ਪੰਜਾਬ ਸਰਕਾਰ ਨੇ ਟਰਾਂਸਪੋਰਟਰਾਂ ਲਈ ਵੱਡੀ ਰਾਹਤ ਐਲਾਨੀ
ਟਰਾਂਸਪੋਰਟਰਾਂ ‘ਤੇ ਕੋਵਿਡ ਦਾ ਪ੍ਰਭਾਵ : ਅਗਲੇ ਤਿੰਨ ਮਹੀਨਿਆਂ ਅੰਦਰ ਬਿਨਾਂ ਕਿਸੇ ਜੁਰਮਾਨੇ ਜਾਂ ਬਕਾਏ ਦੇ ਮੋਟਰ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ
ਚੰਡੀਗੜ੍ਹ, 23 ਅਪਰੈਲ 2022 : ਸੂਬੇ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਟਰਾਂਸਪੋਰਟਰ ਅਗਲੇ ਤਿੰਨ ਮਹੀਨਿਆਂ ਵਿੱਚ ਬਿਨਾਂ ਕਿਸੇ ਜੁਰਮਾਨੇ ਜਾਂ ਬਕਾਏ ਤੋਂ ਆਪਣਾ ਬਣਦਾ ਟੈਕਸ ਜਮ੍ਹਾਂ ਕਰਵਾ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰ ਭਾਈਚਾਰੇ ਨਾਲ ਕੀਤਾ ਗਿਆ ਵਾਅਦਾ ਅੱਜ ਪੂਰਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋੜ ਸਮੇਂ ਅਸੀਂ ਟਰਾਂਸਪੋਰਟਰਾਂ ਦੇ ਨਾਲ ਹਮੇਸ਼ਾ ਖੜੇ ਰਹਾਂਗੇ ਕਿਉਂਕਿ ਇਹ ਸੈਕਟਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਟਰਾਂਸਪੋਰਟਰਾਂ ਲਈ ਬਹੁਤ ਸਹਾਈ ਸਿੱਧ ਹੋਵੇਗਾ, ਜੋ ਕੋਵਿਡ ਮਹਾਂਮਾਰੀ ਕਾਰਨ ਆਪਣਾ ਮੋਟਰ ਟੈਕਸ ਜਮ੍ਹਾਂ ਨਹੀਂ ਕਰਵਾ ਸਕੇ ਅਤੇ ਹੁਣ ਉਹ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਬਿਨਾਂ ਕਿਸੇ ਜੁਰਮਾਨੇ ਅਤੇ ਬਕਾਏ ਦੇ ਆਪਣੇ ਬਕਾਏ ਟੈਕਸ ਜਮ੍ਹਾਂ ਕਰਵਾ ਸਕਦੇ ਹਨ।