ਚੋਣ ਕਮਿਸ਼ਨ ਨੇ ਉਮੀਦਵਾਰਾਂ ਦੇ ਖਰਚੇ ਦੀ ਸੀਮਾ ਵਧਾ ਕੇ 40 ਲੱਖ ਰੁਪਏ ਕੀਤੀ : ਦਰਬਾਰਾ ਸਿੰਘ
– ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 41-ਉੜਮੁੜ ਨੇ ਕੀਤੀ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨਾਲ ਮੀਟਿੰਗ
– ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ 15 ਜਨਵਰੀ ਤੱਕ ਰਾਜਨੀਤਿਕ ਰੈਲੀਆਂ, ਮੀਟਿੰਗਾਂ ਤੇ ਹੋਰ ਰਾਜਨੀਤਿਕ ਇਕੱਠ ਨਾ ਕਰਨ ਦੀ ਕੀਤੀ ਹਦਾਇਤ
ਹੁਸ਼ਿਆਰਪੁਰ, 12 ਜਨਵਰੀ 2022 : ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 41-ਉੜਮੁੜ ਦਰਬਾਬਾ ਸਿੰਘ ਨੇ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਉਮੀਦਵਾਰਾਂ ਦੇ ਖਰਚੇ ਦੀ ਸੀਮਾ ਨੂੰ ਵਧਾ ਕੇ 40 ਲੱਖ ਰੁਪਏ ਕਰ ਦਿੱਤਾ ਹੈ। ਉਹ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਮੀਦਵਾਰ ਇਲੈਕਟ੍ਰੋਨਿਕ ਮੀਡੀਆ, ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਦੇਣ ਲਈ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ ਤੋਂ ਮਨਜ਼ੂਰੀ ਲੈਣ।
ਰਿਟਰਨਿੰਗ ਅਫ਼ਸਰ 41-ਉੜਮੁੜ ਨੇ ਕਿਹਾ ਕਿ ਨਿੱਜੀ ਇਮਾਰਤਾਂ ’ਤੇ ਲੱਗੇ ਰਾਜਨੀਤਿਕ ਦਲਾਂ ਦੇ ਹੋਰਡਿੰਗਜ਼, ਬੈਨਰ, ਪੋਸਟਰਾਂ ਲਈ ਨਿੱਜੀ ਜਾਇਦਾਦ ਦੇ ਮਾਲਕਾਂ ਦੀ ਸਹਿਮਤੀ ਜ਼ਰੂਰੀ ਹੋਵੇਗੀ ਅਤੇ ਇਸ ਦੀ ਸੂਚੀ ਉਨ੍ਹਾਂ ਦੇ ਦਫ਼ਤਰ ਵਿਚ ਸੌਂਪੀ ਜਾਵੇ। ਉਨ੍ਹਾਂ ਸਰਕਾਰੀ ਸੰਸਥਾਵਾਂ ’ਤੇ ਕੋਈ ਵੀ ਇਸ਼ਤਿਹਾਰ ਨਾ ਚਿਪਕਾਉਣ ਦੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਰਾਜਨੀਤਿਕ ਦਲਾਂ ਦੇ ਇਸ ਤਰ੍ਹਾਂ ਦੇ ਕਿਸੇ ਵੀ ਪ੍ਰਚਾਰ ਮੁਹਿੰਮ ਤੋਂ ਬਚਣ ਲਈ ਕਿਹਾ ਜੋ ਆਪਸੀ ਨਫਰਤ ਨੂੰ ਭੜਕਾਉਂਦੇ ਹੋਣ। ਇਸ ਤੋਂ ਇਲਾਵਾ ਉਨ੍ਹਾਂ ਧਾਰਮਿਕ ਥਾਵਾਂ ’ਤੇ ਚੋਣ ਪ੍ਰਚਾਰ ਨਾ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵਿਧਾਨ ਸਭਾ ਹਲਕੇ ਵਿਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਵਾਉਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ 15 ਜਨਵਰੀ ਤੱਕ ਰੈਲੀ, ਮੀਟਿੰਗਾਂ ਤੇ ਹੋਰ ਰਾਜਨੀਤਿਕ ਇਕੱਠ ਨਾ ਕਰਨ। ਉਨ੍ਹਾਂ ਕੋਵਿਡ-19 ਦੇ ਬਚਾਅ ਸਬੰਧੀ ਸਾਵਧਾਨੀਆਂ ਅਪਨਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਡੀ.ਐਸ.ਪੀ. ਟਾਂਡਾ ਰਾਜ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।