ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਸਾਲਾਨਾ ਸ਼ਹੀਦੀ ਸਭਾ ਸੰਪੰਨ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਜਾਇਆ ਸ਼ਹੀਦੀ ਨਗਰ ਕੀਰਤਨ
ਫ਼ਤਹਿਗੜ੍ਹ ਸਾਹਿਬ, 27 ਦਸੰਬਰ 2021 : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ’ਤੇ ਸੰਪੰਨ ਹੋਈ।
ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਨਗਰ ਕੀਰਤਨ ਦੇ ਮੂਹਰੇ ਦਲਾਂ ਪੰਥਾਂ ਦੇ ਨਿਸ਼ਾਨ, ਪੰਜ ਪਿਆਰੇ ਸਾਹਿਬਾਨ ਅਤੇ ਵੱਡੀ ਗਿਣਤੀ ਸੰਗਤ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਚੱਲ ਰਹੀ ਸੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗੋਇਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਹਰਕੰਵਲਜੀਤ ਸਿੰਘ, ਸਹਾਇਕ ਕਮਿਸ਼ਨਰ ਅਸ਼ੋਕ ਕੁਮਾਰ, ਐਸ ਡੀ ਐਮ ਸ੍ਰੀ ਹਿਮਾਂਸੂ ਗੁਪਤਾ, ਐਸ ਡੀ ਐਮ ਰਾਜਪੁਰਾ ਡਾ ਸੰਜੀਵ ਕੁਮਾਰ, ਤਹਿਸੀਲਦਾਰ ਰਾਜਪੁਰਾ ਗੁਰਜਿੰਦਰ ਸਿੰਘ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋਣ ਵੇਲੇ ਸੰਗਤ ਫੁੱਲਾਂ ਦੀ ਵਰਖਾ ਕਰ ਰਹੀ ਸੀ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੋਲੇ ਸੋ ਨਿਹਾਲ ਅਤੇ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ।
ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸਤਰਾਂ ਤੇ ਸ਼ਸਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਵੱਖ-ਵੱਖ ਸਕੂਲਾਂ, ਕਾਲਜਾਂ, ਅਕੈਡਮੀਆਂ ਦੇ ਵਿਦਿਆਰਥੀ ਅਤੇ ਗੱਤਕਾ ਪਾਰਟੀਆਂ ਦੇ ਨਾਲ-ਨਾਲ ਸੰਗਤ ਗੁਰੂ ਜਸ ਗਾਇਨ ਕਰ ਰਹੀ ਸੀ। ਨਗਰ ਕੀਰਤਨ ਦੌਰਾਨ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਤਿਕਾਰ ਕੀਤਾ ਅਤੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ ।
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਭਾ ਅਤੇ ਸ਼ਹੀਦੀ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕੀਤੀ ਜਦੋਂ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਅਰਦਾਸ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਸ਼ਹੀਦੀ ਸਭਾ ਵਿੱਚ ਸ਼ਾਮਲ ਸਮੂਹ ਸੰਗਤ ਪੂਰਨ ਇਕਾਗਰਤਾ ਨਾਲ ਮਹਾਨ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰ ਸਕੇ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੰਦਿਆ ਸਿੱਖ ਕੌਮ ਨੂੰ ਇੱਕਜੁਟ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖ ਪ੍ਰੰਪਰਾਵਾਂ ਉਪਰ ਹਮਲਿਆਂ ਨੂੰ ਰੋਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਉਹ ਸਮੁੱਚੀਆਂ ਸਿੱਖ ਸੰਸਥਾਵਾਂ ਨਾਲ ਰਾਏ ਮਸ਼ਵਰਾ ਕਰੇ ਤਾਂ ਕਿ ਅਗਲੇ ਸਾਲ ਦੌਰਾਨ ਸ਼ਹੀਦੀ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨਗਰ ਕੀਰਤਨ ਵਿੱਚ ਅੱਗੇ ਹੋਵੇ ਅਤੇ ਸਮੁੱਚੀ ਸਿੱਖ ਸੰਗਤ ਪਿੱਛੇ-ਪਿੱਛੇ ਤਾਂ ਕਿ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਵਿੱਚ ਕੋਈ ਘਾਟ ਨਾ ਹੋਵੇ।
ਇਸ ਤੋਂ ਪਹਿਲਾਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੀ ਸਿੱਖ ਕੌਮ ਸ੍ਰੀ ਗੁਰੂ ਨਾਨਕ ਸਾਹਿਬ ਵੱਲੋਂ ਬਖ਼ਸ਼ੇ ਸ਼ਬਦ ਗੁਰਬਾਣੀ ਦੇ ਸਿਧਾਂਤ ਨਾਲ ਜੁੜੇ ਤਾਂ ਕਿ ਸ਼ਬਦ ਉਪਰ ਹਮਲੇ ਨਾਕਾਮ ਕੀਤੇ ਜਾ ਸਕਣ। ਪ੍ਰਧਾਨ ਨੇ ਕਿਹਾ ਕਿ ਸੰਗਤ ਦੀ ਸ਼ਰਧਾ ਤੇ ਉਤਸ਼ਾਹ ਨੂੰ ਸਿਜਦਾ ਹੈ।
ਇਸ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ, ਦਲ ਪੰਥ ਬਿਧੀ ਚੰਦ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ, ਸੰਤ ਹਰੀ ਸਿੰਘ ਰੰਧਾਵੇ ਵਾਲੇ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਹੈਡਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਦਮਦਮੀ ਟਕਸਾਲ ਵੱਲੋਂ ਗਿਆਨੀ ਸੁਖਦੀਪ ਸਿੰਘ ਤੇ ਜੀਵਾ ਸਿੰਘ, ਦਲ ਪੰਥ ਤਰਨਾ ਦਲ ਵੱਲੋਂ ਜਥੇਦਾਰ ਨਾਗਰ ਸਿੰਘ,ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ,ਸਕੱਤਰ ਸੁਰਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾ ਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾ, ਹਰਜੀਤ ਸਿੰਘ ਘੁੰਮਣ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸਰਵਣ ਸਿੰਘ ਕੁਲਾਰ, ਮੈਂਬਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਹਰਭਜਨ ਸਿੰਘ ਜੱਲਾ, ਰਾਵਿੰਦਰ ਸਿੰਘ, ਅਵਤਾਰ ਸਿੰਘ, ਸਮੇਤ ਸੰਗਤ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ ।