ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਪ੍ਰਤੀ ਨਰਮਾਈ ਗਰੀਬ ਤੇ ਕਮਜ਼ੋਰ ਵਰਗਾਂ ਦੇ ਹਿੱਤਾਂ ਨਾਲ ਬੇਈਮਾਨੀ : ਜੋਗਿੰਦਰ ਮਾਨ

0

ਫਗਵਾੜਾ, 12 ਜਨਵਰੀ 2022 :  ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਪ੍ਰਤੀ ਨਰਮਾਈ ਦੇ ਪੰਜਾਬ ਮੰਤਰੀ ਮੰਡਲ ਦੇ ਫੈਸਲੇ ਨੂੰ ਗਰੀਬ ਤੇ ਕਮਜ਼ੋਰ ਵਰਗਾਂ ਦੇ ਹਿੱਤਾਂ ਨਾਲ ਬੇਈਮਾਨੀ ਕਰਾਰ ਦਿੱਤਾ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਪੈਸੇ ਦੀ ਹੇਰਾਫੇਰੀ ਕਰਨ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਪੁਲੀਸ ਕੇਸ ਵਿੱਚੋਂ ਛੋਟ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਹਜ਼ਾਰਾਂ ਉਨ੍ਹਾਂ ਮਾਸੂਮ ਤੇ ਭੋਲੇ ਭਾਲੇ ਵਿਦਿਆਰਥੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਨ੍ਹਾਂ ਦਾ ਭਵਿੱਖ ਇਨ੍ਹਾਂ ਲੋਕਾਂ ਦੀ ਵਜ੍ਹਾ ਨਾਲ ਖਰਾਬ ਹੋਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨਾਲ ਨਰਮੀ ਦਿਖਾਉਣ ਦੀ ਬਜਾਏ ਅਜਿਹੇ ਅਦਾਰਿਆਂ ਵਿਰੁੱਧ ਸਖ਼ਤ ਤੇ ਮਿਸਾਲੀ ਕਾਰਵਾਈ ਕਰਕੇ, ਇਸ ਵਿੱਚ ਸ਼ਾਮਿਲ ਹੋਰ ਚਿਹਰਿਆਂ ਤੋਂ ਨਕਾਬ ਉਤਾਰਨ ਦੀ ਲੋੜ ਸੀ।

ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਲਈ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਰਾਹ ਖੋਲ੍ਹਣ ਲਈ ਕੀਤੀ ਗਈ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫੰਡਾਂ ਦਾ ਇਹ ਬੇਰਹਿਮੀ ਨਾਲ ਕੀਤਾ ਗਬਨ ਨਾ ਸਿਰਫ ਅਨੁਸੂਚਿਤ ਜਾਤੀ ਦੇ ਕਈ ਵਿਦਿਆਰਥੀਆਂ ਦੇ ਉਜਵਲ ਭਵਿੱਖ ਦਾ ਕੋਝਾ ਕਤਲ ਹੈ ਬਲਕਿ ਇਹ ਉਹਨਾਂ ਦੀ ਤਰੱਕੀ ਨੂੰ ਰੋਕਣ ਦੀ ਸਾਜ਼ਿਸ਼ ਵੀ ਸੀ ਕਿਉਂਕਿ ਇਹ ਰਕਮ ਸਮਾਜ ਦੇ ਪਛੜੇ ਅਤੇ ਕਮਜ਼ੋਰ ਵਰਗਾਂ ਚੋਂ ਕਈਆਂ ਦੀਆਂ ਜ਼ਿੰਦਗੀਆਂ ਨੂੰ ਰੌਸ਼ਨ ਕਰ ਸਕਦੀ ਸੀ ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਅਕ ਅਦਾਰਿਆਂ ਦੇ ਹੱਥ ਕਈ ਮਾਸੂਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਮੋਏ ਅਤੇ ਪੂਰੇ ਨਾ ਹੋ ਸਕੇ ਅਰਮਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਦੁਰਵਰਤੋਂ ਕਰਕੇ, ਉਨ੍ਹਾਂ ਦਾ ਕਰੀਅਰ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਇਮਾਨਦਾਰ ਅਧਿਕਾਰੀ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਵੱਲੋਂ ਸੌਂਪੀ ਗਈ ਰਿਪੋਰਟ ਵਿੱਚ ਅਮਾਨਤ ਚ ਖ਼ਿਆਨਤ ਕਰਨ ਵਾਲਿਆਂ ਨੂੰ ਸਪੱਸ਼ਟ ਤੌਰ ‘ਤੇ ਦੋਸ਼ੀ ਠਹਿਰਾਇਆ ਗਿਆ ਹੈ ਪਰ ਸੂਬਾ ਸਰਕਾਰ ਨੇ ਜਾਣਬੁੱਝ ਕੇ ਇਸ ਵੱਲ ਅੱਖਾਂ ਬੰਦ ਕਰਕੇ, ਹੁਣ ਇਨ੍ਹਾਂ ਦੋਸ਼ੀਆਂ ਨੂੰ ਕਾਨੂੰਨ ਦੀ ਤਲਵਾਰ ਤੋਂ ਮੁਕਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਸਲਾਖਾਂ ਪਿੱਛੇ ਜਾਣ ਦੀ ਬਜਾਏ ਹੁਣ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਤੋਂ ਰੋਕਣ ਲਈ ਕੋਈ ਹੋਰ ਰਣਨੀਤੀ ਘੜਨਗੇ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਨੂੰ ਅੰਜਾਮ ਦੇਣ ਵਾਲੇ ਸ਼ਰੇਆਮ ਘੁੰਮ ਰਹੇ ਘੁਟਾਲੇਬਾਜ਼ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੇ ਹਨ, ਜਿਨ੍ਹਾਂ ਦਾ ਕੈਰੀਅਰ ਇਨ੍ਹਾਂ ਲੋਕਾਂ ਨੇ ਤਬਾਹ ਕਰ ਦਿੱਤਾ ਹੈ।

About The Author

Leave a Reply

Your email address will not be published. Required fields are marked *