ਮੁੱਖ ਮੰਤਰੀ ਚੰਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਕੀਤੀ ਨਿਖੇਧੀ

0

ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ

ਪੱਟੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਕੈਂਰੋ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਂ ਕੈਂਰੋ ਅਤੇ ਡਾ. ਭੀਮ ਰਾਓ ਅੰਬੇਦਕਰ ਪਬਲਿਕ ਪਾਰਕ ਪੱਟੀ ਦਾ ਕੀਤਾ ਰਸਮੀਂ ਉਦਘਾਟਨ

ਪੰਜਾਬ ਸਰਕਾਰ ਪਿੰਡ ਕੈਰੋਂ ਵਿਖੇ ਸਥਾਪਿਤ ਕਰੇਗੀ ਸ੍ਰ. ਪਰਤਾਪ ਸਿੰਘ ਕੈਰੋਂ ਦਾ ਬੁੱਤ

ਪੱਟੀ ਹਲਕੇ ਦੇ ਵਿਕਾਸ ਲਈ 17 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਹਲਕਾ ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਦਾਣਾ ਮੰਡੀ ਪੱਟੀ ਵਿਖੇ ਹੋਇਆ ਵਿਸ਼ਾਲ ਇਕੱਠ

ਤਰਨ ਤਾਰਨ, 19 ਦਸੰਬਰ  2021 :  ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹਨਾਂ ਸਾਜ਼ਿਸ਼ਾ ਦਾ ਪਰਦਾਫਾਸ਼ ਕਰਨ ਲਈ ਤਹਿ ਤੱਕ ਜਾਵੇਗੀ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
ਉਹਨਾਂ ਸੂਬਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਘਟਨਾ ਨੂੰ ਰੋਕਣ ਲਈ ਸੁਚੇਤ ਅਤੇ ਜਿੰਮੇਵਾਰ ਹੈ, ਉੱਥੇ ਲੋਕ ਵੀ ਧਾਰਮਿਕ ਅਸਥਾਨਾਂ ਦੀ ਸੰਭਾਲ ਲਈ ਹੋਰ ਸੁਚੇਤ ਰਹਿਣ।

ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸ੍ਰ. ਚਰਨਜੀਤ ਸਿੰਘ ਚੰਨੀ ਨੇ ਪੱਟੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਕੈਂਰੋ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਂ ਕੈਂਰੋ ਅਤੇ ਡਾ. ਭੀਮ ਰਾਓ ਅੰਬੇਦਕਰ ਪਬਲਿਕ ਪਾਰਕ ਪੱਟੀ ਦਾ ਰਸਮੀਂ ਉਦਘਾਟਨ ਕਰਨ ਉਪਰੰਤ ਹਲਕਾ ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ ਵੱਲੋਂ ਦਾਣਾ ਮੰਡੀ ਪੱਟੀ ਵਿਖੇ ਕਰਵਾਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਬੇਅਦਬੀ ਦੀਆਂ ਇਹਨਾਂ ਘਟਨਾਵਾਂ ਕਾਰਨ ਹਰ ਨਾਨਕ ਨਾਮ ਲੇਵਾ ਸੰਗਤ ਦਾ ਹਿਰਦਾ ਵਲੂੰਦਰਿਆ ਗਿਆ ਹੈ ਅਤੇ ਇਹ ਅਤਿ ਨਿੰਦਣਯੋਗ ਕਾਰਾ ਕਰਨ ਵਾਲੇ ਦੋਸ਼ੀ ਬਖਸ਼ੇ ਨਹੀਂ ਜਾਣਗੇ।

ਇਸ ਮੌਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਜੋ ਵੀ ਐਲਾਨ ਕੀਤੇ ਹਨ, ਉਹਨਾਂ ਨੂੰ ਅਮਲੀ ਰੂਪ ਵਿੱਚ ਲਾਗੂ ਵੀ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ 2 ਕਿਲੋਵਾਟ ਤੱਕ ਦੇ ਬਿਜਲੀ ਲੋਡ ਦੇ ਖਪਤਕਾਰਾਂ ਦੇ ਬਕਾਏ ਬਿੱਲ ਮਾਫ਼ ਕਰਨ ਦੇ ਨਾਲ-ਨਾਲ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਕਾਏ ਮਾਫ਼ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੈਟਰੋਲ ਦੇ ਰੇਟਾਂ ਵਿੱਚ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਰੇਟਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।ਪੰਜਾਬ ਸਰਕਾਰ ਨੇ ਰੇਤ ਮਾਫ਼ੀਆ ‘ਤੇ ਨਕੇਲ ਕਸਦਿਆਂ ਸੂਬੇ ਭਰ ਵਿੱਚ ਰੇਤ ਦਾ ਮੁੱਲ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਿਤ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੀ ਭਲਾਈ ਲਈ ਦ੍ਰਿੜ-ਸੰਕਲਪ ਹੈ ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉੱਤੇ ਜਿੰਨ੍ਹਾਂ ਚਿਰ ਬਾਦਲਾਂ ਅਤੇ ਮਜੀਠੀਏ ਦਾ ਕਬਜ਼ਾ ਹੈ, ਉਹਨਾਂ ਚਿਰ ਅਕਾਲੀ ਦਲ ਦੁਬਾਰਾ ਸੱਤਾ ਵਿੱਚ ਨਹੀਂ ਆ ਸਕਦਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਬਾਦਲਾਂ ਦੇ ਕਾਰਿਆਂ ਨੂੰ ਭੁੱਲੇ ਨਹੀਂ ਹਨ।ਇਸ ਮੌਕੇ ਕੇਜਰੀਵਾਲ ਦਾ ਜਿਕਰ ਕਰਦਿਆਂ ਸ੍ਰ. ਚੰਨੀ ਨੇ ਕਿਹਾ ਕਿ ਪੰਜਾਬ ਕੋਈ ਸ਼ਾਮਲਾਟ ਜ਼ਮੀਨ ਨਹੀਂ ਹੈ, ਜਿਸ ਉੱਪਰ ਕੋਈ ਵੀ ਬਾਹਰੀ ਵਿਅਕਤੀ ਆ ਕੇ ਕਬਜ਼ਾ ਕਰ ਸਕੇ। ਉਹਨਾਂ ਕਿਹਾ ਕਿ ਕੇਜਰੀਵਾਲ ਪੰਜਾਬ ਨੂੰ ਲੁੱਟਣ ਦੀ ਨੀਅਤ ਨਾਲ ਆਇਆ ਹੈ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ।

ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਨਾਲ ਗੱਠਜੋੜ ਸਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਅਸਲ ਵਿੱਚ ਕੈਪਟਨ ਦਾ ਭਾਜਪਾ ਦੇ ਨਾਲ ਪਹਿਲਾ ਹੀ ਗੱਠਜੋੜ ਸੀ, ਜਿਸ ਦਾ ਉਹਨਾਂ ਨੇ ਹੁਣ ਰਸਮੀਂ ਤੌਰ ‘ਤੇ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਰੋਧੀ ਭਾਜਪਾ ਨਾਲ ਸਾਂਝ ਪਾ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ।

ਇਸ ਮੌਕੇ ਉਹਨਾਂ ਪੱਟੀ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 10 ਕਰੋੜ ਰੁਪਏ, ਪੱਟੀ ਸ਼ਹਿਰ ਦੇ ਵਿਕਾਸ ਲਈ 5 ਕਰੋੜ ਰੁਪਏ ਅਤੇ ਪਿੰਡ ਕੈਰੋਂ ਸਰਬਪੱਖੀ ਵਿਕਾਸ ਲਈ 2 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਕੈਰੋਂ ਵਿਖੇ ਮਹਾਂ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸ੍ਰ. ਪਰਤਾਪ ਸਿੰਘ ਕੈਰੋਂ ਦਾ ਬੁੱਤ ਕਾਂਸੇ ਦਾ ਬੁੱਤ ਲਗਾਇਆ ਜਾਵੇਗਾ, ਜਿਸ ਉੱਤੇ ਲੱਗਭੱਗ 25 ਲੱਖ ਰੁਪਏ ਖਰਚੇ ਜਾਣਗੇ।ਇਸ ਦੇ ਨਾਲ ਹੀ ਉਹਨਾਂ ਨੇ ਹਲਕਾ ਪੱਟੀ ਦੇ 5 ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।

ਇਸ ਤੋਂ ਪਹਿਲਾ ਉੱਪ ਮੁੱਖ ਮੰਤਰੀ ਪੰਜਾਬ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ, ਜੋ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ, ਪੰਜਾਬ ਪੁਲਿਸ ਵੱਲੋਂ ਉਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ, ਜਿਸ ਵਰਗ ਖੁਸ਼ ਹੈ। ਉਹਨਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤ ਕੇ ਇੱਕ ਵਾਰ ਫਿਰ ਲੋਕ ਪੱਖੀ ਸਰਕਾਰ ਬਣਾਏਗੀ।
ਇਸ ਮੌਕੇ ਹਲਕਾ ਪੱਟੀ ਦੇ ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਕੈਂਰੋ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਂ ਕੈਂਰੋ ਅਤੇ ਡਾ. ਭੀਮ ਰਾਓ ਅੰਬੇਦਕਰ ਪਬਲਿਕ ਪਾਰਕ ਪੱਟੀ ਦਾ ਰਸਮੀਂ ਉਦਘਾਟਨ ਕਰਨ ‘ਤੇ ਮੁੱਖ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਟੀ ਵਿੱਚ ਪਿਛਲੇ 5 ਸਾਲਾਂ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ।ਇਸ ਮੌਕੇ ਉਹਨਾਂ ਮੁੱਖ ਮੰਤਰੀ ਪੰਜਾਬ ਕੋਲੋਂ ਸ਼ੇਰੋਂ ਖੰਡ ਮਿੱਲ ਨੂੰ ਦੁਬਾਰਾ ਸ਼ੂਰੂ ਕਰਨ ਦੀ ਮੰਗ ਵੀ ਕੀਤੀ ।ਇਸ ਮੌਕੇ ਉਹਨਾਂ ਵੱਡੀ ਗਿਣਤੀ ਵਿੱਚ ਪਹੁੰਚੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲ਼ਰ ਅਤੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਹਰਵਿੰਦਰ ਸਿੰਘ ਵਿਰਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *