ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਰਕਾਰੀ ਸਕੂਲਾਂ ਨੂੰ ਵੰਡੇ ਟੈਬਲੇਟਸ
ਮੰਡੀ ਗੋਬਿੰਦਗੜ੍ਹ, 15 ਦਸੰਬਰ 2021 : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ ਤੇ ਨਾਲ ਹੀ ਸਕੂਲਾਂ ਨੂੰ ਟੈਬਲੇਟ ਵੀ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਸਿੱਖਿਆ ਦਾ ਮਿਆਰ ਵਧਿਆ ਹੈ ਅਤੇ ਪੰਜਾਬ ਦਾ ਭਵਿੱਖ ਸੁਨਹਿਰਾ ਬਣ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਗੋਬਿੰਦਗੜ੍ਹ ਵਿਖੇ 06 ਸਕੂਲਾਂ ਨੂੰ 05-05 ਟੈਬਲੇਟਸ ਕੁੱਲ 30 ਟੈਬਲੇਟਸ ਵੰਡਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਵਿਕਾਸ ਕਾਰਜਾਂ ਲਈ 05 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਸ. ਨਾਭਾ ਨੇ ਕਿਹਾ ਕਿ ਅੱਜ ਤਕਨੀਕ ਸਦਕਾ ਇਕ ਬਟਨ ਨਾਲ ਸਾਰੇ ਸੰਸਾਰ ਦੀ ਜਾਣਕਾਰੀ ਮਿਲ ਜਾਂਦੀ ਹੈ ਤੇ ਮੋਬਾਈਲ ਫੋਨ ਤਾਂ ਸਰੀਰ ਦਾ ਅੰਗ ਹੀ ਬਣ ਚੱਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਕਿ ਵਿਦਿਆਰਥੀਆਂ ਨੂੰਅਚੰਗੀ ਵਿੱਦਿਆ ਮਿਲੇ ਤੇ ਉਹ ਜ਼ਿੰਦਗੀ ਵਿੱਚ ਅੱਗੇ ਵੱਧ ਸਕਣ। ਬੱਚੇ ਦੇਸ਼ ਦਾ ਭਵਿੱਖ ਹਨ ਤੇ ਦੇਸ਼ ਦੇ ਚੰਗੇ ਭਵਿੱਖ ਲਈ ਚੰਗੀ ਵਿਦਿਆ ਲਾਜ਼ਮੀ ਹੈ।
ਸ. ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਹਿਣੀ ਤੇ ਕਰਨੀ ਦੇ ਪੂਰੇ ਹੋਣ ਦਾ ਸਬੂਤ ਦਿੰਦਿਆਂ ਇਹ ਟੈਬਲੇਟ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤਕਨਾਲੋਜੀ ਦਾ ਯੁੱਗ ਹੈ ਤੇ ਤਕਨੀਕੀ ਚੀਜ਼ਾਂ ਦਾ ਜ਼ਿੰਦਗੀ ਵਿੱਚ ਅਹਿਮ ਸਥਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਪੜ੍ਹਾਈ ਦੇ ਖੇਤਰ ਵਿੱਚ ਇਨ੍ਹਾਂ ਟੈਬਲੇਟਸ ਦਾ ਲਾਹਾ ਲੈਂਦਿਆਂ ਆਪਣਾ ਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵੱਡੀ ਗਿਣਤੀ ਵਿਦਿਆਰਥੀ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਕੋਲ ਤਕਨੀਕੀ ਚੀਜ਼ਾਂ ਨਾ ਹੋਣ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ ਪਰ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ।
ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਵੱਡੇ ਪੱਧਰ ਉਤੇ ਸੁਧਾਰ ਹੋਇਆ ਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ। ਇਸੇ ਤਹਿਤ ਜ਼ਿਲ੍ਹੇ ਵਿੱਚ ਸੀਨੀਅਰ ਸੈਕੰਡਰੀ ਨਾਲ ਸਬੰਧਤ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਹੱਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵੱਡਾ ਵਾਧਾ ਹੋਇਆ।
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਹੈ, ਜਿਸ ਨਾਲ ਸਿੱਖਿਆ ਦਾ ਮਿਆਰ ਮਿਸਾਲੀ ਤੌਰ ਉਤੇ ਉੱਪਰ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵਿਦਿਆਰਥੀਆਂ ਨੂੰ ਸਾਈਕਲ ਵੰਡੇ ਗਏ ਸਨ। ਸਮਾਜ ਸੇਵੀ ਸੰਸਥਾ ਸਵਰਗੀ ਸ. ਗੁਰਦਰਸ਼ਨ ਸਿੰਘ ਨਾਭਾ ਫਾਊਂਡੇਸ਼ਨ ਵਲੋਂ ਵੀ 05 ਹਜ਼ਾਰ ਸਾਈਕਲ ਦਿੱਤੇ ਜਾਣਗੇ।
ਇਸ ਮੌਕੇ ਸੰਜੀਵ ਦੱਤਾ, ਜੋਗਿੰਦਰ ਮੈਣੀ, ਡਾ. ਮਨਮੋਹਨ ਕੌਸ਼ਲ, ਪੀ.ਏ. ਰਾਮ ਕ੍ਰਿਸ਼ਨ ਭੱਲਾ, ਮਨਦੀਪ ਸਿੰਘ, ਰਾਜੂ ਸ਼ਾਹੀ, ਤਹਿਸੀਲਦਾਰ ਅਮਲੋਹ ਅੰਕਿਤਾ ਅਗਰਵਾਲ, ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ, ਰਜੇਸ਼ ਸ਼ਰਮਾ ਸਮੇਤ ਪਤਵੰਤੇ ਤੇ ਵੱਖ ਵੱਖ ਸਕੂਲਾਂ ਦੇ ਨੁਮਾਇੰਦੇ ਹਾਜ਼ਰ ਸਨ।