ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ

ਪਟਿਆਲਾ , 8 ਜਨਵਰੀ | ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਹੋਣ ਵਾਲਾ ਰਾਜ ਪੱਧਰੀ ਸਮਾਗਮ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਹੋਵੇਗਾ, ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਗਣਤੰਤਰ ਦਿਵਸ ਸਮਾਗਮਾਂ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੋਲੋ ਗਰਾਊਂਡ (ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ) ਦਾ ਦੌਰਾ ਕੀਤਾ।
ਇਸ ਮੌਕੇ ਸਾਕਸ਼ੀ ਸਾਹਨੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਟਿਆਲਾ ‘ਚ ਕਰਵਾਏ ਜਾਣ ਵਾਲੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪੋਲੋ ਗਰਾਊਂਡ ਵਿਖੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਸ ਮੌਕੇ ਸਾਕਸ਼ੀ ਸਾਹਨੀ ਨੇ ਸ਼ਹਿਰ ਵਾਸੀਆਂ ਸਮੇਤ ਪੂਰੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਵੀ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਦੇ ਸਮਾਗਮ ‘ਚ ਵਧ ਚੜ੍ਹਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਸਮਾਗਮ ਦੌਰਾਨ ਜਿੱਥੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਉਥੇ ਹੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਸਮੇਤ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ।
ਇਸ ਦੌਰਾਨ ਐਸ.ਪੀ. ਮੁਹੰਮਦ ਸਰਫਰਾਜ ਆਲਮ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਸਮੇਤ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

About The Author