ਫਗਵਾੜਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਜੋਗਿੰਦਰ ਮਾਨ ਦੀ ਚੋਣ ਮੁਹਿੰਮ ਹੋਈ ਤੇਜ਼

ਫਗਵਾੜਾ, 8 ਫਰਵਰੀ 2022 : ਆਮ ਆਦਮੀ ਪਾਰਟੀ (ਆਪ) ਦੇ ਫਗਵਾੜਾ ਤੋਂ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਅੱਜ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ, ਜਿੱਥੇ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਮਾਨ ਨੇ ਪਿੰਡ ਸਾਹਨੀ, ਪ੍ਰੇਮਪੁਰ, ਰਣਧੀਰਗੜ੍ਹ ਅਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਨਵੇਂ ਪੰਜਾਬ ਦੀ ਸਿਰਜਣਾ ਲਈ ‘ਆਪ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਬੇ ਲਈ ਨਿਰਣਾਇਕ ਚੋਣ ਹੈ ਜਿੱਥੇ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਅਜਿਹੀ ਸਰਕਾਰ ਚੁਣਨ ਜੋ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਵਜੋਂ ਚੁਣੇ ਜਾਣ ‘ਤੇ ‘ਆਪ’ ਆਗੂ ਭਗਵੰਤ ਮਾਨ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਦੇਣਗੇ।
ਉਨ੍ਹਾਂ ਕਿਹਾ ਕਿ ‘ਆਪ’ ਆਗੂ ਅਰਵਿੰਦ ਕੇਜਰੀਵਾਲ ਦਾ ‘ਦਿੱਲੀ ਮਾਡਲ’ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਇਸ ਦੇ ਸਾਰੇ ਲੋਕਾਂ ਦੀ ਭਲਾਈ ਦੀ ਕਲਪਨਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਲਈ ‘ਆਪ’ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦੁਹਰਾਇਆ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਉਹ ਫਗਵਾੜਾ ਨੂੰ ਜ਼ਿਲ੍ਹੇ ਦਾ ਦਰਜਾ ਦਿਵਾਉਣ ਨੂੰ ਸਭ ਤੋਂ ਵੱਧ ਤਰਜੀਹ ਦੇਣਗੇ।
ਇਸ ਦੌਰਾਨ ਪਿੰਡ ਪ੍ਰੇਮਪੁਰ ਵਿਖੇ ਪਿੰਡ ਵਾਸੀਆਂ ਹਰਨੇਕ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ ਅਤੇ ਹੋਰਨਾਂ ਨੇ ਮਾਨ ਨੂੰ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ। ਪਿੰਡ ਸਾਹਨੀ ਵਿਖੇ ਬੱਬੀ, ਸਟੀਫਨ ਕਾਹਲੋਂ, ਅਵਤਾਰ ਸਿੰਘ, ਨਰੇਸ਼ ਕੁਮਾਰ, ਬਲਬੀਰ ਸਿੰਘ, ਸ਼ਿਵ ਕੁਮਾਰ, ਗੁਰਦੇਵ ਸਿੰਘ, ਜੋਗਾ ਸਿੰਘ, ਪ੍ਰਭਜੋਤ ਸਿੰਘ ਆਦਿ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਮਾਨ ਦੇ ਨਾਲ ਹਨ ਕਿਉਂਕਿ ਜਦੋਂ ਵੀ ਉਨ੍ਹਾਂ ਨੂੰ ਲੋਕਾਂ ਦੀ ਲੋੜ ਪਈ ਹੈ ਤਾਂ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ | ਪਿੰਡ ਰਣਧੀਰਗੜ੍ਹ ਵਿਖੇ ਗੁਰਜੀਤ ਸਿੰਘ, ਜਸਵੀਰ ਸਿੰਘ, ਰਾਕੇਸ਼ ਕੁਮਾਰ, ਗੁਰਮੇਲ ਸਿੰਘ, ਬਲਬੀਰ ਸਿੰਘ, ਹਰਦੀਪ ਸਿੰਘ ਜਗੀਰੀ ਆਦਿ ਪ੍ਰਮੁੱਖ ਆਗੂਆਂ ਨੇ ਵੀ ਕਾਗਰਸ ਪਾਰਟੀ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਕਿਹਾ ਕਿ ਮਾਨ ਵੱਲੋਂ ਆਪਣਾ ਸਮੁੱਚਾ ਜੀਵਨ ਫਗਵਾੜਾ ਵਾਸੀਆਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਲਈ ਸਮਰਪਿਤ ਕਰਨ ਦੀ ਸ਼ਲਾਘਾ ਕੀਤੀ।
ਇਸੇ ਦੌਰਾਨ ਪਿੰਡ ਚੱਕ ਪ੍ਰੇਮਾ ਵਿਖੇ ਕੱਟੜ ਕਾਂਗਰਸੀ ਆਗੂ ਰਾਮ ਆਸਰਾ ਚੱਕ ਪ੍ਰੇਮਾ, ਡੋਗਰ ਮੱਲ ਤੇ ਹੋਰ ਮਾਨ ਤੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੁਣ ਉਸ ਪਾਰਟੀ ਦੀ ਨੁਮਾਇੰਦਗੀ ਨਹੀਂ ਕਰਦੀ ਜਿਸ ਨੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਤੋਂ ਤੰਗ ਆ ਚੁੱਕੇ ਹਨ । ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੂੰ ਉਹਨਾਂ ਨੂੰ ਅਤੇ ਮਾਨ ਵਰਗੇ ਆਗੂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਹੋਏ ਸਨ ਨੂੰ ਨਜ਼ਰਅੰਦਾਜ਼ ਕਰਨ ਦਾ ਖ਼ਮਿਆਜ਼ਾ ਭੁਗਤਨਾ ਪਵੇਗਾ ।