ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦਾ ਸਮਝਦਾਰੀ ਨਾਲ ਇਸਤੇਮਾਲ ਕਰਨ ਦਾ ਸੱਦਾ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਲਈ ‘ਵੋਟਰ ਜੁਗਨੀ’ ਲਾਂਚ, ਸਵੀਪ ਸਬੰਧੀ ਜਲੰਧਰ ਦਾ ਲੋਗੋ ਵੀ ਕੀਤਾ ਜਾਰੀ
ਵੋਟਿੰਗ ਪ੍ਰਕਿਰਿਆ ‘ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਲਈ ਕਰਵਾਏ ਜਾਣਗੇ ਆਨਲਾਈਨ ਪੋਸਟਰ ਅਤੇ ਸਲੋਗਨ ਮੁਕਾਬਲੇ
ਜਲੰਧਰ, 25 ਜਨਵਰੀ 2022 : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਨੌਜਵਾਨਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਤੰਤਰ ਦੀ ਮਜ਼ਬੂਤੀ ਲਈ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਤਾਕੀਦ ਕੀਤੀ।
ਸਥਾਨਕ ਐਚ.ਐਮ.ਵੀ. ਕਾਲਜ ਵਿਖੇ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨਾਲ ਇਕ ਚੰਗੀ ਸਰਕਾਰ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੇ ਦੇਸ਼ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਇਸ ਲਈ ਹਰੇਕ ਨਾਗਰਿਕ ਨੂੰ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ। ਖਾਸਕਰ ਨੌਜਵਾਨਾਂ ਨੂੰ ਵੋਟਿੰਗ ਪ੍ਰਕਿਰਿਆ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਆਪਣੇ ਵੋਟ ਪਾਉਣ ਦੇ ਅਧਿਕਾਰ ਪ੍ਰਤੀ ਪੂਰੀ ਤਰ੍ਹਾ ਸੁਚੇਤ ਹੋਣ ਅਤੇ ਵੋਟਾਂ ਵਾਲੇ ਦਿਨ ਇਸ ਅਧਿਕਾਰ ਦਾ ਸਹੀ ਇਸਤੇਮਾਲ ਕਰਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਚ.ਐਮ.ਵੀ. ਕਾਲਜ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਲਈ ਤਿਆਰ ‘ਵੋਟਰ ਜੁਗਨੀ’ ਪੰਜਾਬੀ ਗੀਤ ਵੀ ਲਾਂਚ ਕੀਤਾ। ਇਸ ਤੋਂ ਇਲਾਵਾ ਇਸ ਮੌਕੇ ਉਨ੍ਹਾਂ ਵੱਲੋਂ ਜਲੰਧਰ ਦਾ ਸਵੀਪ ਲੋਗੋ ਵੀ ਜਾਰੀ ਕੀਤਾ ਗਿਆ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ ਲਈ ਜਾਗਰੂਕ ਕੀਤਾ ਜਾ ਸਕੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਦੀ ਰਜਿਸਟਰੇਸ਼ਨ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਜਿਥੇ ਐਸ.ਡੀ.ਐਮ. ਫਿਲੌਰ ਅਮਰਿੰਦਰ ਸਿੰਘ ਮੱਲੀ ਸਨਮਾਨ ਦਾ ਸਨਮਾਨ ਕੀਤਾ ਗਿਆ ਅਤੇ ਵਧੀਆ ਬੀ.ਐਲ.ਓ. ਮੰਜੂ ਬਾਲਾ ਤੇ ਸਵੀਪ ਗਤੀਵਿਧੀਆ ਲਈ ਸੁਰਜੀਤ ਲਾਲ ਸਵੀਪ ਨੋਡਲ ਅਫ਼ਸਰ ਨੂੰ ਸਨਮਾਨਿਤ ਕੀਤਾ ਗਿਆ ਉਥੇ ਵੋਟਰ ਜਾਗਰੂਕਤਾ ਸਰਗਰਮੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਵੀ ਹੌਸਲਾ ਅਫਜ਼ਾਈ ਕੀਤੀ ਗਈ ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਨਿਡਰ ਹੋ ਕੇ ਵੋਟ ਦਾ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ ਗਈ ਅਤੇ ਫਸਟ ਟਾਈਮ ਵੋਟਰਾਂ ਨੂੰ ਐਪਿਕ ਕਾਰਡ ਤੇ ਪ੍ਰਣ ਪੱਤਰ ਵਾਲੀਆਂ ਕਿੱਟਾਂ ਵੀ ਦਿੱਤੀਆਂ ਗਈਆਂ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਨੂੰ ਵੋਟਿੰਗ ਲਈ ਪ੍ਰੇਰਨ ਦੇ ਮੰਤਵ ਨਾਲ ਆਨਲਾਈਨ ਚੋਣਾਂ ਨਾਲ ਸਬੰਧਤ ਵਿਸ਼ੇ ‘ਤੇ ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ, ਜਿਸ ਲਈ ਐਂਟਰੀ ਦੇਣ ਦੀ ਆਖਰੀ ਮਿਤੀ 6 ਫਰਵਰੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਸਰਵਓਤਮ ਰਹਿਣ ਵਾਲੇ ਪੋਸਟਰ ਨੂੰ ਸ਼ਹਿਰ ਦੀ ਦੀਵਾਰ ‘ਤੇ ਪੇਂਟ ਕੀਤਾ ਜਾਵੇਗਾ ਜਦਕਿ ਵੋਟਰ ਆਊਟਰੀਚ ਸਬੰਧੀ ਸਰਵਓਤਮ ਸਲੋਗਨ ਨੂੰ ਸਵੀਪ ਗਤੀਵਿਧੀਆਂ ਦੌਰਾਨ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਯੁਵਾ ਥੀਏਟਰ ਗਰੁੱਪ ਵੱਲੋਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦਾ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ (ਯੂਟੀ) ਓਜਸਵੀ ਅਲੰਕਾਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਪ੍ਰਿੰਸੀਪਲ ਡਾ. ਅਜੇ ਸਰੀਨ ਆਦਿ ਮੌਜੂਦ ਸਨ।