ਮਾਲਵੇ ਦੇ ਚਾਰ ਜ਼ਿਲ੍ਹਿਆਂ ਦੇ ਸਨਅਤਕਾਰਾਂ ਨੇ ਆਪ ਸਰਕਾਰ ਦੇ ਆਗਾਮੀ ਜਨਤਾ ਬਜਟ ਬਾਰੇ ਲੋਕਾਂ ਤੋਂ ਸੁਝਾਅ ਮੰਗਣ ਦੇ ਫੈਸਲੇ ਦੀ ਕੀਤੀ ਸ਼ਲਾਘਾ

0

–   ਉਦਯੋਗਾਂ ਨੂੰ ਉਤਸ਼ਾਹਿਤ ਕਰਨ ਨਾਲ ਪੰਜਾਬ ਦੀ ਆਰਥਿਕਤਾ ਮੁੜ ਲੀਹ ‘ਤੇ ਆਵੇਗੀ  :  ਵਿੱਤ ਮੰਤਰੀ

–   ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਲੈ ਰਹੇ ਨੇ ਕ੍ਰਾਂਤੀਕਾਰੀ ਫੈਸਲੇ

–   ਆਮ ਆਦਮੀ ਦੇ ਸੁਝਾਵਾਂ ਨਾਲ ਸੂਬੇ ਦੇ ਸਰਵਪੱਖੀ ਵਿਕਾਸ ਲਈ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ  :   ਹਰਪਾਲ ਸਿੰਘ ਚੀਮਾ

–   ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ “ਜਨਤਾ ਬਜਟ” ਲਈ ਉਦਯੋਗਪਤੀਆਂ ਅਤੇ ਵਿਧਾਇਕਾਂ ਦੇ ਸੁਝਾਅ ਲੈਣ ਲਈ ਗੱਲਬਾਤ ਕੀਤੀ

ਸੰਗਰੂਰ, 7   ਮਈ   2022  :   ਪੰਜਾਬ ਦੇ ਮਾਲਵਾ ਖੇਤਰ ਦੇ ਚਾਰ ਪ੍ਰਮੁੱਖ ਜ਼ਿਲ੍ਹਿਆਂ; ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਲੇਰਕੋਟਲਾ, ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਗਾਮੀ ਬਜਟ ਸਬੰਧੀ ਲੋਕਾਂ ਤੋਂ ਸੁਝਾਅ ਮੰਗਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਦਯੋਗਪਤੀਆਂ ਨੇ ਕਿਹਾ ਕਿ ਆਗਾਮੀ ‘ਜਨਤਾ ਬਜਟ’ ਬਾਰੇ ਲੋਕਾਂ ਤੋਂ ਸੁਝਾਅ ਮੰਗਣਾ ਇੱਕ ਇਤਿਹਾਸਕ ਤਬਦੀਲੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਵੀ ਸਰਕਾਰ ਬਜਟ ਲਈ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਯੋਜਨਾ ਲਾਗੂ ਕਰਨ, ਆਬਕਾਰੀ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ‘ਜਨਤਾ ਬਜਟ’ ਦਾ ਖਰੜਾ ਤਿਆਰ ਕਰਨ ਮੌਕੇ ਉਨ੍ਹਾਂ ਦੇ ਵਡਮੁੱਲੇ ਸੁਝਾਵਾਂ ਨੂੰ ਜ਼ਰੂਰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦੀ ਨੀਤੀ ਦਾ ਹਿੱਸਾ ਹੈ ਜੋ ਆਮ ਲੋਕਾਂ ਨੂੰ ਇਸ ਦੇ ਅਹਿਮ ਫੈਸਲਿਆਂ ‘ਚ ਹਿੱਸਾ ਲੈਣ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਸੁਝਾਅ ਲੈਣ ਤੋਂ ਇਲਾਵਾ, ਉਹ ਅਤੇ ਉਨ੍ਹਾਂ ਦੀ ਟੀਮ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਈ ਜ਼ਿਲ੍ਹਿਆਂ ਦਾ ਦੌਰਾ ਕਰ ਰਹੀ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਫੀਡਬੈਕ ਪ੍ਰਾਪਤ ਕੀਤੀ ਜਾ ਸਕੇ।

ਇਸ ਮੀਟਿੰਗ ਵਿਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਰਿੰਦਰ ਗੋਇਲ, ਨਰਿੰਦਰ ਕੌਰ ਭਰਾਜ, ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਗੁਰਦੇਵ ਸਿੰਘ ਦੇਵ ਮਾਨ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਨਮਾਜਰਾ, ਗੁਰਲਾਲ ਸਿੰਘ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਕੁਲਵੰਤ ਸਿੰਘ ਪੰਡੋਰੀ, ਜਸਵੰਤ ਸਿੰਘ ਗੱਜਣਮਾਜਰਾ, ਜਮੀਲ ਉਰ ਰਹਿਮਾਨ, ‘ਆਪ’ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਬਾਠ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।

