ਪੰਜਾਬ ਸਰਕਾਰ ਵੱਲੋਂ ਪੁਲਿਸ ਮੁਲਾਜ਼ਮ ਦੀ ਡਿਊਟੀ ਦੌਰਾਨ ਮੌਤ ਹੋ ਜਾਣ ਦੀ ਸੂਰਤ ਵਿੱਚ ਪਰਿਵਾਰ ਲਈ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ
– ਮੁੱਖ ਮੰਤਰੀ ਨੇ 23000 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਵਰਚੁਅਲ ਤੌਰ ‘ਤੇ ਕੀਤਾ ਸੰਬੋਧਨ, ਉਨ੍ਹਾਂ ਨੂੰ ਨਾਗਰਿਕਾਂ ਨਾਲ ਹਲੀਮੀ ਨਾਲ ਪੇਸ਼ ਆਉਣ ਲਈ ਕੀਤਾ ਉਤਸ਼ਾਹਿਤ
– ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਗੈਂਗਸਟਰਾਂ, ਨਸ਼ਿਆਂ, ਅੱਤਵਾਦ, ਗੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੇ ਨਿਰਦੇਸ਼
– ਪੁਲਿਸ ਭਲਾਈ ਫੰਡ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਵੀ ਕੀਤਾ ਐਲਾਨ
ਚੰਡੀਗੜ੍ਹ, 20 ਅਪ੍ਰੈਲ 2022 : ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਉਹਨਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਅੱਜ ਇੱਥੇ ਪੰਜਾਬ ਪੁਲਿਸ ਤਕਨਾਲੋਜੀ ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਰਚੁਅਲ ਤੌਰ ‘ਤੇ ਸੰਬੋਧਨ ਕਰ ਰਹੇ ਸਨ। ਇਸ ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸਾਰੇ ਰੈਂਕਾਂ ਦੇ 23000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਗੈਂਗਸਟਰਾਂ, ਨਸ਼ਿਆਂ, ਅੱਤਵਾਦ, ਗੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੇ ਨਿਰਦੇਸ਼ ਦਿੱਤੇ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਸਟੇਟ ਪੁਲਿਸ ਹੈੱਡਕੁਆਰਟਰ, ਸਾਰੇ ਜ਼ਿਲ੍ਹਾ ਪੁਲਿਸ ਦਫਤਰਾਂ, ਪੁਲਿਸ ਸਟੇਸ਼ਨਾਂ, ਸਿਖਲਾਈ ਕੇਂਦਰਾਂ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦਫਤਰ, ਇੰਟੈਲੀਜੈਂਸ ਦਫ਼ਤਰ, ਸਾਂਝ ਕੇਂਦਰ, ਵੱਖ-ਵੱਖ ਹਥਿਆਰਬੰਦ ਬਟਾਲੀਅਨਾਂ ਅਤੇ ਰੇਲਵੇ ਪੁਲਿਸ ਵਿਖੇ ਸਥਾਪਿਤ ਕੀਤੇ ਗਏ 933 ਵੀਡੀਓ ਕਾਨਫਰੰਸਿੰਗ (ਵੀ.ਸੀ.) ਸਥਾਨਾਂ ਤੋਂ ਸਾਰੇ ਰੈਂਕਾਂ ਦੇ ਪੁਲਿਸ ਕਰਮਚਾਰੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਨੇ ਇੰਨੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਪੁਲਿਸ ਦੇ ਕੰਮਕਾਜ ਵਿੱਚ ਕੋਈ ਦਖਲਅੰਦਾਜ਼ੀ ਨਾ ਹੋਣ ਦਾ ਭਰੋਸਾ ਦਿੰਦਿਆਂ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਪੇਸ਼ੇਵਰਤਾ, ਸਮਰਪਣ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਪੁਲਿਸ ਨੂੰ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਿਨਾਂ ਕਿਸੇ ਪੱਖਪਾਤ ਤੋਂ ਕਾਰਵਾਈ ਕਰਨ ਲਈ ਵੀ ਕਿਹਾ।
ਪੰਜਾਬ ਪੁਲਿਸ ਦੀ ਭਲਾਈ ਲਈ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਨੇ ਇਸ ਵਿੱਤੀ ਸਾਲ ਤੋਂ ਪੁਲਿਸ ਭਲਾਈ ਫੰਡ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਐਲਾਨ ਵੀ ਕੀਤਾ। ਉਹਨਾਂ ਨੇ ਪੰਜਾਬ ਪੁਲਿਸ ਨੂੰ ਦੇਸ਼ ਦੀ ਸਰਵੋਤਮ ਪੁਲਿਸ ਫੋਰਸ ਵਿੱਚੋਂ ਇੱਕ ਬਣਾਉਣ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਪੂਰੇ ਸੁਹਿਰਦ ਯਤਨਾਂ ਅਤੇ ਈਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਆ। ਉਹਨਾਂ ਨੇ ਪੁਲਿਸ ਨੂੰ ਲੋਕਾਂ ਨਾਲ ਹਲੀਮੀ ਨਾਲ ਪੇਸ਼ ਆਉਣ ਲਈ ਵੀ ਕਿਹਾ।
ਉਹਨਾਂ ਕਿਹਾ ਕਿ ਪੁਲਿਸ ਦੀ ਨੌਕਰੀ ਚੁਣੌਤੀਪੂਰਨ ਤੇ ਬੜੀ ਸਖ਼ਤ ਹੈ ਅਤੇ ਵਧੀਆ ਕਾਰਗੁਜ਼ਾਰੀ ਦੇ ਬਾਵਜੂਦ ਵੀ ਪੁਲਿਸ ਨੂੰ ਲੋਕਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਵੀ ਕੀਤੀ। ਜ਼ਿਕਰਯੋਗ ਹੈ ਕਿ ਜਦੋਂ ਤੋਂ ਮੁੱਖ ਮੰਤਰੀ ਨੇ ਪੁਲਿਸ ਕਰਮੀਆਂ ਨੂੰ ਉਹਨਾਂ ਦੇ ਜਨਮ ਦਿਨ ‘ਤੇ ਵਧਾਈ ਦੇਣ ਦੀ ਸ਼ੁਰੂਆਤ ਕੀਤੀ ਹੈ, ਉਦੋਂ ਤੋਂ ਹੁਣ ਤੱਕ ਕੁੱਲ 5650 ਪੁਲਿਸ ਮੁਲਾਜਮਾਂ ਨੂੰ ਉਹਨਾਂ ਦੇ ਜਨਮ ਦਿਨ ਮੌਕੇ ਵਧਾਈਆਂ ਦਿੱਤੀਆਂ ਜਾ ਚੁੱਕੀਆਂ ਹਨ।