ਪੰਜਾਬ ਸਰਕਾਰ ਸੈਰ-ਸਪਾਟੇ ਨੂੰ ਵੱਡੇ ਪੱਧਰ `ਤੇ ਹੁਲਾਰਾ ਦੇਵੇਗੀ   :   ਹਰਜੋਤ ਸਿੰਘ ਬੈਂਸ

0

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਮੈਰਾਥਨ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 27   ਅਪ੍ਰੈਲ   2022   :  ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਆਪਣੀਆਂ ਲੋਕ ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨਾਲ ਸੈਰ-ਸਪਾਟੇ ਨੂੰ ਅਗਲੇ ਪੱਧਰ ਤੱਕ ਲੈ ਕੇ ਜਾਵੇਗੀ। ਕੈਬਨਿਟ ਮੰਤਰੀ ਨੇ ਸੈਰ ਸਪਾਟਾ ਖੇਤਰ ਦੇ ਸਾਰੇ ਭਾਈਵਾਲਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਦੇਸ਼ ਅਤੇ ਵਿਦੇਸ਼ ਦੇ ਸ਼ਹਿਰਾਂ ਤੋਂ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸਰਕਾਰ ਨਾਲ ਸਹੀ ਤਾਲਮੇਲ ਬਣਾ ਕੇ ਕੰਮ ਕਰਨ।

ਇੱਥੇ ਪੰਜਾਬ ਭਵਨ ਵਿਖੇ ਸੈਰ ਸਪਾਟਾ ਵਿਭਾਗ ਦੀ ਮੈਰਾਥਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈਰ ਸਪਾਟਾ ਵਿਭਾਗ ਦੇ ਅਜਾਇਬ ਘਰ ਅਤੇ ਹੋਰ ਇਮਾਰਤਾਂ ਦਾ ਲੋਕਾਂ ਵਿੱਚ ਢੁਕਵਾਂ ਪ੍ਰਚਾਰ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੱਡੇ ਪੱਧਰ ’ਤੇ ਉਜਾਗਰ ਕੀਤਾ ਜਾ ਸਕੇ।

ਮੰਤਰੀ ਨੇ ਕਿਹਾ ਕਿ ਉਨ੍ਹਾਂ ਖਟਕੜ ਕਲਾਂ ਯਾਦਗਾਰ ਵਿੱਚ ਸਥਿਤ ਅਜਾਇਬ ਘਰ ਨੂੰ ਅਪਗ੍ਰੇਡ ਕਰਨ ਬਾਰੇ ਵਿਭਾਗ ਦੇ ਅਧਿਕਾਰੀਆਂ ਤੋਂ ਇੱਕ ਵਿਸਥਾਰਤ ਰਿਪੋਰਟ ਵੀ ਮੰਗੀ ਹੈ ਅਤੇ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਸਾਰੇ ਸਮਾਨ ਨੂੰ ਇਸ ਅਜਾਇਬ ਘਰ ਵਿੱਚ ਪ੍ਰਦਰਸ਼ਿਤ ਕਰਨ ਲਈ ਕੇਂਦਰ ਸਰਕਾਰ ਕੋਲ ਮਾਮਲਾ ਚੁੱਕਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਸ਼ਾਨਦਾਰ ਪ੍ਰਾਜੈਕਟ ‘ਪਿੰਡ ਬਾਬੇ ਨਾਨਕ ਦਾ’ ਨੂੰ ਵੀ ਪੂਰੀ ਤਨਦੇਹੀ ਅਤੇ ਪਾਰਦਰਸ਼ਤਾ ਨਾਲ ਮੁਕੰਮਲ ਕੀਤਾ ਜਾਵੇਗਾ। ਸ੍ਰੀ ਬੈਂਸ ਨੇ ਅਧਿਕਾਰੀਆਂ ਨੂੰ ਸੈਰ ਸਪਾਟਾ ਵਿਭਾਗ ਦੇ ਹੋਰ ਸਾਰੇ ਪ੍ਰਾਜੈਕਟਾਂ ਵਿੱਚ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਮੀਟਿੰਗ ਦੌਰਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਸੈਰ ਸਪਾਟਾ ਕੰਵਲ ਪ੍ਰੀਤ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *