ਅਕਾਲੀ ਦਲ ਨੂੰ ਵੱਡਾ ਝਟਕਾ, ਸੂਬਾ ਜਨਰਲ ਸਕੱਤਰ ‘ਆਪ’ ‘ਚ ਸ਼ਾਮਲ
ਫਗਵਾੜਾ, 3 ਫਰਵਰੀ 2022 : ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦਿਆਂ ਇਸ ਦੀ ਸੂਬਾ ਜਨਰਲ ਸਕੱਤਰ ਅਤੇ ਫਗਵਾੜਾ ਦੀ ਉੱਘੀ ਆਗੂ ਪ੍ਰਿਤਪਾਲ ਕੌਰ ਤੁੱਲੀ ਅੱਜ ਪਾਰਟੀ ਉਮੀਦਵਾਰ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਈ।
ਤੁੱਲੀ ਨੇ ਕਿਹਾ, “ਇਹ ਚੋਣ ਆਮ ਆਦਮੀ ਅਤੇ ਭ੍ਰਿਸ਼ਟ ਸਿਸਟਮ ਵਿਚਕਾਰ ਲੜਾਈ ਹੈ, ਇਸ ਲਈ ਮੈਂ ‘ਆਪ’ ਵਿੱਚ ਸ਼ਾਮਲ ਹੋ ਕੇ ਆਮ ਆਦਮੀ ਦੇ ਨਾਲ ਖੜੇ ਹੋਣ ਦਾ ਫੈਸਲਾ ਕੀਤਾ ਹੈ।”
ਉਨ੍ਹਾਂ ਕਿਹਾ ਕਿ ‘ਆਪ’ ਆਮ ਆਦਮੀ ਦੇ ਹੱਕਾਂ ਦੀ ਰਾਖੀ ਲਈ ਖੜ੍ਹੀ ਹੈ ਜਦਕਿ ਬਾਕੀ ਸਾਰੀਆਂ ਪਾਰਟੀਆਂ ਲੋਕਾਂ ਦਾ ਸ਼ੋਸ਼ਣ ਕਰਨ ‘ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ‘ਆਪ’ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਬਹੁਤ ਪ੍ਰਭਾਵਿਤ ਹਨ, ਜੋ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਂਦੀ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣੇਗੀ।
ਇਸ ਦੌਰਾਨ ਜੋਗਿੰਦਰ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤੁੱਲੀ ਦੇ ਸ਼ਾਮਲ ਹੋਣ ਨਾਲ ਸ਼ਹਿਰ ਅੰਦਰ ਪਾਰਟੀ ਨੂੰ ਨਵੀਂ ਤਾਕਤ ਮਿਲੀ ਹੈ। ਉਹਨਾਂ ਨੇ ਤੁਲੀ ਨੂੰ ਇੱਕ ਇਮਾਨਦਾਰ, ਸਮਰਪਿਤ ਅਤੇ ਵਚਨਬੱਧ ਨੇਤਾ ਦੱਸਿਆ ਜੋ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹੈ।
ਮਾਨ ਨੇ ਕਿਹਾ ਕਿ ਇਹ ਕੰਧ ‘ਤੇ ਲਿਖਿਆ ਹੋਇਆ ਹੈ ਕਿ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸੂਬੇ ‘ਚ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ‘ਦਿੱਲੀ ਮਾਡਲ’ ਪੰਜਾਬ ਸਰਕਾਰ ਦਾ ਆਧਾਰ ਹੋਵੇਗਾ ਤਾਂ ਜੋ ਸਾਰਿਆਂ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਆਧੁਨਿਕ ਲੀਹਾਂ ‘ਤੇ ਵਿਕਸਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਇਸ ਮੌਕੇ ਹਰਜਿੰਦਰ ਸਿੰਘ ਵਿਰਕ, ਹਰਮੇਸ਼ ਪਾਠਕ, ਤਲਵਿੰਦਰ ਰਾਮ, ਇੰਦਰਜੀਤ ਖਲਿਆਣ ਤੇ ਹੋਰ ਆਗੂ ਵੀ ਹਾਜ਼ਰ ਸਨ।