ਕੁਲਦੀਪ ਸਿੰਘ ਧਾਲੀਵਾਲ ਨੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

0

ਸਾਡੀ ਸਰਕਾਰ ‘ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ, ਹਰ ਹੀਲੇ ਰੋਕਾਂਗੇ ਰਿਸ਼ਵਤਖੋਰੀ  : ਧਾਲੀਵਾਲ

ਚੰਡੀਗੜ੍ਹ, 22  ਮਾਰਚ  2022  :  ਅਜਨਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਵਜੋਂ ਪੰਜਾਬ ਸਿਵਲ ਸਕੱਤਰੇਤ ਵਿਚਲੇ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ ਹੈ। ਸ਼ ਧਾਲੀਵਾਲ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕਾਂ ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਝਰ, ਗੁਰਮੀਤ ਸਿੰਘ ਖੁੱਡੀਆਂ, ਜਮੀਲ ਉਰ ਰਹਿਮਾਨ, ਡਾ. ਅਜੇ ਗੁਪਤਾ, ਕਰਮਬੀਰ ਸਿੰਘ ਘੁੰਮਣ, ਡਾ. ਬਲਬੀਰ ਸਿੰਘ, ਕੁਲਵੰਤ ਸਿੰਘ, ਲਾਡੀ ਢੋਸ, ਮਨਜੀਤ ਸਿੰਘ ਬਿਲਾਸਪੁਰ, ਸਰਵਣ ਸਿੰਘ ਧੁੰਨ ਤੇ ਹੋਰ ਪਤਵੰਤਿਆਂ ਦੀ ਹਾਜ਼ਰੀ ‘ਚ ਆਪਣਾ ਅਹੁਦਾ ਸੰਭਾਲ਼ਿਆ।

ਅਹੁਦਾ ਸੰਭਾਲਣ ਤੋਂ ਬਾਅਦ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਇਹ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਆਪਣੇ ਲੋਕਾਂ ਦੀ ਸੁਵਿਧਾ ਲਈ ਇਸ ਸਰਕਾਰ ਵੱਲੋਂ ਹਰ ਹੀਲਾ ਵਰਤਿਆ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਭ੍ਰਿਸ਼ਟਾਚਾਰ ਵਿਰੁੱਧ ਵਚਨਬੱਧਤਾ ਦੁਹਰਾਉਂਦਿਆਂ ਸ. ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ‘ਚ ਰਿਸ਼ਵਤਖ਼ੋਰਾਂ ਲਈ ਕੋਈ ਥਾਂ ਨਹੀਂ ਹੈ ਤੇ ਅਸੀਂ ਹਰ ਹੀਲਾ ਵਰਤ ਕੇ ਰਿਸ਼ਵਤਖੋਰੀ ਰੋਕਾਂਗੇ ਤਾਂ ਜੋ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਦਿਨ ਰਾਤ ਇੱਕ ਕਰਕੇ ਇਹ ਸੁਨਿਸ਼ਚਿਤ ਬਣਾਉਣਗੇ ਕਿ ਪੰਜਾਬ ਸਰਕਾਰ ਦਾ ਹਰ ਕੰਮ ਲੋਕਾਂ ਦੀ ਸੁਵਿਧਾ ਲਈ ਹੀ ਚੁੱਕਿਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਦੀ ਹਰ ਮੁਸ਼ਕਿਲ ਤੋਂ ਉਹ ਖ਼ੁਦ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਚੰਗੇਰੀਆਂ ਸੇਵਾਵਾਂ ਦੇਣ ਲਈ ਹਰ ਹੀਲਾ ਵਰਤਣਗੇ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਦੇ ਪੰਜਾਬ ਆਉਣ ਮੌਕੇ ਉਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਪਿੰਡਾਂ ਦੇ ਵਿਕਾਸ ਬਾਰੇ ਆਪਣੀ ਸਰਕਾਰ ਦੀ ਵਿਉਂਤਬੰਦੀ ਬਾਰੇ ਗੱਲ ਕਰਦਿਆਂ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹੁਣ ਪਿਛਲੀਆਂ ਸਰਕਾਰਾਂ ਵਾਂਗ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਸਗੋਂ ਹਰ ਆਰਕੀਟੈਕਟਾਂ, ਮਾਹਿਰਾਂ ਤੇ ਇਮਾਨਦਾਰ ਅਫਸਰਾਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਪਿੰਡ ਆਧਾਰਿਤ ਵਿਕਾਸ ਨੂੰ ਹੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਸਰਕਾਰ ਦੇ ਕਾਰਜ-ਕਾਲ ਦੌਰਾਨ ਹਰ ਪਿੰਡ ‘ਚ ਸਾਫ਼ ਪੀਣਯੋਗ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਢੁੱਕਵਾਂ ਪ੍ਰਬੰਧ ਕਰਵਾਉਣਾਂ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਪਿੰਡਾਂ ਦੀਆਂ ਡਿਸਪੈਂਸਰੀਆਂ, ਸਰਕਾਰੀ ਸਕੂਲਾਂ, ਪਾਰਕਾਂ ਤੇ ਲਾਇਟਾਂ ਦੀ ਦਸ਼ਾ ਸੁਧਾਰਨ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।

ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ, ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਪ੍ਰਮੱਖ ਸਕੱਤਰ ਕ੍ਰਿਸ਼ਨ ਕੁਮਾਰ, ਸਕੱਤਰ ਐਮ.ਐਸ. ਜੱਗੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਮਨਪ੍ਰੀਤ ਸਿੰਘ ਛਤਵਾਲ, ਟੀ.ਪੀ.ਐਸ ਫੂਲਕਾ, ਸੰਯੁਕਤ ਸਕੱਤਰ ਰਾਜਪਾਲ ਸਿੰਘ, ਡਿਪਟੀ ਸਕੱਤਰ ਸੁਰਿੰਦਰ ਕੌਰ ਸਮੇਤ ਵੱਡੀ ਗਿਣਤੀ ‘ਚ ਅਧਿਕਾਰੀ, ਕਰਮਚਾਰੀ ਤੇ ਪਤਵੰਤੇ ਹਾਜ਼ਰ ਸਨ।

About The Author

Leave a Reply

Your email address will not be published. Required fields are marked *