ਪੰਜਾਬ ਵਿਧਾਨ ਸਭਾ ਚੋਣਾਂ 2022 : ਚੋਣ ਕਮਿਸ਼ਨ ਦੀ ਟੀਮ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਵਿੱਚ ਦੋ ਦਿਨਾਂ ਦੌਰੇ `ਤੇ ਪਹੁੰਚੀ

0

ਚੰਡੀਗੜ੍ਹ, 15 ਦਸੰਬਰ 2021 :  ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਦੀਆਂ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀ ਟੀਮ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ਼੍ਰੀ ਸੁਸ਼ੀਲ ਚੰਦਰਾ ਦੀ ਅਗਵਾਈ ਵਿੱਚ ਚੋਣ ਕਮਿਸ਼ਨਰ ਸ਼੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸ਼੍ਰੀ ਅਨੂਪ ਚੰਦਰ ਪਾਂਡੇ ਦੇ ਨਾਲ ਅੱਜ ਇੱਥੇ ਦੋ ਦਿਨਾਂ ਦੌਰੇ `ਤੇ ਪਹੁੰਚੀ। ਕਮਿਸ਼ਨ ਦੀ ਟੀਮ ਵਿੱਚ ਤਿੰਨ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਚੰਦਰ ਭੂਸ਼ਣ ਕੁਮਾਰ, ਸ਼੍ਰੀ ਨਿਤੇਸ਼ ਵਿਆਸ ਅਤੇ ਸ਼੍ਰੀ ਟੀ ਸ਼੍ਰੀਕਾਂਤ ਅਤੇ ਡਾਇਰੈਕਟਰ ਜਨਰਲ ਸ਼੍ਰੀਮਤੀ ਸ਼ੇਫਾਲੀ ਬੀ ਸ਼ਰਨ ਸ਼ਾਮਲ ਹਨ। ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਮੋਹਾਲੀ ਹਵਾਈ ਅੱਡੇ `ਤੇ ਕਮਿਸ਼ਨ ਦੀ ਟੀਮ ਦਾ ਸੁਆਗਤ ਕਰਨ ਪਹੁੰਚੇ।

ਪਹਿਲੇ ਦਿਨ ਸੀਈਸੀ ਸ੍ਰੀ ਚੰਦਰਾ ਦੀ ਅਗਵਾਈ ਵਾਲੀ ਟੀਮ ਨੇ ਰਾਸ਼ਟਰੀ ਅਤੇ ਰਾਜ ਪੱਧਰੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗ ਕੀਤੀ। ਮੀਟਿੰਗ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਰਾਸ਼ਟਰਵਾਦੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵਿਚਾਰਿਆ ਅਤੇ ਘੋਖਿਆ ਜਾਵੇਗਾ।

ਇਸ ਤੋਂ ਬਾਅਦ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੀਈਓ ਪੰਜਾਬ, ਰਾਜ ਪੁਲਿਸ ਨੋਡਲ ਅਫ਼ਸਰ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਨਾਲ ਮੀਟਿੰਗ ਕੀਤੀ। ਕਮਿਸ਼ਨ ਨੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਨ ਵਾਸਤੇ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।

About The Author

Leave a Reply

Your email address will not be published. Required fields are marked *