ਪੰਜਾਬ ਸਰਕਾਰ ਨੇ ਸਰਹਿੰਦ-ਫਤਹਿਗੜ੍ਹ ਸਾਹਿਬ-ਬੇਲਾ ਸੜਕ ਦਾ ਨਾਮ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਰੱਖਿਆ : ਵਿਜੈ ਇੰਦਰ ਸਿੰਗਲਾ
ਸੰਗਰੂਰ, 16 ਦਸੰਬਰ 2021 : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਹਿੰਦ-ਫਤਿਹਗੜ੍ਹ ਸਾਹਿਬ-ਬੇਲਾ ਸੜਕ ਦਾ ਨਾਮ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਰੱਖ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਸਿੱਖਾਂ ਨਾਲ ਸਬੰਧਤ ਤਿੰਨ ਇਤਿਹਾਸਕ ਸ਼ਹਿਰਾਂ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਨੂੰ ਜੋੜਨ ਵਾਲੀ ਇਸ ਸੜਕ ਨੂੰ ਹੁਣ ਮਾਤਾ ਗੁਜਰੀ ਮਾਰਗ ਵਜੋਂ ਜਾਣਿਆ ਜਾਵੇਗਾ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਾਤਾ ਗੁਜਰ ਕੌਰ ਜੀ ਦੀ ਦੇ ਲਾਸਾਨੀ ਬਲੀਦਾਨ ਨੂੰ ਪੰਜਾਬ ਸਰਕਾਰ ਵੱਲੋਂ ਸਤਿਕਾਰ ਭੇਟ ਕਰਨ ਦਾ ਇਹ ਇਕ ਛੋਟਾ ਜਿਹਾ ਉਪਰਾਲਾ ਹੈ, ਜਿਨਾਂ ਨੇ ਬਿਨਾਂ ਕਿਸੇ ਸ਼ੰਕੇ ਤੋਂ ਆਪਣੇ ਪੂਰੇ ਪਰਿਵਾਰ ਨੂੰ ਧਰਮ ਹਿੱਤ ਸ਼ਹੀਦੀ ਪ੍ਰਾਪਤ ਕਰਨ ਲਈ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਇਹ ਉਹ ਸੜਕ ਹੈ ਜਿਸ ਦੀ ਇਤਿਹਾਸ ਵਿਚ ਬਹੁਤ ਮਹੱਤਤਾ ਹੈ ਕਿਉਂਕਿ ਇਹ ਸੜਕ ਉਨਾਂ ਸ਼ਹਿਰਾਂ ਨੂੰ ਜੋੜਦੀ ਹੈ ਜਿੱਥੇ ਮੁਗਲਾਂ ਦੇ ਜੁਲਮਾਂ ਨਾਲ ਆਢਾ ਲੈਂਦਿਆਂ ਚਾਰੇ ਸਾਹਿਬਜ਼ਾਦਿਆਂ ਅਤੇ ਖੁਦ ਮਾਤਾ ਗੁਜਰੀ ਜੀ ਨੇ ਮਾਣ ਨਾਲ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ।
ਸ੍ਰੀ ਸਿੰਗਲਾ ਨੇ ਕਿਹਾ ਕਿ 6 ਨਵੰਬਰ ਨੂੰ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਫਤਹਿਗੜ੍ਹ ਸਾਹਿਬ-ਬੇਲਾ ਸੜਕ ਦਾ ਨਾਂ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਸੀ ਅਤੇ 10 ਦਿਨਾਂ ਦੇ ਅੰਦਰ-ਅੰਦਰ ਲੋਕ ਨਿਰਮਾਣ ਵਿਭਾਗ ਨੇ ਇਸ ਫੈਸਲੇ ਨੂੰ ਅਮਲੀ ਜਾਮਾ ਪਹਿਨਾ ਦਿੱਤਾ। ਉਨਾਂ ਦੱਸਿਆ ਕਿ 44.53 ਕਿਲੋਮੀਟਰ ਲੰਬਾ ਇਹ ਮਾਰਗ ਸਰਹਿੰਦ, ਫਤਹਿਗੜ੍ਹ ਸਾਹਿਬ, ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਸ਼ਹਿਰਾਂ ਨੂੰ ਆਪਸ ਵਿੱਚ ਜੋੜਦਾ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕ ਨਿਰਮਾਣ ਵਿਭਾਗ ਵੀ ਰਾਜ ਦੇ ਲੋਕਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨਾਂ ਕਿਹਾ ਕਿ ਇਸ ਲਈ ਪੰਜਾਬ ਵਿੱਚ ਕਈ ਪ੍ਰੋਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਸੜਕਾਂ ਤੇ ਹੋਰ ਪ੍ਰੋਜੈਕਟਾਂ ਨੂੰ ਵੀ ਸੁਚੱਜੇ ਢੰਗ ਨਾਲ ਪੂਰਾ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।