ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪਟਿਆਲਾ , 20 ਅਪ੍ਰੈਲ | ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦਦਹੇੜਾ, ਮਹਿਮਦਪੁਰ ਅਤੇ ਧਬਲਾਨ ਮੰਡੀਆਂ ਦਾ ਅੱਜ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ‘ਚ ਕਣਕ ਦੀ ਆਮਦ ਦੇ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਦਿਆਂ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ ਸਾਰੀਆਂ 110 ਮੰਡੀਆਂ ਵਿੱਚ ਖਰੀਦ ਲਈ ਪੁਖਤਾ ਪ੍ਰਬੰਧ ਹਨ ਤੇ ਕਿਸੇ ਵੀ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਐਮ.ਡੀ ਵੇਅਰ ਹਾਊਸ ਕਮਲਜੀਤ ਬਰਾੜ ਅਤੇ ਜ਼ਿਲ੍ਹੇ ਦੇ ਏ.ਡੀ.ਸੀਜ਼ ਅਤੇ ਸਾਰੀਆਂ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼ ਵੱਲੋਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।
ਇਸ ਮੌਕੇ ਏ.ਸੀ.ਐਫ.ਏ. ਰਾਕੇਸ਼ ਗਰਗ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ।
ਕੈਪਸ਼ਨ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਦੇ ਹੋਏ।