ਬ੍ਰਮ ਸ਼ੰਕਰ ਜਿੰਪਾ ਵੱਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਨਾਜਾਇਜ਼ ਮੋਘੇ ਬੰਦ ਕਰਨ ਦੇ ਹੁਕਮ

0

• ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਅਰਨੀਵਾਲਾ ਸਮੇਤ ਸੱਤ ਮਾਈਨਰਾਂ ਦੀ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ, 27 ਅਪ੍ਰੈਲ  2022  :  ਸੂਬੇ ਵਿੱਚ ਟੇਲਾਂ ਵਾਲੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਹਿਰਾਂ ਤੇ ਮਾਈਨਰਾਂ ਵਿੱਚ ਕੁੱਝ ਕਿਸਾਨਾਂ ਵੱਲੋਂ ਬਣਾਏ ਗਏ ਨਾਜਾਇਜ਼ ਮੋਘੇ ਬੰਦ ਕਰਨ ਤੋਂ ਇਲਾਵਾ ਭੰਨੇ-ਤੋੜੇ ਮੋਘਿਆਂ ਦੀ ਤੁਰੰਤ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਹਦਾਇਤਾਂ ਕੈਬਨਿਟ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਖੇਤਰਾਂ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਦਿੱਤੀਆਂ ਜਿਹੜੇ ਇਲਾਕਿਆਂ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਦੀ ਸਮੱਸਿਆ ਆਉਂਦੀ ਹੈ। ਇਸ ਮੀਟਿੰਗ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਹਾਜ਼ਰ ਸਨ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਭੰਨੇ-ਤੋੜੇ ਮੋਘਿਆਂ ਦੀ ਮੁਰੰਮਤ ਕਰਨ ਅਤੇ ਮਾਈਨਰਾਂ/ਰਜਬਾਹਿਆਂ ਦੀ ਸਫ਼ਾਈ ਤੇ ਮੁਰੰਮਤ ਦੇ ਕੰਮ ਨੂੰ ਮੁਕੰਮਲ ਕਰਨ ਲਈ ਵੀ ਕਿਹਾ।

ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਅਰਨੀਵਾਲਾ, ਭਾਗਸਰ, ਲਾਧੂਕਾ, ਮਮਦੋਟ, ਲਕਸ਼ਮਣ, ਬਰਕਤਵਾਹ ਅਤੇ ਸਾਈਜ਼ਵਾਹ ਮਾਈਨਰ ਦੀ ਮੁਰੰਮਤ/ਸਫ਼ਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਨਹਿਰੀ ਪਾਣੀ ਦੀ ਚੋਰੀ ਸਬੰਧੀ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗ਼ੈਰ-ਕਾਨੂੰਨੀ ਵਰਤਾਰੇ ਨੂੰ ਰੋਕਣ ਲਈ ਅਚਨਚੇਤ ਨਿਰੀਖਣ ਕਰਨ ਤਾਂ ਜੋ ਟੇਲਾਂ ਵਾਲੇ ਕਿਸਾਨਾਂ ਨੂੰ ਵੀ ਨਹਿਰੀ ਪਾਣੀ ਦਾ ਬਣਦਾ ਹਿੱਸਾ ਮਿਲ ਸਕੇ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜਨੀਅਰ ਨਹਿਰਾਂ ਸ੍ਰੀ ਈਸ਼ਵਰ ਗੋਇਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

You may have missed