ਨਵੇਂ ਸਾਲ ਦੇ ਮੌਕੇ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਮਚੀ ਹਫੜਾ-ਦਫੜੀ, 12 ਲੋਕਾਂ ਦੀ ਮੌਤ, 15 ਜ਼ਖਮੀ
ਜੰਮੂ ਕਸ਼ਮੀਰ, 01 ਜਨਵਰੀ 2022 : ਦੇਰ ਰਾਤ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਮਚੀ ਭਗਦੜ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 15 ਲੋਕਾਂ ਦੇ ਜ਼ਖਮੀ ਹੋਣ ਦੀ ਦੁਖਦਾਈ ਖ਼ਬਰ ਹੈ । ਦਸਣਯੋਗ ਹੈ ਕਿ ਜ਼ਖ਼ਮੀਆਂ ਨੂੰ ਸਥਾਨਕ ਨਰਾਇਣਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਤਿੰਨ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸਾ ਰਾਤ 1:30 ਤੋਂ 2 ਵਜੇ ਦੇ ਕਰੀਬ ਵਾਪਰਿਆ।
ਜਾਨਾਂ ਗੁਆਉਣ ਵਾਲੇ ਦਿੱਲੀ, ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਸਨ। ਇੱਕ ਸ਼ਰਧਾਲੂ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਬਾਹਰ ਨਿਕਲਣ ਦਾ ਕੋਈ ਰਸਤਾ ਨਹੀਂ ਸੀ। ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਰਾਹੀਂ ਕੀਤਾ ਹੈ ।
ਉਨ੍ਹਾਂ ਕਿਹਾ ਕਿ ਮਾਤਾ ਵੈਸ਼ਨੋ ਦੇਵੀ ਭਵਨ ‘ਚ ਭਗਦੜ ‘ਚ ਲੋਕਾਂ ਦੀ ਮੌਤ ਤੋਂ ਬੇਹੱਦ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਮੇਰੀ ਹਮਦਰਦੀ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।