ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਈ ‘ਆਈ-ਐਸਪਾਇਰ’ ਪ੍ਰੋਜੈਕਟ ਦੀ ਸ਼ੁਰੂਆਤ
ਲੁਧਿਆਣਾ , 6 ਮਾਰਚ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ‘ਆਈ-ਐਸਪਾਇਰ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਪ੍ਰੋਜੈਕਟ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਜਿਸਦੇ ਤਹਿਤ 8ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਦੇ ਖੇਤਰਾਂ ਵਿੱਚ ਪੇਸ਼ੇਵਰਾਂ ਨਾਲ ਜੋੜਿਆ ਜਾਵੇਗਾ।
ਪਹਿਲਕਦਮੀ ਤਹਿਤ, ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਸੰਦੀਦਾ ਕਰੀਅਰ ਬਾਰੇ ਪੁੱਛਿਆ ਜਾਵੇਗਾ ਅਤੇ ਉਹਨਾਂ ਦੇ ਜਨੂੰਨ ਦੇ ਆਧਾਰ ‘ਤੇ ਇਕੱਤਰ ਕਰਕੇ ਸਬੰਧਿਤ ਪੇਸ਼ੇਵਰਾਂ ਦੇ ਦਫਤਰਾਂ ਦਾ ਦੌਰਾ ਕਰਵਾਇਆ ਜਾਵੇਗਾ ਜਿਸ ਵਿੱਚ ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ., ਪੀ.ਪੀ.ਐਸ., ਡਾਕਟਰ, ਵਿਗਿਆਨੀ ਅਤੇ ਹੋਰ ਸ਼ਾਮਲ ਹਨ। ਵਿਦਿਆਰਥੀਆਂ ਨੂੰ ਉਹਨਾਂ ਪੇਸ਼ੇਵਰਾਂ ਨਾਲ ਗੱਲਬਾਤ ਕਰਨ ਅਤੇ ਉਹਨਾਂ ਤੋਂ ਸਿੱਖਣ ਦਾ ਮੌਕਾ ਮਿਲੇਗਾ ਜਿਹਨਾਂ ਨਾਲ ਉਹ ਇੱਕ ਦਿਨ ਬਿਤਾਉਣ ਦਾ ਸੁਪਨਾ ਲੈਂਦੇ ਹਨ।
ਆਪਣੇ ਰੋਲ ਮਾਡਲਾਂ ਨੂੰ ਮਿਲਣ ਤੋਂ ਬਾਅਦ, ਵਿਦਿਆਰਥੀ ਆਪਣੇ ਤਜ਼ਰਬਿਆਂ ਨੂੰ ਆਪਣੇ ਸਕੂਲਾਂ ਵਿੱਚ ਦ{ਜੇ ਵਿਦਿਆਰਥੀਆਂ ਨਾਲ ਸਾਂਝਾ ਕਰਨਗੇ ਅਤੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਪ੍ਰੇਰਨਾ ਲੈਣ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਫਲ ਪੇਸ਼ੇਵਰਾਂ ਨਾਲ ਗੱਲਬਾਤ ਕਰਕੇ ਵਿਦਿਆਰਥੀਆਂ ਨੂੰ ਲਗਨ ਅਤੇ ਮਿਹਨਤ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਡਮੁੱਲੀ ਸੂਝ, ਪ੍ਰੇਰਣਾ ਅਤੇ ਮਾਰਗਦਰਸ਼ਨ ਮਿਲੇਗਾ। ਇਸ ਪਹਿਲਕਦਮੀ ਦੀ ਅਗਵਾਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋਂ ਕੀਤੀ ਜਾ ਰਹੀ ਹੈ। ਚਾਹਵਾਨ ਵਿਦਿਆਰਥੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਮਦਦ ਲਈ 77400-01682 ‘ਤੇ ਸੰਪਰਕ ਕਰ ਸਕਦੇ ਹਨ ਜਾਂ ਵੈਬਸਾਈਟ https://tinyurl.com/IAlprogram ‘ਤੇ ਵੀ ਰਜਿਸਟਰੇਸ਼ਨ ਕਰਵਾ ਸਕਦੇ ਹਨ।