ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ – ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ

0

ਜ਼ਿਲ੍ਹੇ ਦੇ 1 4 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਦੀ ਜਾਂਚ ਲਈ ਗਠਿਤ ਟੀਮਾਂ ਕਾਰਜਸ਼ੀਲ ਹੋਈਆਂ

ਸਰਕਾਰੀ ਜਾਇਦਾਦਾਂ ਤੋਂ ਰਾਜਨੀਤਿਕ ਇਸ਼ਤਿਹਾਰਾਂ ਹਟਾਉਣ ਦਾ ਕੰਮ 48 ਘੰਟੇ ‘ਚ ਮੁਕੰਮਲ ਕਰਨ ਦੇ ਨਿਰਦੇਸ਼

15 ਜਨਵਰੀ ਤੱਕ ਕੋਈ ਰੈਲੀ, ਜਲੂਸ, ਰੋਡ ਸ਼ੋਅ, ਨੁੱਕੜ ਮੀਟਿੰਗ ਨਹੀਂ

ਲੁਧਿਆਣਾ, 8 ਜਨਵਰੀ 2022 :  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ  ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਧਾਨ ਸਭਾ ਚੋਣਾਂ ਦੌਰਾਨ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਮਾਹੌਲ ਸੁਨਿਸ਼ਚਿਤ ਕਰਨ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅਸੀਂ ਕੋਵਿਡ-19 ਪ੍ਰੋਟੋਕੋਲ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੁਆਰਾ ਲਗਾਈਆਂ ਪਾਬੰਦੀਆਂ ਅਤੇ ਸੀਮਾਵਾਂ ਨੂੰ ਸਪੱਸ਼ਟ ਤੌਰ ‘ਤੇ ਲਾਗੂ ਕਰਾਂਗੇੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।  ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ।  ਉਨ੍ਹਾਂ ਸਪੱਸ਼ਟ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ‘ਤੇ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਪੱਧਰ ‘ਤੇ ਕਈ ਕਮੇਟੀਆਂ ਦਾ ਗਠਨ ਕੀਤਾ ਹੈ ਅਤੇ ਖੁਲਾਸਾ ਕੀਤਾ ਕਿ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਵਹੀਕਲ ਮੈਨੇਜਮੈਂਟ ਟੀਮਾਂ, ਖਰਚਾ ਨਿਗਰਾਨ ਕਮੇਟੀ, ਆਦਰਸ਼ ਚੋਣ ਜ਼ਾਬਤਾ ਟੀਮਾਂ, ਵੀਡੀਓ ਵਿਊਇੰਗ ਟੀਮਾਂ ਅਤੇ ਲੇਖਾ-ਜੋਖਾ ਟੀਮਾਂ, ਫਲਾਈਂਗ ਸਕੁਐਡ ਟੀਮਾਂ, ਸਟੈਟਿਕ ਸਰਵੀਲੈਂਸ ਟੀਮਾਂ ਅਤੇ ਕੰਟਰੋਲ ਰੂਮ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਲੋਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਆਪਣੀ ਸ਼ਿਕਾਇਤ 1950 ਟੋਲ ਫ੍ਰੀ ਨੰਬਰ ਰਾਹੀਂ ਵੀ ਦਰਜ ਕਰਵਾ ਸਕਦੇ ਹਨ।  ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸੀਵਿਜਿਲ ਐਪ ਦੀ ਸ਼ੁਰੂਆਤ ਵੀ ਕੀਤੀ ਹੈ, ਜਿਸ ਅਨੁਸਾਰ ਚੋਣ ਜ਼ਾਬਤੇ ਸਬੰਧੀ ਹਰ ਸ਼ਿਕਾਇਤ 100 ਮਿੰਟ ਦੇ ਅੰਦਰ-ਅੰਦਰ ਨਿਪਟਾਈ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਐਪ ਰਾਹੀਂ ਆਦਰਸ਼ ਜ਼ਾਬਤੇ ਦੀ ਉਲੰਘਣਾ ਸਬੰਧੀ ਹਰ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਵੀਡੀਓ ਕਲਿੱਪ ਜਾਂ ਤਸਵੀਰ ਲੋਡ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਸਾਰੀਆਂ ਟੀਮਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਕੋਈ ਵੀ ਪੈਸੇ ਜਾਂ ਹੋਰ ਗਲਤ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਨਾ ਕਰ ਸਕੇ।
ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਰੇਕ ਉਮੀਦਵਾਰ ਲਈ ਖਰਚ ਕਰਨ ਦੀ ਸੀਮਾ 40 ਲੱਖ ਰੁਪਏ ਰੱਖੀ ਹੈ। ਇਸੇ ਤਰ੍ਹਾਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵੱਲੋਂ ਹਰ ਵਸਤੂ ਦੇ ਰੇਟ ਤੈਅ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 150 ਤੋਂ ਵੱਧ ਵਸਤੂਆਂ ਦੀਆਂ ਇਹ ਸੂਚੀਆਂ ਸਿਆਸੀ ਪਾਰਟੀਆਂ ਨੂੰ ਵੀ ਦਿੱਤੀਆਂ ਗਈਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਚੋਣ ਸਬੰਧੀ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ, ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਲਈ 28 ਜਨਵਰੀ ਤੱਕ ਸਬੰਧਤ ਐਸ.ਡੀ.ਐਮਜ਼ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 29 ਜਨਵਰੀ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ 31 ਜਨਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ, ਬਿਜਲੀ, ਟੈਲੀਫੋਨ ਦੇ ਖੰਭਿਆਂ, ਦਰੱਖਤਾਂ, ਸਰਕਾਰੀ ਇਮਾਰਤਾਂ ਅਤੇ ਹੋਰ ਥਾਵਾਂ ਤੋਂ ਸਾਰੇ ਸਿਆਸੀ ਹੋਰਡਿੰਗਜ਼/ਪੋਸਟਰ/ਬੈਨਰਾਂ ਨੂੰ ਤੁਰੰਤ ਹਟਾ ਦਿੱਤਾ ਜਾਵੇ ਅਤੇ ਸਥਾਨਕ ਪੱਧਰ ਦੀਆਂ ਸਰਕਾਰੀ ਵੈੱਬਸਾਈਟਾਂ ਤੋਂ ਸਿਆਸੀ ਨਾਅਰੇ ਜਾਂ ਤਸਵੀਰਾਂ ਹਟਾਉਣ ਲਈ 48 ਘੰਟਿਆਂ ਦੀ ਸਮਾਂ ਸੀਮਾ ਵੀ ਤੈਅ ਕੀਤੀ।

