ਜੋਗਿੰਦਰ ਮਾਨ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ, ਨਾਮਧਾਰੀ ਸੰਪਰਦਾ ਨੇ ਦਿੱਤਾ ਪੂਰਾ ਸਮਰਥਨ
ਫਗਵਾੜਾ, 9 ਫਰਵਰੀ 2022 : ਫਗਵਾੜਾ ਤੋਂ ‘ਆਪ’ ਉਮੀਦਵਾਰ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਜਦੋ ਨਾਮਧਾਰੀ ਸੰਪਰਦਾ ਨੇ ਉਨ੍ਹਾਂ ਨੂੰ ਪੂਰਨ ਸਮਰਥਨ ਦਿੱਤਾ ਗਿਆ।
ਇਸ ਸਬੰਧੀ ਫੈਸਲਾ ਸੰਪਰਦਾ ਵੱਲੋਂ ਇੱਥੇ ਨਾਮਧਾਰੀ ਧਰਮਸ਼ਾਲਾ ਚਾਚੋਕੀ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਬਕਾ ਰਾਜ ਸਭਾ ਮੈਂਬਰ ਅਤੇ ‘ਆਪ’ ਦੇ ਸੀਨੀਅਰ ਆਗੂ ਐਚ.ਐਸ.ਹੰਸਪਾਲ ਨੇ ਅੱਜ ਕਿਹਾ ਕਿ ਮਾਨ ਪੰਜਾਬ ਵਿਧਾਨ ਸਭਾ ਵਿੱਚ ਫਗਵਾੜਾ ਦੀ ਨੁਮਾਇੰਦਗੀ ਕਰਨ ਵਾਲੇ ਸਭ ਤੋਂ ਯੋਗ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਸੰਪਰਦਾ ਆਉਣ ਵਾਲੀਆਂ ਚੋਣਾਂ ਵਿੱਚ ਮਾਨ ਨੂੰ ਦਿਲੋਂ ਸਮਰਥਨ ਦੇਵੇਗੀ।
ਹੰਸਪਾਲ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਜਦੋਂ ਇੱਕ ਨਵੇਂ ਅਤੇ ਜੀਵੰਤ ਪੰਜਾਬ ਦੀ ਸਿਰਜਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਦਾ ਆਧਾਰ ਹਨ, ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਨ੍ਹਾਂ ਨੂੰ ਸੂਬੇ ਵਿੱਚ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ‘ਤੇ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਹੋਣਗੇ।
ਇਸ ਦੌਰਾਨ ਮਾਨ ਨੇ ਹੰਸਪਾਲ ਅਤੇ ਸਮੁੱਚੀ ਨਾਮਧਾਰੀ ਸੰਪਰਦਾ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਲਈ ਉਨ੍ਹਾਂ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਅੱਗੇ ਤੋਂ ਵੀ ਆਪਣਾ ਸਾਰਾ ਜੀਵਨ ਫਗਵਾੜਾ ਦੇ ਲੋਕਾਂ ਦੀ ਭਲਾਈ ਲਈ ਸਮਰਪਿਤ ਕਰਨਗੇ। ਉਨ੍ਹਾਂ ਹੰਸਪਾਲ ਨੂੰ ਭਰੋਸਾ ਦਿਵਾਇਆ ਕਿ ਉਹ ਨਾਮਧਾਰੀ ਸੰਪਰਦਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।