ਸਵੀਪ ਗਤੀਵਿਧੀਆਂ ਤਹਿਤ 18 ਮਈ ਨੂੰ ਕਰਵਾਈ ਜਾਣ ਵਾਲੀ ਪਟਿਆਲਾ ਮੈਰਾਥਨ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰਦੇ ਹੋਏ ਏ.ਡੀ.ਸੀ. (ਜ) ਕੰਚਨ।
ਪਟਿਆਲਾ , 13 ਮਈ | ”ਲੋਕ ਸਭਾ ਚੋਣਾਂ ਦੀਆਂ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਵਜੋਂ 18 ਮਈ ਦਿਨ ਸ਼ਨੀਵਾਰ ਨੂੰ ਪੋਲੋ ਗਰਾਊਂਡ ਵਿਖੇ ਸਵੇਰੇ 6 ਵਜੇ ਪਟਿਆਲਾ ਮੈਰਾਥਨ ਨੂੰ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੰਚਨ ਨੇ ਇਸ ਮੈਰਾਥਨ ਦੀ ਸਫ਼ਲਤਾ ਲਈ ਕੀਤੀ ਇੱਕ ਮੀਟਿੰਗ ਨੂੰ ਸੰਬੋਧਨ ਸਾਂਝੀ ਕੀਤੀ।
ਇਸ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੰਚਨ ਨੇ ਪਟਿਆਲਾ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਵੋਟਰ ਜਾਗਰੂਕਤਾ ਮੈਰਾਥਨ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ, ਕਿਉਂਕਿ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਲਈ ਸਰਟੀਫਿਕੇਟ ਵੀ ਦਿੱਤੇ ਜਾਣਗੇ। ਮੀਟਿੰਗ ਮੌਕੇ ਸੋਸਾਇਟੀ ਫਾਰ ਵੈਲਫੇਅਰ ਆਫ਼ ਦੀ ਹੈਂਡੀਕੈਪਡ ਸੈਫਦੀਪੁਰ ਦੇ ਪ੍ਰਬੰਧਕਾਂ ਨੂੰ ਇਸ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਇਸ ਮੈਰਾਥਨ ਮੌਕੇ ਵੋਟਰ ਸਹੁੰ ਅਤੇ ਰਾਸ਼ਟਰੀ ਗੀਤ ਗਾਉਣ ਬਾਰੇ ਕਿਹਾ ਗਿਆ। ਜਦਕਿ ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਸ ਮੈਰਾਥਨ ਵਿੱਚ ਹਿੱਸਾ ਲੈਣ ਲਈ ਪ੍ਰੇਰਤ ਕਰਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ 18 ਮਈ ਦਿਨ ਸ਼ਨੀਵਾਰ ਨੂੰ ਪੋਲੋ ਗਰਾਊਂਡ ਵਿਖੇ ਸਵੇਰੇ 6 ਵਜੇ ਪਟਿਆਲਾ ਮੈਰਾਥਨ ਵਿੱਚ ਹਿੱਸਾ ਲੈਣ ਲਈ ਵੱਧ ਚੜ੍ਹਕੇ ਸ਼ਿਰਕਤ ਕਰਨ ਅਤੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਤਾਂ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲੋਕਤੰਤਰ ਦੀ ਮਜ਼ਬੂਤੀ ਲਈ ਇਸ ਵਾਰ 70 ਫੀਸਦੀ ਤੋਂ ਪਾਰ ਦੇ ਨਾਅਰੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਵੱਧ ਤੋਂ ਵੱਧ ਵੋਟਾਂ ਪੁਆਈਆਂ ਜਾ ਸਕਣ।
ਏ.ਡੀ.ਸੀ. ਨੇ ਅੱਗੇ ਕਿਹਾ ਕਿ ਚੋਣਾਂ ਦਾ ਪਰਵ ਦੇਸ਼ ਦਾ ਗਰਵ ਮਨਾਉਣ ਲਈ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਜਥੇਬੰਦੀਆਂ, ਐਨ.ਐਸ.ਐਸ., ਯੂਥ ਕਲੱਬ, ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵੀ ਇਸ ਮੈਰਾਥਨ ਵਿੱਚ ਹਿੱਸਾ ਲੈਣ ਦਾ ਖੁੱਲ੍ਹਾ ਸੱਦਾ ਹੈ। ਮੀਟਿੰਗ ਮੌਕੇ ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਡੀ.ਡੀ.ਐਫ. ਨਿਧੀ ਮਲਹੋਤਰਾ ਸਮੇਤ ਨੁਮਾਇੰਦੇ ਮੌਜੂਦ ਸਨ।