ਪਸ਼ੂ ਪਾਲਣ ਮੰਤਰੀ ਨੇ 250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਵਿਭਾਗ ਦੀ ਮਜ਼ਬੂਤੀ ਤੇ ਚੰਗੀਆਂ ਨਸਲਾਂ ਅਤੇ ਵਿਦੇਸ਼ੀ ਸੀਮਨ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ: ਤ੍ਰਿਪਤ ਬਾਜਵਾ
ਚੰਡੀਗੜ੍ਹ/ਐਸ.ਏ.ਐਸ. ਨਗਰ, 23 ਦਸੰਬਰ 2021 : ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ 250 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਲਾਈਵਸਟਾਕ ਭਵਨ ਵਿਖੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਸ. ਬਾਜਵਾ ਨੇ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਨਾਲ ਪਸ਼ੂ ਪਾਲਣ ਵਿਭਾਗ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਪਸ਼ੂ ਪਾਲਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਚੰਗੀ ਨਸਲ ਅਤੇ ਵਿਦੇਸ਼ੀ ਸੀਮਨ/ਭਰੂਣ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਦੁੱਧ ਉਤਪਾਦਕਤਾ ਵਿੱਚ ਚੋਖਾ ਵਾਧਾ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ ਅਤੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਜਿਵੇਂ ਕਿ ਡੇਅਰੀ ਫਾਰਮਿੰਗ, ਬੱਕਰੀ ਪਾਲਣ ਅਤੇ ਸੂਰ ਪਾਲਣ ਵਰਗੇ ਧੰਦੇ ਵੀ ਅਪਣਾਉਣੇ ਚਾਹੀਦੇ ਹਨ ਜਿਸ ਨਾਲ ਯਕੀਨੀ ਤੌਰ ‘ਤੇ ਸਾਡੀ ਆਮਦਨ ਵਿੱਚ ਵਾਧਾ ਹੋਵੇਗਾ।
ਇਸ ਮੌਕੇ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ ਆਈ.ਏ.ਐਸ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਧਨ ਦੀ ਨਸਲ ਵਿੱਚ ਸੁਧਾਰ ਲਈ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਵਿੱਚ ਪਸ਼ੂ ਪਾਲਣ ਅਤੇ ਡੇਅਰੀ ਦੇ ਕਿੱਤੇ ਨੂੰ ਹੋਰ ਵਿਕਸਤ ਕੀਤਾ ਜਾ ਸਕੇ।
ਇਸ ਮੌਕੇ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਪਸ਼ੂ ਪਾਲਣ ਡਾ: ਐਚ.ਐਸ. ਕਾਹਲੋਂ ਅਤੇ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।