73ਵੇਂ ਗਣਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਹਿਰਾਉਣਗੇ ਤਿਰੰਗਾ
ਡਿਪਟੀ ਕਮਿਸ਼ਨਰ ਨੇ ਫੁੱਲ ਡਰੈਸ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਇਆ, ਪਰੇਡ ਦਾ ਕੀਤਾ ਨਿਰੀਖਣ
ਜਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਤਿਆਰੀਆਂ ਮੁਕੰਮਲ
ਜਲੰਧਰ, 24 ਜਨਵਰੀ 2022 : 73ਵੇਂ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਅੱਜ ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ।
ਫੁੱਲ਼ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 26 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਜਿਸ ਸਬੰਧੀ ਲੋੜੀਂਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਵੱਧ ਰਹੇ ਕੇਸਾ ਦੇ ਮੱਦੇਨਜ਼ਰ ਜਾਰੀ ਤਾਜੀਆਂ ਹਦਾਇਤਾਂ ਅਨੁਸਾਰ ਹੁਣ ਪ੍ਰੋਗਰਾਮ ਦੌਰਾਨ ਕੋਈ ਝਾਂਕੀਆਂ ਜਾਂ ਸਭਿਆਚਾਰਕ ਸਰਗਰਮੀ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਤਾਂ ਜੋਂ ਕਿਸੇ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ।ਉਨ੍ਹਾ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਆਪਣੇ ਸੰਬੋਧਨ ਤੋਂ ਬਾਅਦ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਰਾਸ਼ਟਰੀ ਗਾਣ ਉਪਰੰਤ ਪ੍ਰੋਗਰਾਮ ਸਮਾਪਤ ਹੋਵੇਗਾ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਫੁੱਲ਼ ਡਰੈਸ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਇਆ ਅਤੇ ਏ.ਡੀ.ਸੀ(ਜ) ਅਮਰਜੀਤ ਬੈਂਸ ਅਤੇ ਡੀ.ਸੀ.ਪੀ. ਜਸਕਿਰਨ ਸਿੰਘ ਤੇਜਾ ਸਮੇਤ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਪਰੇਡ ਕਮਾਂਡਰ ਆਈ.ਪੀ.ਐਸ ਅਧਿਕਾਰੀ ਜਸਰੂਪ ਕੌਰ ਬਾਠ ਅਤੇ ਸਤਵੀਰ ਸਿੰਘ ਦੀ ਅਗਵਾਈ ਵਿੱਚ ਮਾਰਚ ਪਾਸਟ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਜਸਪ੍ਰੀਤ ਸਿੰਘ, ਏ.ਡੀ.ਸੀ.ਪੀ. ਗੁਰਬਾਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੁਦ ਸਨ।