ਦਿਵਿਯਾਂਗ ਵਿਅਕਤੀਆਂ ਨੂੰ ਵੋਟਿੰਗ ਦੌਰਾਨ ਕੋਈ ਸਮੱਸਿਆ ਪੇਸ਼ ਨਾ ਆਵੇ : ਵਧੀਕ ਡਿਪਟੀ ਕਮਿਸ਼ਨਰ
ਮਾਨਸਾ, 12 ਜਨਵਰੀ 2022 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਚੋਣਾਂ 2022 ਵਿੱਚ ਦਿਵਿਆਂਗ ਵਿਅਕਤੀਆਂ ਦੀ 100 ਫੀਸਦੀ ਹਿੱਸੇਦਾਰੀ ਯਕੀਨੀ ਬਣਾਉਣ ਅਤੇ ਵੋਟਾਂ ਦੌਰਾਨ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਮੀਟਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਕਮੇਟੀ ਮੈਂਬਰਾਂ ਨੂੰ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਦਿਵਿਆਂਗ ਵੋਟਰਾਂ ਨੂੰ ਪੀ.ਡਬਲਿਊ.ਡੀ. ਐਪ (PWD APP) ਡਾਊਨਲੋਡ ਕਰਵਾਕੇ ਅਤੇ ਸ਼ੋਸ਼ਲ ਮੀਡੀਆ ਰਾਹੀਂ ਵੋਟ ਪਵਾਉਣ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਪੋਲਿੰਗ ਸਟੇਸ਼ਨ ’ਤੇ ਵਹੀਲ ਚੇਅਰ ਦੀ ਸਹੂਲਤ, ਪੀਣ ਵਾਲੇ ਪਾਣੀ, ਟੁਆਇਲਟ, ਰੈਂਪ ਆਦਿ ਦੀ ਸਹੂਲਤ ਦਿੱਤੀ ਜਾਵੇ, ਤਾਂ ਜੋ ਦਿਵਿਆਂਗ ਵੋਟਰਾਂ ਦੀ 100 ਫੀਸਦੀ ਹਿੱਸੇਦਾਰੀ ਅਤੇ ਉਹਨਾਂ ਨੂੰ ਵੋਟ ਪਾਉਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਪੀ.ਡਬਲਿਊ.ਡੀ. ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਜਗਸੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਵੀਰ ਸਿੰਘ ਮਾਨ, ਜ਼ਿਲ੍ਹਾ ਕੋਆਰਡੀਨੇਟਰ ਰਾਮਪਾਲ ਸਿੰਘ ਮੌਜੂਦ ਸਨ।