ਪ੍ਰਸ਼ਾਸ਼ਨ ਨੇ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਖਿੱਚੀ ਤਿਆਰੀ : ਡਿਪਟੀ ਕਮਿਸ਼ਨਰ

0

ਲੁਧਿਆਣਾ, 19 ਅਗਸਤ 2021 : ਆਗਾਮੀ ਝੋਨੇ ਦੀ ਖਰੀਦ ਸੀਜ਼ਨ ਵਿੱਚ ਝੋਨੇ ਦਾ ਇੱਕ-ਇੱਕ ਦਾਣਾ ਮੰਡੀ ਵਿੱਚੋਂ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਇਆ ਜਾਵੇ।

ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸਾਉਣੀ ਸੀਜ਼ਨ 2021-22 ਲਈ ਝੋਨੇ ਦੀ ਖਰੀਦ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਗਭਗ 2.47 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ 19 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ 107 ਨਿਯਮਤ ਅਨਾਜ ਮੰਡੀਆਂ ਤੋਂ ਇਲਾਵਾ, ਪ੍ਰਸ਼ਾਸ਼ਨ ਵੱਲੋਂ ਸੰਚਾਲਨ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਭੀੜ ਤੋਂ ਬਚਣ ਲਈ ਅਸਥਾਈ ਯਾਰਡ ਵੀ ਸਥਾਪਤ ਕੀਤੇ ਜਾਣਗੇ।

ਸ੍ਰੀ ਸ਼ਰਮਾ ਨੇ ਸਾਰੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਜ਼ਿਲੇ ਭਰ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਨਿਗਰਾਨੀ ਖੁਦ ਕਰਨ, ਤਾਂ ਜੋ ਖਰੀਦ ਦੇ ਉਨ੍ਹਾਂ ਦੇ ਨਿਰਧਾਰਤ ਹਿੱਸੇ ਦੇ ਅਨੁਸਾਰ ਝੋਨੇ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇੱਕ ਪਾਸੇ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਉਣ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਕਰਨ ਵਿੱਚ ਸੁਵਿਧਾ ਪ੍ਰਦਾਨ ਕਰਨ ਦੇ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਉਨ੍ਹਾਂ ਦੀ ਉਪਜ ਦੀ ਵਿਕਰੀ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਲਈ ਜਵਾਬਦੇਹ ਹੋਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿੱਚ ਮੀਂਹ ਤੋਂ ਪੈਦਾਵਾਰ ਨੂੰ ਬਚਾਉਣ ਅਤੇ ਸਫਾਈ ਦੇ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ।

ਇਸੇ ਤਰ੍ਹਾਂ, ਸ੍ਰੀ ਸ਼ਰਮਾ ਨੇ ਹਰੇਕ ਖਰੀਦ ਕੇਂਦਰ ਵਿੱਚ ਝੋਨੇ ਦੀ ਗੁਣਵੱਤਾ ਦੀ ਨਿਗਰਾਨੀ ਲਈ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੋਰਟੇਬਲ ਵਾਟਰ ਸਪਲਾਈ ਅਤੇ ਉਪਕਰਣਾਂ ਦੀ ਲੋੜੀਂਦੀ ਵਿਵਸਥਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਖਰੀਦ, ਬਾਰਦਾਨੇ, ਲੇਬਰ, ਨਮੀ ਦੀ ਮਾਤਰਾ ਅਤੇ ਹੋਰ ਮੁੱਦਿਆਂ ‘ਤੇ ਅਧਿਕਾਰੀਆਂ ਨਾਲ ਵਿਸਤਾਰਪੂਰਵਕ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਲਗਭਗ 19 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਲਈ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਜਾਣਗੇ।

ਇਸ ਮੌਕੇ ਜ਼ਿਲ੍ਹਾ ਮਾਲ ਅਫਸਰ ਜੋਗਿੰਦਰ ਸਿੰਘ, ਜ਼ਿਲ੍ਹਾ ਖੁਰਾਕ, ਸਿਵਲ ਸਪਲਾਈ ਅਤੇ ਕੰਟਰੋਲਰ (ਡੀ.ਐਫ.ਐਸ.ਸੀ.) ਪੱਛਮੀ ਸੁਖਵਿੰਦਰ ਸਿੰਘ ਗਿੱਲ, ਡੀ.ਐਫ.ਐਸ.ਸੀ. ਪੂਰਬੀ ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫਸਰ ਦਵਿੰਦਰ ਸਿੰਘ, ਡੀ.ਐਮ. ਐਫ.ਸੀ.ਆਈ. ਗੰਗੇਸ਼ਵਰ ਗੋਸਾਈਂ, ਡੀ.ਐਮ. ਵੇਅਰਹਾਊਸ ਐਮ.ਪੀ. ਸਿੰਘ, ਡੀਐਮ ਮਾਰਕਫੈਡ ਸੰਜੀਵ ਕੁਮਾਰ ਅਤੇ ਹੋਰ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!