾਂ, ਬਿਜਲੀ, ਭਲਾਈ ਸਕੀਮਾਂ ਆਦਿ ਵਰਗੇ ਪ੍ਰਮੁੱਖ ਖੇਤਰਾਂ ‘ਤੇ ਵੀ ਪੂਰਾ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਉਨ੍ਹਾਂ ਦੀ ਅਸੀਮ ਊਰਜਾ ਨੂੰ ਉਸਾਰੂ ਪਾਸੇ ਲਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਚੌਧਰੀ ਸੁਰਿੰਦਰ ਸਿੰਘ ਨੇ ਆਸ ਪ੍ਰਗਟਾਈ ਕਿ 2022 ਦੀਆਂ ਚੋਣਾਂ ਤੋਂ ਬਾਅਦ ਇਕ ਵਾਰ ਫਿਰ ਕਾਂਗਰਸ ਦੀ ਸਰਕਾਰ ਬਣੇਗੀ।
ਇਸ ਮੌਕੇ ਨੰਬਰਦਾਰ ਸ਼੍ਰੀ ਕੰਵਲਦੀਪ ਸਿੰਘ, ਸਰਪੰਚ ਸ਼੍ਰੀ ਰਣਜੀਤ ਕੁਮਾਰ, ਸ਼੍ਰੀਮਤੀ ਤੀਰਥ ਕੌਰ, ਸ਼੍ਰੀ ਰੂਪ ਲਾਲ, ਸ਼੍ਰੀ ਪਰਮਜੀਤ, ਸ਼੍ਰੀ ਗੋਰਾ ਆਦਿ ਮੌਜੂਦ ਸਨ।