ਸ਼ਹਿਰਵਾਸੀ ਹੁਣ ‘ਡੋਨੇਸ਼ਨ ਕਾਰਨਰ’ ‘ਤੇ ਲੋੜਵੰਦ ਬੱਚਿਆਂ ਲਈ ਸਟੇਸ਼ਨਰੀ ਤੇ ਖਿਡੌਣੇ ਦਾਨ ਕਰ ਸਕਦੇ ਹਨ
– ਡਿਪਟੀ ਕਮਿਸ਼ਨਰ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਡੋਨੇਸ਼ਨ ਕਾਰਨਰ ਦਾ ਉਦਘਾਟਨ
– ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਤੇ ਖਿਡੌਣੇ ਦਾਨ ਕਰਨ ਦੀ ਵੀ ਕੀਤੀ ਅਪੀਲ
ਲੁਧਿਆਣਾ, 26 ਅਪ੍ਰੈਲ 2022 : ‘ਵੇਸਟ ਵੈਲਥ – ਗਿਵ ਐਂਡ ਟੇਕ’ ਦੇ ਸਲੋਗਨ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸਦੇ ਤਹਿਤ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਦੇ ਦਰਵਾਜ਼ੇ ਦੇ ਨਾਲ ਇੱਕ ‘ਡੋਨੇਸ਼ਨ ਕਾਰਨਰ’ ਸਥਾਪਤ ਕੀਤਾ ਗਿਆ ਹੈ। ਇਸ ਡੋਨੇਸ਼ਨ ਕਾਰਨਰ ਵਿੱਚ, ਸ਼ਹਿਰਵਾਸੀ ਹੁਣ ਬੱਚਿਆਂ ਲਈ ਸਟੇਸ਼ਨਰੀ ਅਤੇ ਖਿਡੌਣੇ ਦਾਨ ਕਰ ਸਕਦੇ ਹਨ, ਜੋ ਅੱਗੇ ਲੋੜਵੰਦ ਬੱਚਿਆਂ ਨੂੰ ਵੰਡੇ ਜਾਣਗੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਂਸਟੇਸ਼ਨਰੀ ਏ.ਟੀ.ਐਮ’ ਅਤੇ ‘ਖਿਡੌਣਿਆਂ ਵਾਲਾ ਬੈਂਕ’ ਵਾਲੇ ਡੋਨੇਸ਼ਨ ਕਾਰਨਰ’ ਦਾ ਉਦਘਾਟਨ ਕੀਤਾ।
ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਨੇਪਰੇ ਚਾੜ੍ਹੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਕਿਹਾ ਕਿ ‘ਸਟੇਸ਼ਨਰੀ ਏ.ਟੀ.ਐਮ’ ਝੁੱਗੀ-ਝੌਂਪੜੀ ਵਿੱਚ ਰਹਿੰਦਿਆਂ ਬੱਚਿਆਂ, ਅਨਾਥ ਆਸ਼ਰਮਾਂ ਵਿੱਚ ਰਹਿਣ ਵਾਲੇ ਅਤੇ ਲੋੜਵੰਦ ਬੱਚਿਆਂ ਦੀਆਂ ਲੋੜਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਸ਼ਹਿਰਵਾਸੀ ਨਵੀਂ/ਪੁਰਾਣੀ ਸਟੇਸ਼ਨਰੀ ਵਾਲੀਆਂ ਵਸਤਾਂ ਜਿਵੇਂ ਕਿ ਪੈਨਸਿਲ, ਸ਼ਾਰਪਨਰ, ਇਰੇਜ਼ਰ, ਪੈਨ, ਰੰਗ, ਨੋਟਬੁੱਕ, ਰਜਿਸਟਰ, ਖਾਲੀ ਕਾਗਜ਼, ਬੱਚਿਆਂ ਦੀਆਂ ਕਿਤਾਬਾਂ ਆਦਿ ਦਾਨ ਕਰ ਸਕਦੇ ਹਨ।
‘ਸਟੇਸ਼ਨਰੀ ਏ.ਟੀ.ਐਮ. ਜ਼ਿਲ੍ਹਾ ਪ੍ਰਸ਼ਾਸਨ ਨੂੰ ਘਰਾਂ ਅਤੇ ਦਫ਼ਤਰਾਂ ਵਿੱਚ ਵਰਤੀਆਂ ਜਾਣ ਵਾਲੀਆਂ ਵਸਤੂਆਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਸਹਾਈ ਸਿੱਧ ਹੋਵੇਗਾ। ਹੁਨਰ ਹੱਟ ਲੁਧਿਆਣਾ ਵੱਲੋਂ ਇਹ ਸਾਰੀਆਂ ਵਸਤਾਂ ਇਕੱਠੀਆਂ ਕਰਕੇੇ ਸਾਫ਼ ਕੀਤੀਆਂ ਜਾਣਗੀਆਂ ਅਤੇ ਅੱਗੇ ਝੁੱਗੀ-ਝੌਂਪੜੀ ਵਿੱਚ ਰਹਿੰਦਿਆਂ ਬੱਚਿਆਂ, ਅਨਾਥ ਆਸ਼ਰਮਾਂ, ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਬੱਚਿਆਂ ਆਦਿ ਨੂੰ ਦਾਨ ਕੀਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ‘ਖਿਡੌਣਿਆਂ ਵਾਲਾ ਬੈਂਕ’ ਨਿਵਾਸੀਆਂ ਨੂੰ ਆਪਣੇ ਬੱਚਿਆਂ ਜਾਂ ਪੋਤੇ-ਪੋਤੀਆਂ ਦੇ ਖਿਡੌਣੇ ਦਾਨ ਕਰਨ ਦੀ ਸਹੂਲਤ ਪ੍ਰਦਾਨ ਕਰੇਗਾ ਜੋ ਹੁਨਰ ਹੱਟ ਵੱਲੋਂ ਮੁਰੰਮਤ ਤੋਂ ਬਾਅਦ ਅੱਗੇ ਆਂਗਨਵਾੜੀ, ਝੁੱਗੀ-ਝੌਂਪੜੀ ਵਿੱਚ ਰਹਿੰਦਿਆਂ ਬੱਚਿਆਂ, ਅਨਾਥ ਆਸ਼ਰਮਾਂ ਦੇ ਬੱਚਿਆਂ ਅਤੇ ਹੋਰ ਲੋੜਵੰਦ ਬੱਚਿਆਂ ਨੂੰ ਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋੜਵੰਦ ਮਾਪੇ, ਦੇਖਭਾਲ ਕਰਨ ਵਾਲੇ ਆਦਿ ਵੀ ਲੋੜ ਪੈਣ ‘ਤੇ ਇਹ ਖਿਡੌਣੇ ਲੈ ਸਕਦੇ ਹਨ, ਪਰ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਨਾਲ ਆਉਣਾ ਲਾਜ਼ਮੀ ਹੋਵੇਗਾ ।
ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਰਾਸ਼ਟਰ ਨਿਰਮਾਣ ਵਿੱਚ ਵਸਨੀਕਾਂ ਨੂੰ ਸ਼ਾਮਲ ਕਰਨਾ ਅਤੇ ਲੋੜਵੰਦਾਂ ਦੀ ਮਦਦ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਉਪਰਾਲੇ ਵੀ ਸ਼ੁਰੂ ਕੀਤੇ ਜਾਣਗੇ।
ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਅਜਿਹੇ ਹੋਰ ਦਾਨ ਕਾਰਨਰ ਜ਼ਿਲ੍ਹੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ (ਜਨਰਲ) ਸ. ਗੁਰਬੀਰ ਸਿੰਘ ਕੋਹਲੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।