ਜੋਗਿੰਦਰ ਮਾਨ ਦੀ ਮੁਹਿੰਮ ਨੂੰ ਵੱਡਾ ਹੁਲਾਰਾ, ਕਈ ਕਾਂਗਰਸੀ ਅਤੇ ਅਕਾਲੀ ਪਰਿਵਾਰ ‘ਆਪ’ ‘ਚ ਹੋਏ ਸ਼ਾਮਲ

0

ਫਗਵਾੜਾ, 27 ਜਨਵਰੀ (ਪੰਜਾਬ ਮੇਲ) :  ਆਮ ਆਦਮੀ ਪਾਰਟੀ (ਆਪ) ਦੇ ਫਗਵਾੜਾ ਤੋਂ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕਰੀਬ 50 ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ ਗਏ।

ਪਿੰਡ ਗੰਢਵਾਂ ਵਿਖੇ ਹੋਈ ਮੀਟਿੰਗ ਦੌਰਾਨ ਰਾਕੇਸ਼ ਕੁਮਾਰ ਕੇਸ਼ੀ, ਲਖਵੀਰ ਸਿੰਘ, ਅਮਨਦੀਪ ਸਿੰਘ, ਮੋਹਨ ਲਾਲ ਮੋਹਨੀ, ਗਗਨਦੀਪ ਸਿੰਘ, ਇੰਦਰਜੀਤ ਕੌਰ, ਗੁਰਦੀਸ਼ ਕੌਰ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਪਾਲ, ਰਾਜੀਵ ਜੋਸ਼ੀ ਸਮੇਤ ਕੱਟੜ ਕਾਂਗਰਸੀ ਤੇ ਅਕਾਲੀ ਸਮਰਥਕ ‘ਆਪ’ ਵਿੱਚ ਸ਼ਾਮਲ ਹੋ ਗਏ ਅਤੇ ਮਾਨ ਨੂੰ ਪੂਰਾ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਪਾਰਟੀਆਂ ਨੇ ਫਗਵਾੜਾ ਤੋਂ ਬਾਹਰਲੇ ਉਮੀਦਵਾਰ ਖੜ੍ਹੇ ਕੀਤੇ ਹਨ ਜਦਕਿ ਮਾਨ ਪਿਛਲੇ ਚਾਰ ਦਹਾਕਿਆਂ ਤੋਂ ਉਨ੍ਹਾਂ ਦੀ ਅਣਥੱਕ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਾਉਣ ਲਈ ਜੋਗਿੰਦਰ ਸਿੰਘ ਮਾਨ ਨੂੰ ਸਮਰਥਨ ਅਤੇ ਵੋਟ ਦੇਣਗੇ।

ਇਨ੍ਹਾਂ ਪਰਿਵਾਰਾਂ ਦਾ ‘ਆਪ’ ਵਿੱਚ ਸਵਾਗਤ ਕਰਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ, ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ‘ਆਪ’ ਫਗਵਾੜਾ ਤੋਂ ਵੱਡੀ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਇੱਕੋ ਇੱਕ ਉਦੇਸ਼ ਦਿੱਲੀ ਦੀ ਤਰਜ਼ ‘ਤੇ ਸੂਬੇ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਆਪਣੀ ਲੋਕ ਹਿਤੈਸ਼ੀ ਪਹੁੰਚ ਅਤੇ ਨੀਤੀਆਂ ਨਾਲ ਸੂਬੇ ਦੇ ਵਸਨੀਕਾਂ ਦੀ ਕਿਸਮਤ ਬਦਲੇਗੀ।

ਮਾਨ ਨੇ ਸਪੱਸ਼ਟ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਫਗਵਾੜਾ ਨੂੰ ਜ਼ਿਲ੍ਹੇ ਦਾ ਦਰਜਾ ਦਿਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਹੂਲਤ ਪ੍ਰਦਾਨ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਫਗਵਾੜਾ ਨੂੰ ਵਿਸ਼ਵ ਪੱਧਰੀ ਸ਼ਹਿਰ ਵਜੋਂ ਵਿਕਸਤ ਕਰਨ ‘ਤੇ ਵੱਡਾ ਜ਼ੋਰ ਦਿੱਤਾ ਜਾਵੇਗਾ।

About The Author

Leave a Reply

Your email address will not be published. Required fields are marked *