ਇਸ ਮੌਕੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਦਯੋਗਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਸਨਅਤੀ ਵਿਕਾਸ ਸਹੀ ਢੰਗ ਨਾਲ ਨਹੀਂ ਹੋ ਸਕਿਆ ਅਤੇ ਜੇਕਰ ਉਦਯੋਗਾਂ ਨੂੰ ਉੱਚਾ ਚੁੱਕਣ ਲਈ ਹੁਣ ਵੀ ਕਦਮ ਨਾ ਚੁੱਕੇ ਗਏ ਤਾਂ ਇਸ ਦੇ ਗੰਭੀਰ ਨਤੀਜੇ ਹੋ ਸਕਦੇ ਹਨ।

ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ,”ਅਸੀਂ ਪਹਿਲਾਂ ਹੀ 26000 ਤੋਂ ਵੱਧ ਸਰਕਾਰੀ ਨੌਕਰੀਆਂ ਦਾ ਇਸ਼ਤਿਹਾਰ ਦੇ ਚੁੱਕੇ ਹਾਂ, ਇਸ ਤੋਂ ਇਲਾਵਾ ਕਈ ਹੋਰ ਲੋਕ-ਪੱਖੀ ਫੈਸਲੇ ਪਹਿਲਾਂ ਹੀ ਲਏ ਜਾ ਚੁੱਕੇ ਹਨ। ਇੱਥੋਂ ਤੱਕ ਕਿ ਸਾਡੇ ਪਹਿਲੇ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਤੋਂ ਸੁਝਾਅ ਮੰਗਣਾ ਆਪਣੇ ਆਪ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਹੈ।”

ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਲੋਕ ਆਪਣੇ ਸੁਝਾਅ ਦਿੰਦੇ ਹਨ ਤਾਂ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਾ ਬਜਟ ਲਈ ਵੱਧ ਤੋਂ ਵੱਧ ਉਸਾਰੂ ਸੁਝਾਅ ਦੇਣ ਤਾਂ ਜੋ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਦੀ ਪਸੰਦ ਦਾ ਬਜਟ ਤਿਆਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸੁਝਾਅ ਦੇਣ ਦੇ ਚਾਹਵਾਨ 10 ਮਈ, 2022 ਤੱਕ ਪੋਰਟਲ finance.punjab.gov.in ‘ਤੇ ਜਾਂ ਈਮੇਲ ਆਈਡੀ punjabdabudget@gmail.com ‘ਤੇ ਸੁਨੇਹਾ ਭੇਜ ਕੇ ਬਜਟ ਦੀ ਤਿਆਰੀ ਵਿਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਹਿਲਾਂ ਹੀ ਸਾਰੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਸੁਝਾਅ ਲੈਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ 1 ਲੱਖ ਤੋਂ ਵੱਧ ਸੁਝਾਅ ਪ੍ਰਾਪਤ ਹੋ ਚੁੱਕੇ ਹਨ। ਅੱਜ ਦੀ ਮੀਟਿੰਗ ਦੌਰਾਨ ਜਿਨ੍ਹਾਂ ਸਨਅਤਕਾਰਾਂ ਨੇ ਬਜਟ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ, ਉਨ੍ਹਾਂ ਵਿੱਚ ਰਾਈਸੇਲਾ ਦੇ ਚੇਅਰਮੈਨ ਏ.ਆਰ. ਸ਼ਰਮਾ, ਘਨਸ਼ਿਆਮ ਕਾਂਸਲ, ਅਮਰਜੀਤ ਸਿੰਘ ਟੀਟੂ, ਜਤਿੰਦਰ ਸਿੰਘ ਸੰਧੂ, ਨਛੱਤਰ ਸਿੰਘ, ਵਿਜੇ ਗਰਗ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਡੀਸੀ ਪਟਿਆਲਾ ਸਾਕਸ਼ੀ ਸਾਹਨੀ, ਡਿਪਟੀ ਸਕੱਤਰ ਵਿੱਤ ਉਦੈਦੀਪ ਸਿੰਘ ਸਿੱਧੂ, ਏਡੀਸੀ ਜਨਰਲ ਸੰਗਰੂਰ ਅਨਮੋਲ ਸਿੰਘ ਧਾਲੀਵਾਲ, ਏਡੀਸੀ ਡੀ ਵਰਜੀਤ ਵਾਲੀਆ, ਏਡੀਸੀ ਬਰਨਾਲਾ ਅਮਿਤ ਬੈਂਬੀ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।
——

About The Author

Leave a Reply

Your email address will not be published. Required fields are marked *