ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਿਟਰਨਿੰਗ ਅਫ਼ਸਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼
ਚੋਣਾਂ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ
ਜਲੰਧਰ, 28 ਜਨਵਰੀ 2022 : ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕਿਸੇ ਵੀ ਉਲੰਘਣਾ ਦੇ ਮਾਮਲੇ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਵੋਟਾਂ ਵਾਲੇ ਦਿਨ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਆਪਣੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਬਾਰੇ ਸਹੀ ਢੰਗ ਨਾਲ ਜਾਣੂ ਕਰਵਾਉਣ ‘ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਲਿੰਗ ਸਟਾਫ਼ ਨੂੰ ਆਉਣ ਵਾਲੀ ਦੂਜੀ ਅਤੇ ਤੀਜੀ ਟਰੇਨਿੰਗ ਦੌਰਾਨ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ 858305 ਪੁਰਸ਼ਾਂ ਅਤੇ 792532 ਔਰਤਾਂ ਅਤੇ 30 ਟਰਾਂਸਜੈਂਡਰ ਵੋਟਰਾਂ ਸਮੇਤ ਕੁੱਲ 16,50,867 ਵੋਟਰਾਂ ਵਾਲੇ 9 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਵਿਸਥਾਰਥ ਸਿਖਲਾਈ ਬਹੁਤ ਮਦਦਗਾਰ ਹੋ ਸਕਦੀ ਹੈ। ਉਨ੍ਹਾਂ ਆਰ.ਓਜ਼ ਪਾਸੋਂ ਕੁੱਲ 1975 ਪੋਲਿੰਗ ਸਟੇਸ਼ਨਾਂ ‘ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ 1163 ਪੋਲਿੰਗ ਸਟੇਸ਼ਨਾਂ ਲੋਕੇਸ਼ਨਾਂ ‘ਤੇ ਸਮੁੱਚੇ ਲੋੜੀਂਦੇ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰ ਲਏ ਜਾਣ।
ਡਿਪਟੀ ਕਮਿਸ਼ਨਰ ਨੇ ਈ.ਵੀ.ਐਮਜ਼ ਦੀ ਸੁਰੱਖਿਆ ਤੇ ਟਰਾਂਸਪੋਟੇਸ਼ਨ ਦੇ ਅਹਿਮ ਕਾਰਜ ਲਈ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਇਸ ਸਬੰਧੀ ਵਿਸਥਾਰਥ ਯੋਜਨਾ ਦੇ ਨਾਲ ਤਿਆਰ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦਿਵਿਆਂਗ ਵੋਟਰਾਂ ਜਾਂ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਸਹੂਲਤ ਲਈ ਰੂਟ ਪਲਾਨ ਵੀ ਉਲੀਕਿਆ ਜਾਵੇ ਤਾਂ ਜੋ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਘਨਸ਼ਿਆਮ ਥੋਰੀ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਇਸ ਸਬੰਧੀ 1 ਫਰਵਰੀ ਤੱਕ ਯੋਜਨਾ ਤਿਆਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੋਟਰਾਂ ਨੂੰ 20 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਲਈ ਪ੍ਰੇਰਿਤ ਅਤੇ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
ਇਸ ਵਰਚੁਅਲ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਸਮੂਹ ਰਿਟਰਨਿੰਗ ਅਫ਼ਸਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਹੋਰ ਸਬੰਧਤ ਅਧਿਕਾਰੀ ਮੌਜੂਦ ਸਨ ।