ਡਿਪਟੀ ਕਮਿਸ਼ਨਰ ਵੱਲੋਂ ਅਣਅਧਿਕਾਰਤ ਆਲੂ ਬੀਜ ਵੇਚਣ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ

ਕੋਲਡ ਸਟੋਰਾਂ ‘ਤੇ ਨਾਜਾਇਜ਼ ਬੀਜ ਦੇ ਸਟਾਕ ਦੀ ਜਾਂਚ ਲਈ ਪ੍ਰਸ਼ਾਸਨ, ਬਾਗਬਾਨੀ ਅਤੇ ਖੇਤੀਬਾੜੀ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਦਾ ਗਠਨ

ਜਲੰਧਰ, 26 ਫਰਵਰੀ 2022 : ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰ ‘ਤੇ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ  ਘਨਸ਼ਿਆਮ ਥੋਰੀ ਨੇ ਅੱਜ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਆਲੂ ਬੀਜਾਂ ਦੀ ਅਣ-ਅਧਿਕਾਰਤ ਅਤੇ ਨਾਜਾਇਜ਼ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਦੇ ਕੋਲਡ ਸਟੋਰਾਂ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਂਦਿਆਂ ਅਣਅਧਿਕਾਰਤ ਬੀਜ ਵੇਚਣ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਅਜਿਹੇ ਬੀਜ ਦੂਜੇ ਰਾਜਾਂ ਤੋਂ ਬਰਾਮਦ ਕਰ ਕੇ ਅਣ-ਅਧਿਕਾਰਤ ਆਲੂ ਬੀਜ ਵੇਚਣ ਦੇ ਨਾਜਾਇਜ਼ ਧੰਦੇ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਐਸ.ਡੀ.ਐਮਜ਼ ਦੀ ਦੇਖ-ਰੇਖ ਹੇਠ ਸਿਵਲ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਬਾਗਬਾਨੀ ਵਿਭਾਗ ਦੀਆਂ ਸਬ ਡਵੀਜ਼ਨ ਪੱਧਰ ਦੀਆਂ ਸਾਂਝੀਆਂ ਟੀਮਾਂ ਤੁਰੰਤ ਪ੍ਰਭਾਵ ਨਾਲ ਗਠਿਤ ਕੀਤੀਆਂ ਗਈਆਂ ਹਨ ਤਾਂ ਜੋ ਜ਼ਿਲ੍ਹੇ ਦੇ ਕੋਲਡ ਸਟੋਰਾਂ ‘ਤੇ ਵਿਆਪਕ ਚੈਕਿੰਗ ਮੁਹਿੰਮ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾ ਸਕੇ।

ਘਨਸ਼ਿਆਮ ਥੋਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਦੇ ਨਾਲ ਸਾਂਝੀਆਂ ਟੀਮਾਂ ਕੋਲਡ ਸਟੋਰਾਂ ਦੀ ਚੈਕਿੰਗ ਕਰਨਗੀਆਂ ਅਤੇ ਜੇਕਰ ਅਣਅਧਿਕਾਰਤ ਆਲੂ ਬੀਜ ਬਰਾਮਦ ਹੁੰਦਾ ਹੈ ਤਾਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਐਫ.ਆਈ.ਆਰਜ ਦਰਜ ਕੀਤੀਆਂ ਜਾਣਗੀਆਂ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਆਲੂ ਬੀਜ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਇਸ ਨਾਜਾਇਜ਼ ਕੰਮ ਬਾਰੇ ਜਾਣੂ ਕਰਵਾਉਣ ਲਈ ਮੁਲਾਕਾਤ ਕੀਤੀ ਗਈ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਜਿਹੀਆਂ ਗਤੀਵਿਧੀਆਂ ਵਿਰੁੱਧ ਕਾਰਵਾਈ ਦੇ ਹੁਕਮ ਦਿੱਤੇ।

About The Author

error: Content is protected !!