ਡਿਪਟੀ ਕਮਿਸ਼ਨਰ ਵੱਲੋਂ 25 ਅਗਸਤ ਨੂੰ ਕੌਮੀ ਡੀ-ਵਰਮਿੰਗ ਡੇ ਮੁਹਿੰਮ ਦੌਰਾਨ 1 ਤੋਂ 19 ਸਾਲ ਦੇ ਸਮੂਹ ਬੱਚਿਆਂ ਅਤੇ ਨੌਜਵਾਨਾਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਦੇਣ ਹਦਾਇਤਾਂ
ਜਲੰਧਰ, 24 ਅਗਸਤ 2021 : ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਸਿਹਤ ,ਸਿੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ 25 ਅਗਸਤ ਨੂੰ ਮਨਾਏ ਜਾ ਰਹੇ ਕੌਮੀ ਡੀ-ਵਰਮਿੰਗ ਦਿਵਸ ਮੌਕੇ 1 ਤੋਂ 19 ਸਾਲ ਦੇ ਸਮੂਹ ਬੱਚਿਆਂ ਤੇ ਨੌਜਵਾਨਾਂ ਨੂੰ ਕਵਰ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ।
ਵਿਭਾਗੀ ਮੁੱਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਜਿਨ੍ਹਾਂ ਦੇ ਨਾਲ ਸਿਵਲ ਸਰਜਨ ਡਾ.ਬਲਵੰਤ ਸਿੰਘ ਵੀ ਮੌਜੂਦ ਸਨ, ਨੇ ਦੱਸਿਆ ਕਿ ਇਹ ਮੁਹਿੰਮ ਚਲਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਕੌਮੀ ਡੀ-ਵਰਮਿੰਗ ਦਿਵਸ 25 ਅਗਸਤ ਨੂੰ ਮਨਾਇਆ ਜਾ ਰਿਹਾ ਹੈ, ਜਿਸ ਤਹਿਤ 1 ਤੋਂ 19 ਸਾਲ ਦੇ ਸਮੂਹ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਜ਼ਿਲ੍ਹੇ ਦੇ ਸਮੁੱਚੇ 1484 ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਤੋਂ ਇਲਾਵਾ 773 ਪ੍ਰਾਈਵੇਟ ਸਕੂਲਾਂ, 1654 ਆਂਗਨਵਾੜੀ ਕੇਂਦਰਾਂ ਅਤੇ 59 ਕਾਲਜਾਂ (ਸਰਕਾਰੀ, ਏਡਿਡ ਅਤੇ ਪ੍ਰਾਈਵੇਟ, ਆਈ.ਟੀ.ਆਈ) ਵਿੱਚ ਚਲਾਈ ਜਾਵੇਗੀ।
ਮੁਹਿੰਮ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਥੋਰੀ ਨੇ ਦੱਸਿਆ ਕਿ ਸਕੂਲ ਅਧਿਆਪਕਾਂ ਦੀ ਦੇਖ-ਰੇਖ ਵਿੱਚ ਬੱਚਿਆਂ ਨੂੰ ਗੋਲੀਆਂ ਖਵਾਈਆਂ ਜਾਣਗੀਆਂ । ਇਸੇ ਤਰ੍ਹਾਂ ਆਂਗਣਵਾੜੀ ਵਰਕਰਾਂ ਵੱਲੋਂ ਆਂਗਣਵਾੜੀ ਸੈਂਟਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਗੋਲੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕਾਂ ਅਤੇ ਸਿਹਤ ਵਿਭਾਗ ਦੇ ਅਮਲੇ ਵੱਲੋਂ ਬੱਚਿਆਂ ਦੁਆਰਾ ਉਨ੍ਹਾਂ ਦੇ ਸਾਹਮਣੇ ਚੰਗੀ ਤਰ੍ਹਾਂ ਚਬਾ ਕੇ ਗੋਲੀਆਂ ਖਾਣਾ ਯਕੀਨੀ ਬਣਾਇਆ ਜਾਵੇਗਾ।
ਸ਼੍ਰੀ ਥੋਰੀ ਨੇ ਦੱਸਿਆ ਕਿ ਅਧਿਆਪਕਾਂ ਨੂੰ ਕਲਾਸ ਰਜਿਸਟਰ ਵਿੱਚ ਦਰਜ ਬੱਚਿਆਂ ਨੂੰ ਗੋਲੀਆਂ ਦੇਣ ਸਬੰਧੀ ਰਜਿਸਟਰ ਵਿੱਚ ਰਿਕਾਰਡ ਰੱਖਣਾ ਹੋਵੇਗਾ ਅਤੇ ਕਵਰ ਕੀਤੀ ਗਈ ਅਬਾਦੀ ਸਬੰਧੀ ਵਿਸਥਾਰਤ ਰਿਪੋਰਟ ਤਿਆਰ ਕਰਨੀ ਹੋਵੇਗੀ । ਇਸੇ ਤਰ੍ਹਾਂ ਆਸ਼ਾ ਤੇ ਆਂਗਣਵਾੜੀ ਵਰਕਰਾਂ ਵੱਲੋਂ ਵੀ ਰਿਕਾਰਡ ਰੱਖਿਆ ਜਾਵੇਗਾ।
ਸ਼੍ਰੀ ਥੋਰੀ ਨੇ ਦੱਸਿਆ ਕਿ ਪੇਟ ਦੇ ਕੀੜੇ ਖੂਨ ਦੀ ਕਮੀ, ਕੁਪੋਸ਼ਣ ਅਤੇ ਬੱਚਿਆਂ ਦੀ ਮਾਨਸਿਕ ਸਮਰੱਥਾ ’ਤੇ ਵੀ ਮਾੜਾ ਪ੍ਰਭਾਵ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਦਵਾਈ ਬਹੁਤ ਜ਼ਰੂਰੀ ਹੈ। ਇਹ ਬੱਚਿਆਂ ਦੀ ਚੰਗੀ ਸਿਹਤ ਨੂੰ ਬਣਾਈ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਕਈ ਬਿਮਾਰੀਆਂ ਤੋਂ ਬਚਾਉਂਦੀ ਵੀ ਹੈ। ਉਨ੍ਹਾਂ ਦੱਸਿਆ ਕਿ ਐਲਬੈਂਡਾਜੋਲ ਦੀਆਂ ਗੋਲੀਆਂ ਖਾਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਪਹਿਲੀ ਸਤੰਬਰ-2021 ਨੂੰ ਦੂਜੇ ਗੜੇ ਤਹਿਤ ਕਵਰ ਕੀਤਾ ਜਾਵੇਗਾ।