ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਹਿਰਾਉਣਗੇ ਤਿਰੰਗਾ
ਵਧੀਕ ਡਿਪਟੀ ਕਮਿਸ਼ਨਰ ਨੇ ਕੋਵਿਡ ਪ੍ਰੋਟੋਕੋਲ ਮੁਤਾਬਕ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਜਲੰਧਰ, 21 ਜਨਵਰੀ 2022 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 73ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣਗੇ।
ਕੋਵਿਡ ਕੇਸਾਂ ਵਿੱਚ ਵਾਧੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਪੂਰੇ ਸਮਾਗਮ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਕੋਵਿਡ-19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਮਨਾਇਆ ਜਾਵੇਗਾ ਅਤੇ ਇਸ ਵਾਰ ਇਕੱਠ ਵੀ ਸੀਮਤ ਰਹੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਨੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮਾਗਮ ਵਾਲੀ ਥਾਂ ਦਾ ਦੌਰਾ ਕਰਦਿਆਂ ਕਿਹਾ ਕਿ ਸਾਰੇ ਕੋਵਿਡ ਸੁਰੱਖਿਆ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਵਾਰ ਸਮਾਗਮ ਲੋਕਾਂ ਦੀ ਸੀਮਤ ਸ਼ਮੂਲੀਅਤ ਨਾਲ ਮਨਾਇਆ ਜਾ ਰਿਹਾ ਹੈ ਬਸ਼ਰਤੇ ਕਿ ਉਨ੍ਹਾਂ ਵੱਲੋਂ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਗਵਾਈਆਂ ਜਾ ਚੁੱਕੀਆਂ ਹੋਣ । ਉਨ੍ਹਾਂ ਅੱਗੇ ਦੱਸਿਆ ਕਿ ਸਮਾਰੋਹ ਦੌਰਾਨ ਕੋਈ ਸੱਭਿਆਚਾਰਕ ਅਤੇ ਪੀ.ਟੀ. ਸ਼ੋਅ ਨਹੀਂ ਹੋਵੇਗਾ ਅਤੇ ਮੁੱਖ ਮਹਿਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ, ਆਪਣਾ ਭਾਸ਼ਣ ਦੇਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ।