ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
ਅਧਿਕਾਰੀਆਂ ਨੂੰ ਸਾਰੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ਲਈ ਕਿਹਾ
ਪਹਿਲਾਂ ਹੀ ਵਰਕ ਆਰਡਰ ਅਲਾਟ ਹੋ ਚੁੱਕੇ ਪ੍ਰਾਜੈਕਟਾਂ ‘ਤੇ ਕੰਮ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼
ਜਲੰਧਰ, 3 ਜਨਵਰੀ 2022 : ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੋਮਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਮੁਕੰਮਲ ਕੀਤੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ । ਇਸ ਤੋਂ ਇਲਾਵਾ ਵਰਕ ਆਰਡਰ ਅਲਾਟ ਕੀਤੇ ਗਏ ਕੰਮਾਂ ਨੂੰ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ।
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਰਜ ਸਾਧਕ ਅਫ਼ਸਰਾਂ, ਬੀ.ਡੀ.ਪੀ.ਓਜ਼ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵੱਖ-ਵੱਖ ਪ੍ਰਾਜੈਕਟਾਂ, ਜਿਨ੍ਹਾਂ ਦੇ ਵਰਕ ਆਰਡਰ ਅਲਾਟ ਕੀਤੇ ਜਾ ਚੁੱਕੇ ਹਨ, ‘ਤੇ ਕੰਮ ਤੁਰੰਤ ਪ੍ਰਭਾਵ ਨਾਲ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਕਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨਾਲ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਸ਼ੂ ਜੈਨ ਦੀ ਮੌਜੂਦਗੀ ਵਿੱਚ ਡਿਪਟੀ ਕਮਿਸ਼ਨਰ ਨੇ ਸਮਾਰਟ ਵਿਲੇਜ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਸ ਦੇ ਪਹਿਲੇ ਪੜਾਅ ਤਹਿਤ ਪ੍ਰਵਾਨ ਕੀਤੇ ਗਏ 964 ਕਾਰਜਾਂ ਵਿੱਚੋਂ 962 ਕੰਮ ਮੁਕੰਮਲ ਹੋ ਚੁੱਕੇ ਹਨ ਜਦਕਿ ਦੂਜੇ ਪੜਾਅ ਤਹਿਤ ਪ੍ਰਵਾਨ ਕੀਤੇ 3086 ਕਾਰਜਾਂ ਵਿੱਚੋਂ 2834 ਕਾਰਜ ਨੇਪਰੇ ਚਾੜ੍ਹੇ ਜਾ ਚੁੱਕੇ ਹਨ । ਇਸੇ ਤਰ੍ਹਾਂ ਨਗਰ ਨਿਗਮ ਜਲੰਧਰ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਪਹਿਲੇ ਪੜਾਅ ਵਿੱਚ ਕੁੱਲ 127 ਅਲਾਟ ਕੀਤੇ ਕੰਮਾਂ ਵਿੱਚੋਂ 122 ਕੰਮ 1775.45 ਲੱਖ ਦੀ ਲਾਗਤ ਨਾਲ ਮੁਕੰਮਲ ਕੀਤੇ ਜਾ ਚੁੱਕੇ ਹਨ ਜਦਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵੱਲੋਂ ਅਲਾਟ ਕੀਤੇ 188 ਕੰਮਾਂ ਵਿੱਚੋਂ 185 ਕੰਮ 1064.98 ਲੱਖ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾ ਚੁੱਕੇ ਹਨ।
ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਨਗਰ ਨਿਗਮ ਵੱਲੋਂ ਅਲਾਟ ਕੀਤੇ 200 ਕੰਮਾਂ ਵਿੱਚੋਂ 136 ਕੰਮ 3623.90 ਲੱਖ ਰੁਪਏ ਨਾਲ ਮੁਕੰਮਲ ਹੋ ਗਏ ਹਨ ਜਦਕਿ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ੁਰੂ ਕਰਵਾਏ 249 ਕੰਮਾਂ ਵਿੱਚੋਂ 224 ਕਾਰਜ 1355.86 ਲੱਖ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸੇ ਤਰ੍ਹਾਂ ਤੀਜੇ ਪੜਾਅ ਤਹਿਤ ਨਗਰ ਨਿਗਮ ਵੱਲੋਂ ਅਲਾਟ ਕੀਤੇ 114 ਕੰਮਾਂ ਵਿੱਚੋਂ 114 ਕੰਮ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ 2723.99 ਲੱਖ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ ਜਦਕਿ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ੁਰੂ ਕਰਵਾਏ 155 ਕੰਮਾਂ ਵਿੱਚੋਂ 73 ਕੰਮ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ 189.23 ਲੱਖ ਦੀ ਲਾਗਤ ਨਾਲ 16 ਕਾਰਜ ਮੁਕੰਮਲ ਕੀਤੇ ਜਾ ਚੁਕੇ ਹਨ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ, 5-5 ਮਰਲਾ ਪਲਾਟ ਆਦਿ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਤੋਂ ਇਲਾਵਾ ਬੱਲਾਂ ਪਿੰਡ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਸਮੂਹ ਐਸ.ਡੀ.ਐਮਜ਼, ਨਗਰ ਕੌਂਸਲਾਂ ਦੇ ਕਾਰਜਕਾਰੀ ਅਫ਼ਸਰ ਅਤੇ ਹੋਰ ਮੌਜੂਦ ਸਨ।