ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 365.52 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ : ਮੁੱਖ ਚੋਣ ਅਧਿਕਾਰੀ ਪੰਜਾਬ

0

ਚੰਡੀਗੜ੍ਹ, 7 ਫਰਵਰੀ 2022 :  ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 6 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 365.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.09 ਕਰੋੜ ਰੁਪਏ ਦੀ 40.75 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 312.81 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.15 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1323 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3481 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2817 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1799 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2892 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 20517 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,274 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 97 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

About The Author

Leave a Reply

Your email address will not be published. Required fields are marked *

You may have missed