ਫਗਵਾੜਾ ‘ਚ ‘ਆਪ’ ਦੀ ਲਹਿਰ ਹੋਈ ਹੋਰ ਮਜ਼ਬੂਤ, 300 ਪਰਿਵਾਰ ਕਾਂਗਰਸ, ਅਕਾਲੀ ਦਲ ਤੇ ਬਸਪਾ ਛੱਡ ਕੇ ਪਾਰਟੀ ‘ਚ ਸ਼ਾਮਲ
ਫਗਵਾੜਾ, 7 ਫਰਵਰੀ 2022 : ਫਗਵਾੜਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਸੋਮਵਾਰ ਨੂੰ ਪਿੰਡ ਮਾਣਕ, ਲੱਖਪੁਰ ਅਤੇ ਮਨੋਹਰ ਨਗਰ ਵਿਚ 300 ਪਰਿਵਾਰਾਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਵੱਡਾ ਹੁਲਾਰਾ ਮਿਲਿਆ।
ਇਨ੍ਹਾਂ ਪਰਿਵਾਰਾਂ ਨੇ ਅਕਾਲੀ ਦਲ, ਬਸਪਾ, ਭਾਜਪਾ ਅਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ‘ਆਪ’ ‘ਚ ਸ਼ਾਮਲ ਹੋਣ ਲਈ ਕਿਹਾ। ‘ਆਪ’ ਵਿਚ ਸ਼ਾਮਲ ਹੋਏ ਸਾਰੇ ਲੋਕਾਂ ਨੇ ਮਾਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਜਦੋਂਕਿ ਬਾਕੀ ਸਾਰੀਆਂ ਪਾਰਟੀਆਂ ਨੇ ਫਗਵਾੜਾ ਤੋਂ ਬਾਹਰਲੇ ਲੋਕਾਂ ਨੂੰ ਮੈਦਾਨ ਵਿਚ ਉਤਾਰਿਆ ਹੈ ਤਾਂ ਸਿਰਫ ‘ਆਪ’ ਨੇ ਮਾਨ ਦੇ ਰੂਪ ਵਿਚ ਸਥਾਨਕ ਉਮੀਦਵਾਰ ਖੜ੍ਹਾ ਕੀਤਾ ਹੈ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਬਾਹਰਲੇ ਵਿਅਕਤੀ ਨੂੰ ਵੋਟ ਨਹੀਂ ਪਾਉਣਗੇ ਕਿਉਂਕਿ ਉਨ੍ਹਾਂ ਨੂੰ ਜਾਣਿਆ-ਪਛਾਣਿਆ ਵਿਅਕਤੀ ਹੀ ਉਨ੍ਹਾਂ ਦੇ ਮਸਲਿਆਂ ਨੂੰ ਚੰਗੀ ਤਰ੍ਹਾਂ ਹੱਲ ਕਰ ਸਕਦਾ ਹੈ।
ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦੇ ਹੱਕ ਵਿੱਚ ਲੋਕਾਂ ਦਾ ਭਾਰੀ ਸਮਰਥਨ ਅਰਵਿੰਦ ਕੇਜਰੀਵਾਲ ਪ੍ਰਤੀ ਲੋਕਾਂ ਦੇ ਪਿਆਰ ਨੂੰ ਦਰਸਾਉਂਦਾ ਹੈ, ਜਿਸ ਨੇ ਦਿੱਲੀ ਵਿੱਚ ਲੋਕਾਂ ਦਾ ਜੀਵਨ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੇਗੀ ਅਤੇ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣਨਗੇ।
ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਵਿਆਪਕ ਵਿਕਾਸ ਅਤੇ ਤਰੱਕੀ ਦੀ ਬੇਮਿਸਾਲ ਲਹਿਰ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਜ਼ਿਲ੍ਹੇ ਦਾ ਦਰਜਾ ਦਿਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ ਤਾਂ ਜੋ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਆਸਾਨੀ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।