ਇਸ ਤੋਂ ਇਲਾਵਾ ਸ੍ਰੀ ਸ਼ਰਮਾ ਨੇ ਰਿਟਰਨਿੰਗ ਅਫ਼ਸਰਾਂ ਨੂੰ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੇ, ਪੈਸੇ ਜਾਂ ਹੋਰ ਗੈਰ-ਕਾਨੂੰਨੀ ਸਾਧਨਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਲਈ ਆਪਣੇ ਖੇਤਰਾਂ ਵਿੱਚ ਲਗਾਏ ਜਾ ਰਹੇ ਸਾਰੇ ਨਾਕਿਆਂ ਦੀ ਨਿੱਜੀ ਤੌਰ ‘ਤੇ ਜਾਂਚ ਕਰਨ ਦੇ ਆਦੇਸ਼ ਦਿੱਤੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਰਿਟਰਨਿੰਗ ਅਫ਼ਸਰਾਂ (ਆਰ.ਓਜ਼) ਨੂੰ ਅਗਲੇ ਦਿਨਾਂ ਵਿੱਚ ਹਰੇਕ ਪੋਲਿੰਗ ਬੂਥ ਦਾ ਦੌਰਾ ਕਰਨ ਲਈ ਕਿਹਾ ਤਾਂ ਜੋ ਉੱਥੇ ਸੈਨੀਟਾਈਜ਼ੇਸ਼ਨ, ਥਰਮਲ ਸਕੈਨਰ, ਮਾਸਕਿੰਗ, ਕਤਾਰਾਂ ਵਿੱਚ ਸਮਾਜਿਕ ਦੂਰੀ ਵਾਲੇ ਸਰਕਲਾਂ ਦੀ ਨਿਸ਼ਾਨਦੇਹੀ, ਸੈਨੀਟਾਈਜ਼ਰ, ਹੈਂਡ ਗਲੋਵਰ ਅਤੇ ਛਾਂਦਾਰ ਉਡੀਕ ਖੇਤਰ, ਪੀਣ ਵਾਲਾ ਪਾਣੀ, ਪਖਾਨੇ, ਰੈਂਪ, ਵ੍ਹੀਲ ਚੇਅਰ ਅਤੇ ਹੋਰ ਸਮੇਤ ਸਾਰੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ।

About The Author

Leave a Reply

Your email address will not be published. Required fields are marked *

error: Content is protected !!